ਮਨਮੋਹਨ ਸਿੰਘ ਨੂੰ ‘ਭਾਰਤ ਰਤਨ’ ਦੇਣ ਲਈ ਮਤਾ ਲਿਆਂਦਾ ਜਾਵੇ: ਬਾਜਵਾ
ਆਤਿਸ਼ ਗੁਪਤਾ
ਚੰਡੀਗੜ੍ਹ, 5 ਜਨਵਰੀ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਦੇਣ ਦੀ ਮੰਗ ਕੀਤੀ ਹੈ। ਇਸ ਲਈ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਭਾਜਪਾ ਦੇ ਅਸ਼ਵਨੀ ਸ਼ਰਮਾ ਤੇ ਬਸਪਾ ਦੇ ਨਛੱਤਰ ਪਾਲ ਸਣੇ ਹੋਰ ਆਗੂਆਂ ਨੂੰ ਪੱਤਰ ਲਿਖਿਆ ਹੈ। ਬਾਜਵਾ ਨੇ ਆਪਣੇ ਪੱਤਰ ਵਿੱਚ ਸਾਰੇ ਵਿਧਾਇਕਾਂ ਨੂੰ ਡਾ. ਮਨਮੋਹਨ ਸਿੰਘ ਦੇ ਦੇਸ਼ ਲਈ ਬੇਮਿਸਾਲ ਯੋਗਦਾਨ ਅਤੇ ਪੰਜਾਬ ਨਾਲ ਉਨ੍ਹਾਂ ਦੇ ਡੂੰਘੇ ਸਬੰਧਾਂ ਨੂੰ ਮਾਨਤਾ ਦੇਣ ਲਈ ਵਿਧਾਨ ਸਭਾ ਵਿੱਚ ਸਾਂਝਾ ਮਤਾ ਪੇਸ਼ ਕਰਨ ਦੀ ਅਪੀਲ ਕੀਤੀ। ਕਾਂਗਰਸ ਆਗੂ ਨੇ ਕਿਹਾ ਕਿ ਸਰਬ ਪਾਰਟੀ ਵਫ਼ਦ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਮਰਹੂਮ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕਰਨੀ ਚਾਹੀਦੀ ਹੈ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਵਿਕਾਸ, ਆਰਥਿਕ ਸਥਿਰਤਾ ਅਤੇ ਸਮਾਜਿਕ ਨਿਆਂ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਪੰਜਾਬ ਦੇ ਮਾਣਮੱਤੇ ਪੁੱਤਰ ਹਨ। ਉਨ੍ਹਾਂ ਦੀ ਯਾਤਰਾ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਬਾਜਵਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ।