ਡੇਅਰੀ ਕਿੱਤੇ ਨੂੰ ਸੂਚਨਾ ਤਕਨਾਲੋਜੀ ਨਾਲ ਸੁਧਾਰਨ ਦਾ ਸੁਨੇਹਾ
ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਨਵੰਬਰ
ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਅਤੇ ਇੰਡੀਅਨ ਡੇਅਰੀ ਐਸੋਸੀਏਸ਼ਨ ਪੰਜਾਬ ਚੈਪਟਰ ਦੇ ਸਾਂਝੇ ਸਹਿਯੋਗ ਨਾਲ ਯੂਨੀਵਰਸਿਟੀ ਵਿੱਚ ਕੌਮੀ ਦੁੱਧ ਦਿਵਸ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਚਿੱਟੀ ਕ੍ਰਾਂਤੀ ਦੇ ਪਿਤਾਮਾ ਡਾ. ਵਰਗੀਜ਼ ਕੁਰੀਅਨ ਦੇ ਜਨਮਦਿਨ ਨੂੰ ਸਮਰਪਿਤ ਸੀ ਜੋ ‘ਡੇਅਰੀ ਵਿੱਚ ਸੂਚਨਾ ਤਕਨਾਲੋਜੀ ਅਤੇ ਮਸਨੂਈ ਬੁੱਧੀ ਦੀ ਪਰਿਵਰਤਨਕਾਰੀ ਭੂਮਿਕਾ’ ਵਿਸ਼ੇ ’ਤੇ ਕੇਂਦਰਿਤ ਸੀ। ਇਸ ਮੌਕੇ ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਕੌਮੀ ਪੱਧਰ ’ਤੇ ਦੁੱਧ ਲਈ ਸਾਲਾਨਾ ਲਗਪਗ 6.4 ਫੀਸਦ ਯੋਗਦਾਨ ਪਾਉਂਦਾ ਹੈ। ਉਨ੍ਹਾਂ ਨੇ ਡੇਅਰੀ ਫਾਰਮਾਂ ਵਿੱਚ ਜੈਵਿਕ ਸੁਰੱਖਿਆ ਦੀ ਮਹੱਤਤਾ, ਜਨਤਕ ਜਾਗਰੂਕਤਾ, ਮਿਲਾਵਟ ਨਾਲ ਨਜਿੱਠਣ ਤੇ ਦੁੱਧ ਦੀ ਪੂਰਤੀ ਕੜੀ ਨੂੰ ਸੁਚਾਰੂ ਬਣਾਉਣ ਲਈ ਮਸਨੂਈ ਬੁੱੱਧੀ ਦੀ ਵਰਤੋਂ ਬਾਰੇ ਦੱਸਿਆ। ਇੰਡੀਅਨ ਡੇਅਰੀ ਐਸੋਸੀਏਸ਼ਨ (ਪੰਜਾਬ) ਦੇ ਚੇਅਰਮੈਨ ਇੰਦਰਜੀਤ ਸਿੰਘ ਸਰਾਂ ਨੇ ਡੇਅਰੀ ਵਿਕਾਸ ਦੇ ਖੇਤਰ ਦੀ ਵੱਖ-ਵੱਖ ਗਤੀਵਿਧੀਆਂ ’ਤੇ ਚਾਨਣਾ ਪਾਇਆ। ਸਮਾਗਮ ’ਚ ਡੇਅਰੀ ਉਦਯੋਗ ਨਾਲ ਜੁੜੇ ਭਾਈਵਾਲ ਧਿਰਾਂ ਦੇ 200 ਦੇ ਕਰੀਬ ਪ੍ਰਤੀਭਾਗੀਆਂ ਨੇ ਹਿੱਸਾ ਲਿਆ।