ਤਖ਼ਤ ਕੇਸਗੜ੍ਹ ਸਾਹਿਬ ’ਚ ਵੱਡੀ ਗਿਣਤੀ ਸੰਗਤ ਨਤਮਸਤਕ
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 1 ਜਨਵਰੀ
ਨਵੇਂ ਸਾਲ ਦੇ ਪਹਿਲੇ ਦਿਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਸ਼ਰਧਾਲੂਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਇਸ ਮੌਕੇ ਗੁਰਦਾਸਪੁਰ ਤੋਂ ਆਏ ਸਤਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਕਿਹਾ ਕਿ ਉਹ ਹਰ ਸਾਲ ਨਵੇਂ ਸਾਲ ਦੀ ਸ਼ੁਰੂਆਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕ ਕੇ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਸੰਗਤ ਪਿਛਲੇ ਸਾਲਾਂ ਨਾਲੋਂ ਵੱਡੀ ਗਿਣਤੀ ਵਿੱਚ ਇੱਥੇ ਪੁੱਜੀ ਹੈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਵਿਸ਼ੇਸ਼ ਤੌਰ ’ਤੇ ਫੁੱਲਾਂ ਨਾਲ ਸਜਾਇਆ ਗਿਆ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਗਤ ਲਈ ਰਿਹਾਇਸ਼, ਜੋੜੇ ਘਰਾਂ ਤੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ, ਮੀਤ ਮੈਨੇਜਰ ਕਰਮਜੀਤ ਸਿੰਘ, ਸੂਚਨਾ ਅਫਸਰ ਹਰਪ੍ਰੀਤ ਸਿੰਘ ਅਤੇ ਜਗਨੰਦਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਖਰੜ (ਸ਼ਸ਼ੀ ਪਾਲ ਜੈਨ): ਨਵੇਂ ਸਾਲ ਦੀ ਆਮਦ ਸਬੰਧੀ ਅੱਜ ਨਗਰ ਕੌਸਲ ਐਂਪਲਾਈਜ਼ ਯੂਨੀਅਨ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਜੈਮਲ ਸਿੰਘ ਅਤੇ ਭਾਈ ਗੁਰਦੀਪ ਸਿੰਘ ਨੇ ਕੀਰਤਨ ਕੀਤਾ। ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਸਟਾਫ ਦੇ ਸਹਿਯੋਗ ਨਾਲ ਕੌਂਸਲ ਦੀ ਚੜ੍ਹਦੀ ਕਲਾਂ ਲਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਰਜਸਾਧਕ ਅਫ਼ਸਰ ਰਵੀ ਜਿੰਦਲ, ਐਕਸੀਅਨ ਵਿਨੇ ਮਹਾਜਨ, ਪਰਮਿੰਦਰ ਸਿੰਘ ਲੌਂਗੀਆ, ਸੁਰਮੁੱਖ ਸਿੰਘ, ਸੋਹਣ ਸਿੰਘ, ਮਨਮੋਹਨ ਸਿੰਘ, ਜਸਵੀਰ ਸਿੰਘ ਭੋਲਾ, ਗੁਰਪਾਲ ਸਿੰਘ ਤੇ ਜਸਵੀਰ ਸਿੰਘ ਝੁੰਗੀਆਂ ਮੌਜੂਦ ਸਨ। ਇਸੇ ਤਰ੍ਹਾਂ ਰਣਜੀਤ ਨਗਰ ਅਤੇ ਗਾਰਡਨ ਕਲੋਨੀ ਦੇ ਵਸਨੀਕਾਂ ਵੱਲੋਂ ਚਾਹ ਦੇ ਲੰਗਰ ਲਗਾਏ ਗਏ। ਇਸ ਮੌਕੇ ਗੁਰਦੇਵ ਸਿੰਘ, ਮਲਕੀਤ ਸਿੰਘ, ਦਿਲਬਾਗ ਸਿੰਘ ਅਤੇ ਸੋਹਣ ਸਿੰਘ ਮੌਜੂਦ ਸਨ।
ਰਾਜਪਾਲ ਨੇ ਮਾਤਾ ਮਨਸਾ ਦੇਵੀ ਮੰਦਰ ’ਚ ਮੱਥਾ ਟੇਕਿਆ
ਪੰਚਕੂਲਾ (ਪੀਪੀ ਵਰਮਾ): ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਅੱਜ ਨਵੇਂ ਸਾਲ ਉੱਤੇ ਮਾਤਾ ਮਨਸਾ ਦੇਵੀ ਮੰਦਰ ਪੰਚਕੂਲਾ ਵਿੱਚ ਮੱਥਾ ਟੇਕਿਆ ਅਤੇ ਸਤਿ ਚੰਡੀਯੱਗ ਕੀਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਅੱਜ ਉਹਨਾਂ ਨੇ ਮਾਤਾ ਮਨਸਾ ਦੇਵੀ ਮੱਥਾ ਟੇਕ ਕੇ ਹਰਿਆਣਾ ਵਾਸੀਆਂ ਦੀ ਮਨੋਕਾਮਨਾਵਾਂ ਪੂਰੀਆਂ ਕਰਨ ਵਾਸਤੇ ਦੇਵੀ ਦੇ ਦਰਸ਼ਨ ਕੀਤੇ। ਉਨ੍ਹਾਂ ਹਰਿਆਣਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਮਾਤਾ ਮਨਸਾ ਦੇਵੀ ਪੂਜਾ ਸਥੱਲ ਬੋਰਡ ਦੇ ਅਧਿਕਾਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਸ਼ਾਮਲ ਸਨ। ਇਸ ਮੌਕੇ ਰਾਜਪਾਲ ਨੇ ਮਾਤਾ ਮਨਸਾ ਦੇਵੀ ਪੂਜਾ ਸਥੱਲ ਬੋਰਡ ਵੱਲੋਂ ਚਲਾਏ ਜਾ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਲਈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਅਖੰਡ ਪਾਠ ਦੇ ਭੋਗ ਪਾਏ
ਰੂਪਨਗਰ (ਜਗਮੋਹਨ ਸਿੰਘ): ਨਵੇਂ ਵਰ੍ਹੇ ਦੀ ਆਮਦ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਸੀਨੀਅਰ ਪੁਲੀਸ ਕਪਤਾਨ ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਆਰਟੀਏ ਗੁਰਵਿੰਦਰ ਸਿੰਘ ਜੌਹਲ, ਐੱਸਡੀਐੱਮ ਰੂਪਨਗਰ ਸਚਿਨ ਪਾਠਕ, ਐੱਸਡੀਐੱਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ ਅਤੇ ਐੱਸਡੀਐੱਮ ਨੰਗਲ ਅਨਮਜੋਤ ਕੌਰ, ਐੱਸਡੀਐੱਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ ਸਣੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਾਜ਼ਰੀ ਭਰੀ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਆਮਦ ਮੌਕੇ ਵਧਾਈ ਦਿੰਦਿਆਂ ਸਭ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਤੇ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਸੱਦਾ ਦਿੱਤਾ।