ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਖ਼ਿਲਾਫ਼ ਕਿਸਾਨਾਂ ਵੱਲੋਂ ਚੱਕਾ ਜਾਮ
ਪੱਤਰ ਪ੍ਰੇਰਕ
ਅਜਨਾਲਾ, 21 ਅਕਤੂਬਰ
ਅੱਜ ਅਜਨਾਲਾ ਤੋਂ ਰਮਦਾਸ ਮੁੱਖ ਸੜਕ ’ਤੇ ਪਿੰਡ ਗੱਗੋਮਾਹਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਅਤੇ ਮੰਡੀਆਂ ਵਿੱਚ ਪਏ ਝੋਨੇ ਦੀ ਚੁਕਾਈ ਨਾ ਕਰਨ ਦੇ ਰੋਸ ਵਜੋਂ ਸੜਕ ਤੇ ਧਰਨਾ ਲਾ ਕੇ ਚੱਕਾ ਜਾਮ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਪਲਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਝੋਨਾ ਖਰੀਦਣ ਦੇ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ ਜਿਸ ਕਾਰਨ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਅਤੇ ਬਾਰਦਾਨਾ ਨਾ ਹੋਣ ਕਾਰਨ ਝੋਨੇ ਦੀ ਚੁਕਾਈ ਨਹੀਂ ਹੋ ਰਹੀ ਜਿਸ ਕਾਰਨ ਕਿਸਾਨਾਂ ਵਿੱਚ ਹਰ ਰੋਜ਼ ਪ੍ਰੇਸ਼ਾਨੀ ਵਧਦੀ ਜਾ ਰਹੀ ਹੈ। ਇਸ ਮੌਕੇ ਚਲਦਿਆਂ ਪ੍ਰਸ਼ਾਸਨ ਵੱਲੋਂ ਐੱਸਡੀਐੱਮ ਅਮਨਦੀਪ ਕੌਰ ਸਮੇਤ ਆਏ ਅਧਿਕਾਰੀਆਂ ਨੇ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਕੱਲ ਤੋਂ ਮੰਡੀ ਗੱਗੋਮਾਹਲ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਪਰੰਤ ਕਿਸਾਨ ਆਗੂਆਂ ਨੇ ਧਰਨਾ ਸਮਾਪਤ ਕੀਤਾ।