ਕਿਸਾਨ-ਮਜ਼ਦੂਰ ਆਗੂਆਂ ਦੀ ਮੁੱਖ ਮੰਤਰੀ ਨਾਲ ਬੈਠਕ ਅੱਜ
* ਮੀਂਹ ਦੇ ਬਾਵਜੂਦ ਚੌਥੇ ਦਿਨ ਮੋਰਚੇ ’ਤੇ ਡਟੇ ਰਹੇ ਕਿਸਾਨ
* ਮੰਗਾਂ ਦੇ ਨਿਪਟਾਰੇ ਤੱਕ ਮੋਰਚਾ ਜਾਰੀ ਰੱਖਣ ਦਾ ਐਲਾਨ
ਆਤਿਸ਼ ਗੁਪਤਾ
ਚੰਡੀਗੜ੍ਹ, 4 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਇਥੇ ਸੈਕਟਰ-34 ਦੇ ਦਸਹਿਰਾ ਗਰਾਊਂਡ ਵਿੱਚ ਲਗਾਏ ‘ਖੇਤੀ ਨੀਤੀ ਮੋਰਚਾ’ ਦੇ ਚੌਥੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਚੇ ਦੀ ਅਗਵਾਈ ਕਰ ਰਹੀਆਂ ਦੋਵੇਂ ਜਥੇਬੰਦੀਆਂ ਦੇ ਆਗੂਆਂ ਨਾਲ ਭਲਕੇ 5 ਸਤੰਬਰ ਨੂੰ ਮੀਟਿੰਗ ਸੱਦ ਲਈ ਹੈ। ਬੈਠਕ ਵੀਰਵਾਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਪੰਜਾਬ ਭਵਨ ਚੰਡੀਗੜ੍ਹ ਵਿਚ ਹੋਵੇਗੀ। ਏਡੀਜੀਪੀ ਜਸਕਿਰਨ ਸਿੰਘ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਤੋਂ ਬਾਅਦ ਇਸ ਬੈਠਕ ਬਾਰੇ ਪੁਸ਼ਟੀ ਕੀਤੀ ਹੈ। ਇਸ ਤਜਵੀਜ਼ਤ ਮੀਟਿੰਗ ਵਿੱਚ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ 10 ਆਗੂ ਸ਼ਾਮਲ ਹੋਣਗੇ। ਉਂਜ ਕਿਸਾਨ-ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਦੇ ਨਿਪਟਾਰੇ ਤੱਕ ਇਹ ਮੋਰਚਾ ਜਾਰੀ ਰਹੇਗਾ। ਇਸ ਤੋਂ ਪਹਿਲਾਂ ‘ਖੇਤੀ ਨੀਤੀ ਮੋਰਚਾ’ ਦੇ ਚੌਥੇ ਦਿਨ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਨੌਜਵਾਨ, ਔਰਤਾਂ ਅਤੇ ਬਜ਼ੁਰਗਾਂ ਨੇ ਧਰਨੇ ਵਾਲੀ ਥਾਂ ਸ਼ਮੂਲੀਅਤ ਕੀਤੀ। ਕਿਸਾਨ-ਮਜ਼ਦੂਰਾਂ ਦੇ ਵੱਡੇ ਇਕੱਠ ਨੂੰ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਲੱਛਮਣ ਸਿੰਘ ਸੇਵੇਵਾਲਾ, ਸ਼ਿੰਗਾਰਾ ਸਿੰਘ ਮਾਨ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂ ਗੁਰਬਖਸ਼ ਸਿੰਘ, ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ, ਜਮਹੂਰੀ ਅਧਿਕਾਰ ਸਭਾ ਇਕਾਈ ਚੰਡੀਗੜ੍ਹ ਦੇ ਆਗੂ ਮਨਪ੍ਰੀਤ ਜਸ, ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਆਗੂ ਗੁਰਪ੍ਰੀਤ ਸਿੰਘ, ਚੰਨੋ ਫੈਕਟਰੀ ਦੇ ਆਗੂ ਹਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਸਾਨ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਲਾਏ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ। ਕਿਸਾਨਾਂ ਤੇ ਮਜ਼ਦੂਰ ਆਗੂਆਂ ਨੇ ਵਿਧਾਨ ਸਭਾ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਬੰਧਤ ਧਿਰਾਂ ਦੀ ਸਲਾਹ ਤੋਂ ਬਾਅਦ ਖੇਤੀ ਨੀਤੀ ਲਾਗੂ ਕਰਨ ਵਾਲੇ ਬਿਆਨ ਨੂੰ ਕਿਸਾਨ ਮਜ਼ਦੂਰ ਮੋਰਚੇ ਦੇ ਦਬਾਅ ਦਾ ਸਿੱਟਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਖੇਤੀ ਨੀਤੀ ਸਬੰਧੀ ਜਥੇਬੰਦੀਆਂ ਵੱਲੋਂ ਅਤੇ ਖੇਤੀ ਨੀਤੀ ਬਣਾਉਣ ਲਈ ਗਠਿਤ ਕਮੇਟੀ ਵੱਲੋਂ ਪਿਛਲੇ ਵਰ੍ਹੇ ਆਪਣੇ ਲਿਖਤੀ ਸੁਝਾਅ ਸਰਕਾਰ ਨੂੰ ਸੌਂਪਣ ਦੇ ਬਾਵਜੂਦ ਸਬੰਧਤ ਧਿਰਾਂ ਨਾਲ ਚਰਚਾ ਕਰਨ ਦੀ ਥਾਂ ਮੁੱਖ ਮੰਤਰੀ ਖੇਤੀ ਨੀਤੀ ਲਾਗੂ ਕਰਨ ਤੋਂ ਟਾਲ-ਮਟੋਲ ਕਰਨਾ ਚਾਹੁੰਦੇ ਹਨ। ਅੱਜ ਵੀ ਪੰਜਾਬ ਦੀਆਂ ਦਰਜਨਾਂ ਮੁਲਾਜ਼ਮ ਜਥੇਬੰਦੀਆਂ ਨੇ ਮੋਰਚੇ ਦੀ ਹਮਾਇਤ ਕਰਦਿਆਂ ਸੂਬੇ ਭਰ ’ਚ ਜ਼ਿਲ੍ਹਾ ਤੇ ਤਹਿਸੀਲ ਦਫ਼ਤਰਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ।
ਬਾਜਵਾ ਦਾ ਬਿਆਨ ਮੰਦਭਾਗਾ ਕਰਾਰ
ਆਗੂਆਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਿਸਾਨੀ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਕਮੇਟੀਆਂ ਮਸਲੇ ਹੱਲ ਕਰਨ ਦੀ ਥਾਂ ਇਨ੍ਹਾਂ ਨੂੰ ਠੰਢੇ ਬਸਤੇ ’ਚ ਪਾਉਣ ਲਈ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਤੇ ਖੇਤ ਮਜ਼ਦੂਰ ਜਥੇਬੰਦੀ ਵੱਲੋਂ ਪੇਸ਼ ਖੇਤੀ ਨੀਤੀ ਕਿਸਾਨਾਂ ਮਜ਼ਦੂਰਾਂ ਨੂੰ ਗਰੀਬੀ, ਬੇਰੁਜ਼ਗਾਰੀ ਅਤੇ ਖ਼ੁਦਕੁਸ਼ੀਆਂ ਵਿੱਚੋਂ ਕੱਢਣ ਤੋਂ ਇਲਾਵਾ ਵਾਤਾਵਰਨ ਨੂੰ ਬਚਾਉਣ, ਮਹਿੰਗਾਈ ਨੂੰ ਠੱਲ੍ਹ ਪਾਉਣ ਅਤੇ ਸਮੁੱਚੇ ਦੇਸ਼ ਦੇ ਵਿਕਾਸ ਦਾ ਰਾਹ ਖੋਲ੍ਹਣ ਵਾਲੀ ਹੈ।
ਕੈਬਨਿਟ ਮੀਟਿੰਗ ਅੱਜ, ਕਿਸਾਨਾਂ ਦੀਆਂ ਮੰਗਾਂ ’ਤੇ ਹੋ ਸਕਦੈ ਫ਼ੈਸਲਾ
ਚੰਡੀਗੜ੍ਹ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਵੀਰਵਾਰ ਸਵੇਰੇ 11 ਵਜੇ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਹਾਲਾਂਕਿ ਸੂਬਾ ਸਰਕਾਰ ਵੱਲੋਂ ਐਮਰਜੈਂਸੀ ’ਚ ਸੱਦੀ ਗਈ ਮੀਟਿੰਗ ਦਾ ਏਜੰਡਾ ਜਨਤਕ ਨਹੀਂ ਕੀਤਾ ਗਿਆ ਹੈ ਪਰ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ 5 ਸਤੰਬਰ ਨੂੰ ਬਾਅਦ ਦੁਪਹਿਰ ਪੰਜਾਬ ਭਵਨ ’ਚ ਕਿਸਾਨਾਂ ਅਤੇ ਮਜ਼ਦੂਰ ਆਗੂਆਂ ਨਾਲ ਮੀਟਿੰਗ ਰੱਖੀ ਗਈ ਹੈ। ਇਸ ਲਈ ਸੂਬਾ ਸਰਕਾਰ ਕਿਸਾਨਾਂ ਅਤੇ ਮਜ਼ਦੂਰ ਆਗੂਆਂ ਨਾਲ ਮੀਟਿੰਗ ਤੋਂ ਪਹਿਲਾਂ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ।