ਸਿਹਤ ਮੰਤਰੀ ਵੱਲੋਂ ਹੜ੍ਹਾਂ ਦੌਰਾਨ ਕੀਤੇ ਪ੍ਰਬੰਧਾਂ ਦਾ ਜਾਇਜ਼ਾ
ਪੱਤਰ ਪ੍ਰੇਰਕ
ਪਠਾਨਕੋਟ, 20 ਜੁਲਾਈ
ਸਿਹਤ ਮੰਤਰੀ ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪਠਾਨਕੋਟ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੜ੍ਹਾਂ ਮਗਰੋਂ ਉਪਜਣ ਵਾਲੀਆਂ ਬੀਮਾਰੀਆਂ ਦਾ ਟਾਕਰਾ ਕਰਨ ਲਈ ਇੱਕ ਮੀਟਿੰਗ ਕੀਤੀ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ, ਜ਼ਿਲ੍ਹਾ ਪੁਲੀਸ ਮੁਖੀ ਹਰਕਮਲਪ੍ਰੀਤ ਸਿੰਘ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਰਮਨ ਬਹਿਲ ਚੇਅਰਮੈਨ, ਹਲਕਾ ਇੰਚਾਰਜ ਅਮਿਤ ਸਿੰਘ ਮੰਟੂ, ਵਧੀਕ ਡਿਪਟੀ ਕਮਿਸ਼ਨਰ (ਜ) ਅੰਕੁਰਜੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਡਾ. ਸੁਮਿਤ ਮੁਧ, ਐਸਡੀਐਮ ਕਾਲਾ ਰਾਮ ਕਾਂਸਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਹੜ੍ਹ ਪ੍ਰਭਾਿਵਤ ਇਲਾਕੇ ’ਚ ਫੈਲਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਦੇ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।
ਮੰਤਰੀ ਨੇ ਕਿਹਾ ਕਿ ਮਲੇਰੀਆ ਤੋਂ ਬਚਣ ਲਈ ਘਰਾਂ ਦੇ ਨਜ਼ਦੀਕ ਬਣੇ ਛੱਪੜਾਂ ਵਿੱਚ ਗੰਮਬੂਜੀਆਂ ਮੱਛੀਆਂ ਪਾਈਆਂ ਜਾਣ ਅਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਵੀ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੇ ਹਸਪਤਾਲ ਨੂੰ 8 ਡਾਕਟਰ ਦਿੱਤੇ ਗਏ ਹਨ ਅਤੇ ਹਰੇਕ ਆਮ ਆਦਮੀ ਕਲੀਨਿਕ ਅੰਦਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ।
ਹੁਸ਼ਿਆਰਪੁਰ ’ਚ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਸੂਬੇ ਵਿਚ ਆਏ ਹੜ੍ਹਾਂ ਦੀ ਔਖੀ ਘੜੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵਲੋਂ ਕੀਤੇ ਗਏ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਸਮੁੱਚੇ ਪੰਜਾਬ ਦਾ ਦੌਰਾ ਕਰ ਰਹੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੁਸ਼ਿਆਰਪੁਰ ਵਿਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ ਵਿਚ ਸਿਹਤ ਅਧਿਕਾਰੀਆਂ, ਗੈਰ ਸਰਕਾਰੀ ਸੰਸਥਾਵਾਂ, ਆਈ.ਐਮ.ਏ ਦੇ ਨੁਮਾਇੰਦਿਆਂ, ਕੈਮਿਸਟ ਐਸੋਸੀਏਸ਼ਨ ਅਤੇ ਹੋਰ ਸੰਸਥਾਵਾਂ ਤੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਕੋਲ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਦਵਾਈਆਂ ਦੇ ਸਟਾਕ, ਐਂਬੂਲੈਂਸਾਂ, ਸਟਾਫ਼ ਅਤੇ ਹੋਰ ਸਾਜ਼ੋ-ਸਾਮਾਨ ਦੀ ਸਮੀਖਿਆ ਵੀ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਣ ਅਗਲੀ ਚੁਣੌਤੀ ਹੜ੍ਹ ਤੋਂ ਬਾਅਦ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਨਾਲ ਟਾਕਰਾ ਕਰਨ ਦੀ ਹੈ, ਜਿਸ ਤਹਿਤ ਲੋਕਾਂ ਨੂੰ ਸਾਫ਼-ਪਾਣੀ ਅਤੇ ਤਾਜ਼ਾ ਖਾਣਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਹੈਜ਼ੇ ਵਰਗੀਆਂ ਬਿਮਾਰੀਆਂ ਪੈਦਾ ਹੀ ਨਾ ਹੋ ਸਕਣ।