ਸਿੱਖ ਧਰਮ ਦੇ ਪ੍ਰਚਾਰ ਤੇ ਪਸਾਰ ਲਈ ਅਕਾਲ ਤਖ਼ਤ ਦੇ ਜਥੇਦਾਰ ਨੂੰ ਲਿਖਿਆ ਪੱਤਰ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 17 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਸ਼ਮਸ਼ੇਰ ਸਿੰਘ ਪੁਰਖਾਲਵੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘੁਬੀਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕੌਮ ਦੇ ਨਿਘਾਰ ਨੂੰ ਠੱਲ੍ਹ ਪਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਸਥਾਪਿਤ ਗੁਰਦੁਆਰਾ ਸਾਹਿਬਾਨ ਦੇ ਬਰਾਬਰ ਲਗਾਤਾਰ ਤੇਜ਼ੀ ਨਾਲ ਬਾਬਿਆਂ ਦੇ ਡੇਰੇ ਆਬਾਦ ਹੋ ਰਹੇ ਹਨ, ਜੋ ਸਿੱਖੀ ਸਿਧਾਂਤਾਂ ਨੂੰ ਤਾਂ ਢਾਹ ਲਗਾ ਹੀ ਰਹੇ ਹਨ, ਨਾਲ ਹੀ ਭੋਲੇ ਭਾਲੇ ਲੋਕਾਂ ਨੂੰ ਆਪਣੇ ਭਰਮ ਜਾਲ ਵਿੱਚ ਫਸਾ ਕੇ ਕੁਰਾਹੇ ਪਾਉਣ ਦੀ ਕੋਈ ਕਸਰ ਬਾਕੀ ਨਹੀਂ ਛੱਡ ਰਹੇ।
ਉਨ੍ਹਾਂ ਨੇ ਸਿੰਘ ਸਾਹਿਬ ਤੋਂ ਮੰਗ ਕੀਤੀ ਕਿ ਸਿੱਖ ਧਰਮ ਦੇ ਪ੍ਰਚਾਰ ਤੇ ਪਸਾਰ ਲਈ ਠੋਸ ਕਦਮ ਚੁੱਕੇ ਜਾਣ। ਅਕਾਲੀ ਆਗੂ ਨੇ ਕਿਹਾ ਕਿ ਵੋਟਾਂ ਦੀ ਖੇਤੀ ਕਰਨ ਲਈ ਸਮੇਂ ਸਮੇਂ ਦੀਆਂ ਹਕੂਮਤਾਂ ਵੱਲੋਂ ਵੀ ਅਜਿਹੇ ਡੇਰਿਆਂ ਨੂੰ ਉਭਾਰਨ ਲਈ ਆਪੋ-ਆਪਣਾ ਯੋਗਦਾਨ ਪਾਇਆ ਗਿਆ ਹੈ। ਇੱਕ ਨਿਮਾਣਾ ਸਿੱਖ ਹੋਣ ਦੇ ਨਾਤੇ ਉਹ ਇਸ ਤ੍ਰਾਸਦੀ ਤੋਂ ਕਾਫ਼ੀ ਚਿੰਤਾ ਮਹਿਸੂਸ ਕਰਦੇ ਹਨ, ਜਿਸ ਕਾਰਨ ਅਜੋਕੇ ਸਮੇਂ ਦੀ ਤ੍ਰਾਸਦੀਆਂ ਅਤੇ ਚੁਨੌਤੀਆਂ ਨੂੰ ਸਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਜਿਹੇ ਡੇਰਿਆਂ ਅਤੇ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਸਬੰਧੀ ਤਾਜ਼ਾ ਆਦੇਸ਼ ਜਾਰੀ ਕੀਤੇ ਜਾਣ।