ਪਰਾਲੀ ਸਾੜਨ ਵਾਲੀ ਮਹਿਲਾ ਕਿਸਾਨ ਦੇ ਜ਼ਮੀਨੀ ਰਿਕਾਰਡ ’ਚ ‘ਰੈੱਡ ਐਂਟਰੀ’ ਪਾਈ
ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਮੋਗਾ/ਧਰਮਕੋਟ, 9 ਅਕਤੂਬਰ
ਪ੍ਰਸ਼ਾਸਨ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਕਾਨੂੰਨੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਖੇਤ ’ਚ ਪਰਾਲੀ ਸਾੜਨ ਵਾਲੀ ਕਿਸਾਨ ਬੀਬੀ ਨੂੰ 2500 ਰੁਪਏ ਜੁਰਮਾਨਾ ਅਤੇ ਜ਼ਮੀਨੀ ਰਿਕਾਰਡ ’ਚ ਰੈੱਡ ਐਂਟਰੀ ਕਰ ਕੇ ਦੂਜੇ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਹੈ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪਿੰਡ ਸੈਦ ਜਲਾਲਪੁਰ (ਤਹਿਸੀਲ ਧਰਮਕੋਟ) ਵਿੱਚ ਇਕ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ ਹੈ। ਸੂਚਨਾ ਮਿਲਣ ਉੱਤੇ ਨੋਡਲ ਅਫਸਰ ਅਤੇ ਪਟਵਾਰੀ ਵੱਲੋਂ ਕੀਤੀ ਗਈ ਪੜਤਾਲ ਬਾਅਦ ਖੇਤ ਦੀ ਮਾਲਕ ਸਿਬਾ ਵਿਧਵਾ ਪਿਆਰਾ ਸਿੰਘ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਉਕਤ ਔਰਤ, ਜੋ ਖੁਦ ਹੀ ਕਾਸ਼ਤਕਾਰ ਹੈ, ਨੂੰ 2500 ਰੁਪਏ ਵਾਤਾਵਰਨ ਨੂੰ ਪਲੀਤ ਕਰਨ ਦੇ ਦੋਸ਼ ਹੇਠ ਜੁਰਮਾਨਾ ਲਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ ਅਤੇ ਭਵਿੱਖ ਬਚਾਉਣ ਲਈ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਜਾਂ ਰਹਿੰਦ ਖੂਹੰਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਬਾਰੇ ਮਾਨਯੋਗ ਅਦਾਲਤਾਂ, ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪ੍ਰਦੂਸ਼ਣ ਰੋਕਥਾਮ ਬੋਰਡ ਬਹੁਤ ਸਖ਼ਤ ਹਨ। ਹਰੇਕ ਖੇਤ ਉੱਤੇ ਸੈਟੇਲਾਈਟ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਕਾਨੂੰਨੀ ਕਾਰਵਾਈ ਵਿੱਚ ਫਸਣ ਤੋਂ ਬਚੇ ਰਹਿਣ ਅਤੇ ਵਾਤਾਵਰਨ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦੇ ਮਨੋਰਥ ਵਜੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ।