ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਵੱਡੀ ਗਿਣਤੀ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਅਪਰੈਲ
ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਮੌਕੇ ਅੱਜ ਹਰਿਮੰਦਰ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਖਾਲਸਾ ਸਾਜਨਾ ਦਿਵਸ, ਵਿਸਾਖੀ ਤੇ ਐਤਵਾਰ ਇਕੱਠੇ ਹੋਣ ਕਾਰਨ ਅੱਜ ਇੱਥੇ ਸੰਗਤਾਂ ਦੀ ਭਾਰੀ ਆਮਦ ਹੈ। ਸ਼ਰਧਾਲੂ ਪਾਵਨ ਸਰੋਵਰ ਵਿੱਚ ਇਸ਼ਨਾਨ ਕਰ ਰਹੇ ਹਨ ਅਤੇ ਗੁਰਬਾਣੀ ਦੇ ਕੀਰਤਨ ਦਾ ਵੀ ਆਨੰਦ ਲੈ ਰਹੇ ਹਨ।

ਇਸ ਪਾਵਨ ਉਤਸਵ ਮੌਕੇ ਸ੍ਰੀ ਅਕਾਲ ਤਖਤ ਵਿਖੇ ਵੱਡੀ ਗਿਣਤੀ ਵਿੱਚ ਅੰਮ੍ਰਿਤ ਸੰਚਾਰ ਦਾ ਪ੍ਰਬੰਧ ਕੀਤਾ ਗਿਆ ਹੈ। ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਹੋਵੇਗਾ। ਰਾਤ ਨੂੰ ਦੀਪ ਮਾਲਾ ਹੋਵੇਗੀ ਅਤੇ ਰਹਿਰਾਸ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ।
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ਜਿਵੇਂ ਹੀ ਕਿਵਾੜ ਖੁੱਲ੍ਹੇ ਹਨ ਅਤੇ ਗੁਰੂ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ, ਉਸ ਵੇਲੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਦਰਸ਼ਨਾਂ ਲਈ ਆ ਰਹੀਆਂ ਹਨ ਅਤੇ ਇਸ ਵੇਲੇ ਤੱਕ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਅੱਜ ਦੇ ਦਿਵਸ ਲਈ ਮਿੱਠੇ ਪਕਵਾਨ ਸਮੇਤ ਵਿਸ਼ੇਸ਼ ਪਕਵਾਨਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਭਾਰੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਇਸ ਦੌਰਾਨ ਸੰਗਤਾਂ ਵੱਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ ਲੰਗਰ ਵੀ ਲਾਏ ਗਏ ਹਨ। ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਗੁਰਦੁਆਰਿਆਂ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਹਨ ਅਤੇ ਗੁਰਬਾਣੀ ਦੇ ਕੀਰਤਨ ਤੋਂ ਇਲਾਵਾ ਲੰਗਰ ਵੀ ਲਾਏ ਗਏ ਹਨ।