ਬੰਬੀਹਾ ਗਰੁੱਪ ਦਾ ਮੈਂਬਰ ਪੁਲੀਸ ਹਿਰਾਸਤ ’ਚੋਂ ਫਰਾਰ
ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 15 ਜੁਲਾਈ
ਫ਼ਰੀਦਕੋਟ ਪੁਲੀਸ ਵੱਲੋਂ ਹਫਤਾ ਪਹਿਲਾਂ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ ਬੰਬੀਹਾ ਗਰੁੱਪ ਦਾ ਗੈਂਗਸਟਰ ਸੁਰਿੰਦਰਪਾਲ ਸਿੰਘ ਉਰਫ਼ ਬਿੱਲਾ ਅੱਜ ਤੜਕੇ ਪੁਲੀਸ ਹਿਰਾਸਤ ’ਚੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ 11 ਜੁਲਾਈ ਨੂੰ ਮੁਕਾਬਲੇ ਦੌਰਾਨ ਗੈਂਗਸਟਰ ਬਿੱਲੇ ਦੇ ਗੋਲੀ ਵੱਜੀ ਸੀ। ਪੁਲੀਸ ਨੇ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾਖਲ ਕਰਵਾਇਆ ਸੀ। ਅੱਜ ਸਵੇਰੇ 4 ਵਜੇ ਗੈਂਗਸਟਰ ਬਿੱਲਾ ਬਾਥਰੂਮ ਲਈ ਆਪਣੇ ਵਾਰਡ ’ਚੋਂ ਬਾਹਰ ਆਇਆ ਅਤੇ ਪੁਲੀਸ ਮੁਲਾਜ਼ਮਾਂ ਨੂੰ ਝਕਾਨੀ ਦੇ ਕੇ ਫਰਾਰ ਹੋ ਗਿਆ। ਇਸ ਬਾਰੇ ਸੂਚਨਾ ਮਿਲਦੇ ਹੀ ਪੁਲੀਸ ਨੇ ਜ਼ਿਲ੍ਹੇ ਭਰ ਵਿੱਚ ਨਾਕੇ ਲਾ ਕੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ ਪਰ ਖਬਰ ਲਿਖੇ ਜਾਣ ਤੱਕ ਪੁਲੀਸ ਬਿੱਲੇ ਨੂੰ ਲੱਭ ਨਹੀਂ ਸਕੀ। ਸੁਰਿੰਦਰਪਾਲ ਬਿੱਲਾ ਬੰਬੀਹਾ ਗਰੁੱਪ ਦਾ ਸਰਗਰਮ ਮੈਂਬਰ ਦੱਸਿਆ ਜਾ ਰਿਹਾ ਹੈ। ਉਸ ਨੇ 6 ਜੁਲਾਈ ਨੂੰ ਜੈਤੋ ਦੇ ਇੱਕ ਵਪਾਰੀ ਵੱਲੋਂ ਫਿਰੌਤੀ ਦੇਣ ਤੋਂ ਇਨਕਾਰ ਕਰਨ ’ਤੇ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਸਨ।
ਉਸ ਖ਼ਿਲਾਫ਼ ਫਰੀਦਕੋਟ ਜ਼ਿਲ੍ਹੇ ਵਿੱਚ ਤਿੰਨ ਅਪਰਾਧਿਕ ਕੇਸ ਦਰਜ ਹਨ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਪੁਲੀਸ ਹਿਰਾਸਤ ’ਚੋਂ ਭੱਜਣ ਵਾਲੇ ਸੁਰਿੰਦਰਪਾਲ ਸਿੰਘ ਉਰਫ਼ ਬਿੱਲਾ ਦੀ ਭਾਲ ਕੀਤੀ ਜਾ ਰਹੀ ਹੈ।