ਜੈਕਾਰਿਆਂ ਦੀ ਗੂੰਜ ’ਚ 200 ਸ਼ਰਧਾਲੂਆਂ ਦਾ ਜਥਾ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ
ਪੱਤਰ ਪ੍ਰੇਰਕ
ਜਲੰਧਰ, 27 ਨਵੰਬਰ
ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਲਈ ਕੀਤੀ ਗਈ ਨਿਵੇਕਲੀ ਪਹਿਲ ਸਦਕਾ ਅੱਜ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਜੈਕਾਰਿਆਂ ਦੀ ਗੂੰਜ ਵਿੱਚ 200 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖਾਣੇ, ਰਿਹਾਇਸ਼ ਅਤੇ ਜਿਸ ਵਿੱਚ ਏਸੀ ਰੇਲਗੱਡੀ ਵੀ ਸ਼ਾਮਿਲ ਹੈ ਤੇ ਆਉਣ ਵਾਲਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ। ਕਈ ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ, ਸ੍ਰੀ ਵਰਿੰਦਾਵਨ ਧਾਮ, ਮਾਤਾ ਵੈਸ਼ਨੂੰ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ, ਵਾਰਾਣਸੀ, ਸ੍ਰੀ ਖਾਟੂ ਸ਼ਿਆਮ, ਸ੍ਰੀ ਸਲਾਸਰ ਧਾਮ ਅਤੇ ਖ਼ਵਾਜ਼ਾ ਅਜਮੇਰ ਸ਼ਰੀਫ ਦਰਗਾਹ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਸ਼ਰਧਾਲੂਆਂ ਦਾ ਸਵਾਗਤ ਕੀਤਾ ਗਿਆ ਤੇ ਸਰਧਾਲੂਆਂ ਦੀ ਸਹੂਲਤ ਲਈ ਲਗਾਏ ਗਏ ਮੈਡੀਕਲ ਕੈਂਪ ਵਿੱਚ ਸਿਹਤ ਜਾਂਚ ਕੀਤੀ ਗਈ। ਯਾਤਰੀਆਂ ਨੂੰ ਮਾਰਕਫ਼ੈੱਡ ਵੱਲੋਂ ਤਿਆਰ ਕੀਤੀਆਂ ਗਈਆਂ ਵਿਸ਼ੇਸ਼ ਕਿੱਟਾਂ ਵੀ ਦਿੱਤੀਆਂ ਗਈਆਂ। ਸ਼ਰਧਾਲੂ ਗੁਰਵਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਦਕਾ ਉਹ ਪਹਿਲੀ ਵਾਰ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਨਕੋਦਰ ਦੇ ਪਿੰਡ ਕਾਂਗਣਾ ਤੋਂ ਇਕ ਹੋਰ ਸ਼ਰਧਾਲੂ ਤਲਵਿੰਦਰ ਕੌਰ ਨੇ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਧਾਰਮਿਕ ਸਥਾਨਾਂ ਦੇ ਬਿਨਾਂ ਕਿਸੇ ਖ਼ਰਚ ਤੋਂ ਦਰਸ਼ਨ ਕਰ ਸਕੇਗਾ।