ਕਾਰ ਦੀ ਫੇਟ ਲੱਗਣ ਕਾਰਨ ਵਿਅਕਤੀ ਦੀ ਮੌਤ
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 18 ਸਤੰਬਰ
ਸਥਾਨਕ ਪੁਤਲੀਘਰ ਖੇਤਰ ਨੇੜੇ ਬੀਆਰਟੀਐਸ ਲੇਨ ਵਿੱਚ ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਪਰਵਾਸੀ ਵਿਅਕਤੀ ਦੀ ਮੌਤ ਹੋ ਗਈ। ਇਹ ਵਿਅਕਤੀ ਬੀਆਰਟੀਐੱਸ ਲੇਨ ਪਾਰ ਕਰ ਰਿਹਾ ਸੀ , ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਆਈਪੀਸੀ ਦੀ ਧਾਰਾ 304-ਏ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਗੇਟ ਹਕੀਮਾ ਦੇ ਐੱਸਐੱਚਓ ਹਰਸੰਦੀਪ ਸਿੰਘ ਨੇ ਦੱਸਿਆ ਕਿ ਲਾਸ਼ ਨੂੰ 72 ਘੰਟਿਆਂ ਲਈ ਸ਼ਨਾਖਤ ਲਈ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।
ਫਿਲਹਾਲ ਮੌਕੇ ਤੋਂ ਭੱਜ ਗਏ ਮੁਲਜ਼ਮ ਕਾਰ ਸਵਾਰਾਂ ਦੀ ਵੀ ਪਛਾਣ ਨਹੀਂ ਹੋ ਸਕੀ। ਪੁਲੀਸ ਨੇ ਕਿਹਾ ਕਿ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਚਸ਼ਮਦੀਦਾਂ ਅਨੁਸਾਰ ਪੁਤਲੀਘਰ ਚੌਕ ਤੋਂ ਪਹਿਲਾਂ ਰੇਲਵੇ ਵਰਕਸ਼ਾਪ ਨੇੜੇ ਇੱਕ ਪਰਵਾਸੀ ਬੀਆਰਟੀਐਸ ਲੇਨ ਪਾਰ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਾਰ ਰੇਲਵੇ ਸਟੇਸ਼ਨ ਵਾਲੇ ਪਾਸੇ ਤੋਂ ਤੇਜ਼ ਰਫ਼ਤਾਰ ਨਾਲ ਆਈ। ਕਾਰ ਚਾਲਕ ਨੂੰ ਸ਼ਾਇਦ ਲੇਨ ਪਾਰ ਕਰ ਰਹੇ ਇਸ ਵਿਅਕਤੀ ਦਾ ਪਤਾ ਨਹੀਂ ਲੱਗ ਸਕਿਆ ਅਤੇ ਉਸ ਨੂੰ ਟੱਕਰ ਮਾਰ ਦਿੱਤੀ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲੋਕਾਂ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਪੁਲੀਸ ਨੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ।