ਵਿਸਾਖੀ ਮੇਲੇ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ
ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 12 ਅਪਰੈਲ
ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਬੀਤੇ ਕੱਲ੍ਹ ਤੋਂ ਰਸਮੀ ਤੌਰ ’ਤੇ ਸ਼ੁਰੂ ਹੋਏ ਚਾਰ ਰੋਜ਼ਾ ਵਿਸਾਖੀ ਮੇਲੇ ਦੇ ਅੱਜ ਦੂਜੇ ਦਿਨ ਵੱਡੀ ਗਿਣਤੀ ਸੰਗਤ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰਕੇ ਤਖ਼ਤ ਸਾਹਿਬ ਸਮੇਤ ਇੱਥੋਂ ਦੇ ਹੋਰ ਧਾਰਮਿਕ ਅਸਥਾਨਾਂ ਵਿੱਚ ਮੱਥਾ ਟੇਕਿਆ। ਇਸ ਮੌਕੇ ਸੰਗਤ ਲਈ ਰਾਤ ਦੀ ਠਹਿਰ ਅਤੇ ਲੰਗਰ ਵਸਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਤਖ਼ਤ ਸਾਹਿਬ ਸਮੇਤ ਇੱਥੋਂ ਦੇ ਹੋਰ ਧਾਰਮਿਕ ਅਸਥਾਨਾਂ, ਰਸਤਿਆਂ, ਚੌਕਾਂ ਅਤੇ ਹੋਰ ਇਮਾਰਤਾਂ ਨੂੰ ਰੰਗਦਾਰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ। ਮੇਲੇ ਵਿੱਚ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਵੱਡੀ ਗਿਣਤੀ ਸਾਦੇ ਕੱਪੜੀ ਪੁਲੀਸ ਅਤੇ ਖੁਫੀਆ ਤੰਤਰ ਤਾਇਨਾਤ ਕੀਤਾ ਗਿਆ ਹੈ। ਮੇਲੇ ਦੇ ਮੁੱਖ ਦਿਨ 13 ਅਪਰੈਲ ਨੂੰ ਸ਼੍ਰੋਮਣੀ ਅਕਾਲੀ ਦਲ (ਬ), ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਵਾਰਿਸ ਪੰਜਾਬ ਦੇ ਅਤੇ ਬਸਪਾ ਵੱਲੋਂ ਕੀਤੀਆਂ ਜਾ ਰਹੀਆਂ ਸਿਆਸੀ ਕਾਨਫਰੰਸਾਂ ਵਿੱਚ ਵੱਡੇ ਇਕੱਠ ਕਰਨ ਲਈ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ ਜਿਨ੍ਹਾਂ ਵਿੱਚ ਲੀਡਰਾਂ ਵੱਲੋਂ ਆਪਣੇ ਭਾਸ਼ਣਾਂ ਵਿੱਚ ਪੰਜਾਬ ਦੀ ਸੱਤਾਧਾਰੀ ‘ਆਪ’ ਅਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨੇ ਸੇਧੇ ਜਾਣ ਅਤੇ ਆਪਣੇ ਹੋਰ ਵਿਰੋਧੀਆਂ ਨੂੰ ਆੜੇ ਹੱਥੀਂ ਲੈਣ ਦੇ ਕਿਆਸੇ ਲਾਏ ਜਾ ਰਹੇ ਹਨ। ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਦੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਨਾਲ ਅਕਾਲੀ ਦਲ ਦੀ ਭਲਕੇ ਹੋਣ ਵਾਲੀ ਕਾਨਫਰੰਸ ਲਈ ਪਾਰਟੀ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵਿਸਾਖੀ ਮੇਲੇ ਦੇ ਮੁੱਖ ਦਿਨ ਲੱਖਾਂ ਦੀ ਤਾਦਾਦ ਵਿੱਚ ਸੰਗਤ ਦੇ ਪੁੱਜਣ ਦੀ ਆਸ ਹੈ।