ਦੇਸ਼ ਦੀ ਸੁਰੱਖਿਆ ਦਾ ਮਾਮਲਾ: ਸੰਜੈ ਸਿੰਘ ਨੇ ਕੇਂਦਰ ਸਰਕਾਰ ਨੂੰ ਘੇਰਿਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਅਕਤੂਬਰ
ਦੇਸ਼ ਵਿੱਚ ਹਰ ਰੋਜ਼ ਹਵਾਈ ਜਹਾਜ਼, ਸਕੂਲ ਅਤੇ ਮੰਦਰਾਂ ਨੂੰ ਉਡਾਉਣ ਦੀਆਂ ਧਮਕੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਲਗਾਤਾਰ ਦੂਜੇ ਦਿਨ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਦੂਜੇ ਦਿਨ ਵੀ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ ਕਰਦੇ ਹੋਏ ਦੇਸ਼ ਦੀ ਅੰਦਰੂਨੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਭੈਅ ਅਤੇ ਦਹਿਸ਼ਤ ਵਿਚ ਡੁੱਬਿਆ ਹੋਇਆ ਹੈ, ਹਰ ਰੋਜ਼ ਹਵਾਈ ਜਹਾਜ਼ਾਂ, ਸਕੂਲਾਂ ਅਤੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ ਪਰ ਪ੍ਰਧਾਨ ਮੰਤਰੀ ਮੋਦੀ ਇਸ ਸੰਵੇਦਨਸ਼ੀਲ ਮੁੱਦੇ ’ਤੇ ਚੁੱਪ ਧਾਰੀ ਬੈਠੇ ਹਨ। ਉਨ੍ਹਾਂ ਪੁੱਛਿਆ ਕਿ ਇਹ ਧਮਕੀਆਂ ਦੇਣ ਵਾਲੇ ਕੌਣ ਹਨ, ਭਾਜਪਾ ਦੀ ਕੇਂਦਰ ਸਰਕਾਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਸਰਕਾਰ ਨੇ ਇਨ੍ਹਾਂ ਨੂੰ ਰੋਕਣ ਲਈ ਹੁਣ ਤੱਕ ਕੀ ਕਦਮ ਚੁੱਕੇ ਹਨ। ਦੇਸ਼ ਦੀ ਸੰਸਦ ਵੀ ਭਾਜਪਾ ਸਰਕਾਰ ਵਿੱਚ ਸੁਰੱਖਿਅਤ ਨਹੀਂ ਹੈ, ਜਿੱਥੇ ਸੁਰੱਖਿਆ ‘ਚ ਵੱਡੀ ਕਮੀ ਆਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸੁਰੱਖਿਆ ਵਿੱਚ ਢਿੱਲ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਲਈ ਕੇਂਦਰ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਅਤੇ ਜਵਾਬਦੇਹ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਡਰ ਅਤੇ ਦਹਿਸ਼ਤ ਨਾਲ ਮੰਡਰਾ ਰਿਹਾ ਹੈ। ਲੋਕ ਡਰੇ ਹੋਏ ਹਨ।