ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਚੋਣਾਂ ਦੀ ਤਿਆਰੀ ਦਾ ਜਾਇਜ਼ਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਪਰੈਲ
ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰਾਂ ਤੇ ਸੀਨੀਅਰ ਪੁਲੀਸ ਕਪਤਾਨਾਂ (ਐਸਐਸਪੀਜ਼) ਨਾਲ ਵੀਡੀਓ ਕਾਨਫਰੈਂਸਿੰਗ ਰਾਹੀ ਮੀਟਿੰਗ ਕਰ ਕੇ ਲੋਕ ਸਭਾ ਚੋਣਾਂ ਦੀ ਤਿਆਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਪੰਜਾਬ ਦੇ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਨਕਦੀ ਤੇ ਨਸ਼ਾ ਤਸਕਰੀ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਗੈਰ-ਸਮਾਜਿਕ ਅਨਸਰਾਂ ਦੀਆਂ ਗੈਰਕਾਨੂੰਨੀ ਗਤੀਵਿਧੀਆਂ ਰੋਕਣ ਲਈ ਸੂਬੇ ਵਿੱਚ 24 ਘੰਟੇ ਚੌਕਸੀ ਰੱਖਣ ਦੀ ਹਦਾਇਤ ਕੀਤੀ ਹੈ।
ਇਸ ਮੌਕੇ ਚੋਣ ਕਮਿਸ਼ਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪੁਲੀਸ ਕਮਿਸ਼ਨਰਾਂ ਤੇ ਸੀਨੀਅਰ ਪੁਲੀਸ ਕਪਤਾਨਾਂ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸਬੰਧੀ ਜਾਣਕਾਰੀ ਲਈ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਵੋਟਰਾਂ ਦੀ ਗਿਣਤੀ ਵਧਾਉਣ, ਵੈੱਬਕਾਸਟਿੰਗ ਦੇ ਪ੍ਰਬੰਧਾਂ ਅਤੇ ਪੋਲਿੰਗ ਸਟੇਸ਼ਨਾਂ ’ਤੇ ਸਾਰੀਆਂ ਤਿਆਰੀਆਂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਬਿਿਨ ਸੀ. ਨੇ ਕਮਿਸ਼ਨ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਬਿਨਾਂ ਕਿਸੇ ਦਬਾਅ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵਾਰ ਵੱਧ ਤੋਂ ਵੱਧ ਵੋਟਰਾਂ ਦਾ ਵੋਟਿੰਗ ਵੱਲ ਧਿਆਨ ਖਿੱਚਣ ਵਾਸਤੇ ਸੂਬੇ ਦੇ ਸੱਭਿਆਚਾਰ ਨੂੰ ਦਰਸਾਉਂਦੇ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧਾਉਣ ਤੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਤਸੱਲੀਬਖਸ਼ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਚੋਣ ਕਮਿਸ਼ਨ ਦੀ ਟੀਮ ਨੇ ਸੂਬੇ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਹਰ ਪੋਲਿੰਗ ਸਟੇਸ਼ਨ ’ਤੇ ਪੀਣ ਵਾਲੇ ਪਾਣੀ, ਲੋੜੀਂਦੇ ਫਰਨੀਚਰ, ਉਚਿਤ ਰੌਸ਼ਨੀ, ਦਿਸ਼ਾ ਸੂਚਕ, ਹੈਲਪ ਡੈਸਕ ਅਤੇ ਪਖਾਨਿਆਂ ਸਮੇਤ ਹੋਰ ਸਹੂਲਤਾਂ ਵਧਾਉਣ ਲਈ ਪਹਿਲਾਂ ਹੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਚੋਣ ਕਮਿਸ਼ਨ ਦੀ ਟੀਮ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਿੰਗ ਦੌਰਾਨ ਸੁਰੱਖਿਆ ਡਿਊਟੀ ’ਤੇ ਬਾਹਰੋਂ ਆਉਣ ਵਾਲੇ ਕੇਂਦਰੀ ਬਲਾਂ ਦੇ ਜਵਾਨਾਂ ਦੇ ਰਹਿਣ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਇਸ ਦੌਰਾਨ ਚੋਣ ਕਮਿਸ਼ਨ ਦੀ ਟੀਮ ਨੇ 70 ਫ਼ੀਸਦ ਤੋਂ ਵੱਧ ਵੋਟਾਂ ਦਾ ਟੀਚਾ ਪੂਰਾ ਕਰਨ ਲਈ ਸਹਾਈ ਹੋਣ ਵਾਲੀ ਬੁੱਕਲੈੱਟ ਵੀ ਰਿਲੀਜ਼ ਕੀਤੀ।