ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕਰ ਕੇ ਇਕਜੁੱਟਤਾ ਦਾ ਸੁਨੇਹਾ
ਦਵਿੰਦਰ ਪਾਲ
ਚੰਡੀਗੜ੍ਹ, 27 ਜਨਵਰੀ
ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਨੇ ਟਰੈਕਟਰ ਮਾਰਚ ਕਰ ਕੇ 16 ਫਰਵਰੀ ਨੂੰ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਕਿਸਾਨ ਜਥੇਬੰਦੀਆਂ ਨੇ ਦਾਅਵਾ ਕੀਤਾ ਕਿ ਸੂਬੇ ਭਰ ’ਚ 10 ਹਜ਼ਾਰ ਤੋਂ ਵੱਧ ਟਰੈਕਟਰਾਂ ਰਾਹੀਂ ਮਾਰਚ ਕੱਢ ਕੇ ਇਕਜੁੱਟਤਾ ਦਾ ਸੁਨੇਹਾ ਦਿੱਤਾ ਗਿਆ ਹੈ। ਟਰੇਡ ਯੂਨੀਅਨਾਂ ਅਤੇ ਹੋਰ ਜਨਤਕ ਜਥੇਬੰਦੀਆਂ ਨੇ ਵੀ ਇਸ ਮਾਰਚ ਨੂੰ ਹਮਾਇਤ ਦਿੱਤੀ। ਮਾਰਚ ਦੌਰਾਨ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ’ਤੇ ਲੀਕ ਮਾਰਨ, ਸਾਰੀਆਂ ਫ਼ਸਲਾਂ ਦਾ ਐੱਮਐੱਸਪੀ ਤੇ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ, ਖੇਤੀ ਲਾਗਤ ਵਸਤਾਂ ਦੀਆਂ ਕੀਮਤਾਂ ਘਟਾਉਣ, ਪ੍ਰੀਪੇਡ ਮੀਟਰਾਂ ਦੀ ਨੀਤੀ ਵਾਪਸ ਲੈਣ, ਸਰਲ ਅਤੇ ਸਰਕਾਰੀ ਫ਼ਸਲ ਬੀਮਾ ਯੋਜਨਾ ਲਾਗੂ ਕਰਨ, ਕਿਸਾਨ ਪਰਿਵਾਰਾਂ ਲਈ ਦਸ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਚਾਰ ਲੇਬਰ ਕੋਡ ਰੱਦ ਕਰਨ ਦੇ ਨਾਲ ਨਾਲ ਬਿਜਲੀ, ਰੇਲਵੇ ਸਣੇ ਜਨਤਕ ਖੇਤਰ ਦੇ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਨ ਦੀ ਮੰਗ ਕੀਤੀ ਗਈ।
ਕਿਸਾਨ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਰਾਮਿੰਦਰ ਸਿੰਘ ਪਟਿਆਲਾ ਨੇ ਵੱਖੋ-ਵੱਖਰੇ ਬਿਆਨਾਂ ਰਾਹੀਂ ਦੱਸਿਆ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਟਰੈਕਟਰ ਚਾਲਕਾਂ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਲਾਏ ਗਏ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਰੋਸ ਮਾਰਚਾਂ ਵਿੱਚ ਸੈਂਕੜੇ ਔਰਤਾਂ ਸਣੇ 20,000 ਦੇ ਕਰੀਬ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਮਾਰਚ ਸ਼ੁਰੂ ਕਰਨ ਮੌਕੇ ਥਾਂ-ਥਾਂ ਜੁੜੇ ਕਿਸਾਨਾਂ-ਮਜ਼ਦੂਰਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਲਿਖਤੀ ਵਾਅਦਿਆਂ ਤੋਂ ਭੱਜ ਰਹੀ ਹੈ। ਇਸੇ ਤਰ੍ਹਾਂ ਮਜ਼ਦੂਰ ਵਿਰੋਧੀ ਕਾਨੂੰਨ ਪਾਸ ਕਰ ਕੇ ਤੇ ਨਿੱਜੀਕਰਨ ਦੀਆਂ ਸਾਮਰਾਜੀ ਨੀਤੀਆਂ ਲਾਗੂ ਕਰ ਕੇ ਸਾਰੇ ਕਿਰਤੀ ਵਰਗਾਂ ਦੇ ਸ਼ੋਸ਼ਣ ਦਾ ਮੁੱਢ ਬੰਨ੍ਹਿਆ ਜਾ ਰਿਹਾ ਹੈ। ਮਹਿੰਗਾਈ ਅਤੇ ਬੇਰੁਜ਼ਗਾਰੀ ਹੱਦਾਂ ਬੰਨੇ ਟੱਪ ਰਹੀ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁੜ ਉਲੀਕੇ ਗਏ ਲੰਬੇ ਸੰਘਰਸ਼ ਦੇ ਅਗਲੇ ਪੜਾਅ ਤਹਿਤ 16 ਫਰਵਰੀ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਿਸਾਨਾਂ-ਮਜ਼ਦੂਰਾਂ ਤੋਂ ਇਲਾਵਾ ਮੁਲਾਜ਼ਮ, ਵਪਾਰੀ, ਦੁਕਾਨਦਾਰ, ਡਰਾਈਵਰ ਅਤੇ ਹੋਰ ਤਬਕੇ ਵੀ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ। ਉਨ੍ਹਾਂ ਨੇ ਸਮਾਜ ਦੇ ਸਾਰੇ ਤਬਕਿਆਂ ਨੂੰ ਇਸ ਬੰਦ ਨੂੰ ਵਿਆਪਕ ਸਮਰਥਨ ਦੇਣ ਦੀ ਅਪੀਲ ਕਰਦਿਆਂ ਕਿਸਾਨਾਂ ਨੂੰ ਇਸ ਬੰਦ ਨੂੰ ਸਫਲ ਬਣਾਉਣ ਲਈ ਲਾਮਬੰਦੀ ਕਰਨ ਦਾ ਸੱਦਾ ਦਿੱਤਾ। ਵੱਖ-ਵੱਖ ਥਾਈਂ ਕਿਸਾਨਾਂ ਵੱਲੋਂ ਕੱਢੇ ਮਾਰਚਾਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ, ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ, ਬੂਟਾ ਸਿੰਘ ਬੁਰਜਗਿੱਲ, ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਸ਼ਾਦੀਪੁਰ, ਸਤਨਾਮ ਸਿੰਘ ਬਹਿਰੂ ਤੇ ਕੰਵਲਪ੍ਰੀਤ ਸਿੰਘ ਪੰਨੂ ਸਣੇ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ।