ਵੱਡੀ ਗਿਣਤੀ ਪੰਚਾਇਤਾਂ ਵਿਧਾਇਕ ਪਠਾਣਮਾਜਰਾ ਕੋਲ ਪੁੱਜੀਆਂ
ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 17 ਅਕਤੂਬਰ
ਹਲਕਾ ਸਨੌਰ ਦੇ ਬਲਾਕ ਭੁਨਰਹੇੜੀ ਅਤੇ ਬਲਾਕ ਸਨੌਰ ਦੀਆਂ ਕਈ ਪੰਚਾਇਤਾਂ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਰਿਹਾਇਸ਼ ’ਤੇ ਪੁੱਜ ਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ।
ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਜੇਤੂ ਪੰਚਾਂ-ਸਰਪੰਚਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਿਰੋਪੇ ਦੇ ਕੇ ਸਨਮਾਨਿਆ। ਉਨ੍ਹਾਂ ਨੇ ਪਿੰਡਾਂ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸਮੂਹ ਵੋਟਰਾਂ ਅਤੇ ਆਮ ਨਾਗਰਿਕਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਨੇ ਸਰਪੰਚਾਂ ਤੇ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਅਤੇ ਲੋਕ ਭਲਾਈ ਕੰਮਾਂ ਨੂੰ ਤਰਜੀਹ ਦੇਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਚਾਇਤ ਕਿਸੇ ਇੱਕ ਪਾਰਟੀ ਦੀ ਨਹੀਂ ਹੁੰਦੀ ਸਗੋਂ ਉਹ ਪੂਰੇ ਪਿੰਡ ਦੀ ਨੁਮਾਇੰਦਾ ਜਮਾਤ ਹੁੰਦੀ ਹੈ। ਇਸ ਲਈ ਨਿਰਪੱਖ ਅਤੇ ਪਾਰਦਰਸ਼ਤਾ ਨਾਲ ਵਿਕਾਸ ਦੇ ਨਾਲ-ਨਾਲ ਆਪਸੀ ਭਾਈਚਾਰੇ ਨੂੰ ਕਾਇਮ ਰੱਖਿਆ ਜਾਵੇ।
ਵਿਧਾਇਕ ਪਠਾਣਮਾਜਰਾ ਨੇ ਨਵੀਆਂ ਪੰਚਾਇਤਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ।