For the best experience, open
https://m.punjabitribuneonline.com
on your mobile browser.
Advertisement

ਦਿੜ੍ਹਬਾ ਵਿੱਚ ਜਲਦੀ ਬਣੇਗਾ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਸਟੇਡੀਅਮ: ਚੀਮਾ

08:44 AM Nov 17, 2024 IST
ਦਿੜ੍ਹਬਾ ਵਿੱਚ ਜਲਦੀ ਬਣੇਗਾ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਸਟੇਡੀਅਮ  ਚੀਮਾ
ਕਬੱਡੀ ਕੋਚ ਸਵਰਗੀ ਗੁਰਮੇਲ ਸਿੰਘ ਦੀ ਪਤਨੀ ਪਰਮਜੀਤ ਕੌਰ ਦਾ ਸਨਮਾਨ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।
Advertisement

ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 16 ਨਵੰਬਰ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਦਿੜ੍ਹਬਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਤਹਿਤ ਕਬੱਡੀ ਨੈਸ਼ਨਲ ਸਟਾਈਲ ਦੇ ਸੂਬਾ ਪੱਧਰੀ ਮੁਕਾਬਲਿਆਂ ਦਾ ਆਗ਼ਾਜ਼ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਖੇਡਾਂ ਦਾ ਇਹ ਤੀਜਾ ਸੀਜ਼ਨ ਸਫ਼ਲਤਾ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਖੇਡਾਂ ਦਾ ਅਹਿਮ ਯੋਗਦਾਨ ਹੈ ਅਤੇ ਸਾਡੀ ਸਰਕਾਰ ਵੱਲੋਂ ਇਨ੍ਹਾਂ ਖੇਡਾਂ ਜ਼ਰੀਏ ਪੰਜਾਬੀਆਂ ਨੂੰ ਅਜਿਹੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਇਨ੍ਹਾਂ ਖੇਡਾਂ ਦੇ ਨਾਲ-ਨਾਲ ਨਸ਼ਿਆਂ ਦੇ ਖਾਤਮੇ ਲਈ ਅਣਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿੜ੍ਹਬਾ ਦੇ ਇਸ ਕਬੱਡੀ ਮੈਦਾਨ ਵਿੱਚ ਖੇਡ ਕੇ ਅਨੇਕਾਂ ਖਿਡਾਰੀਆਂ ਨੇ ਸੂਬੇ ਅਤੇ ਦੇਸ਼ ਦਾ ਨਾਂ ਅੰਤਰਰਾਸ਼ਟਰੀ ਪੱਧਰ ’ਤੇ ਚਮਕਾਇਆ ਹੈ, ਜਿਸ ਕਰਕੇ ਖਿਡਾਰੀਆਂ ਨੂੰ ਹੋਰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੜ੍ਹਬਾ ਦੇ ਇਸ ਸਟੇਡੀਅਮ ਵਿੱਚ 11 ਖੇਡਾਂ ਲਈ ਇਨਡੋਰ ਸਟੇਡੀਅਮ ਬਣਾਇਆ ਜਾ ਰਿਹਾ ਹੈ ਅਤੇ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਣ ਵਾਲੇ ਇਸ ਇਨਡੋਰ ਸਟੇਡੀਅਮ ਲਈ ਸੱਤ ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਅਤੇ ਜਲਦੀ ਇਸਦੇ ਨਿਰਮਾਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ। ਖੇਡਾਂ ਸ਼ੁਰੂ ਕਰਵਾਉਣ ਤੋਂ ਪਹਿਲਾਂ ਮੁੱਖ ਮਹਿਮਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਖੇਡ ਵਿਭਾਗ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਮਾਰਚ ਪਾਸਟ ਵੱਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ ਅਤੇ ਖੇਡਾਂ ਇਮਾਨਦਾਰੀ ਨਾਲ ਖੇਡਣ ਦੀ ਸਹੁੰ ਵੀ ਚੁੱਕੀ ਗਈ। ਇਸ ਮੌਕੇ ਐਸਡੀਐਮ. ਪ੍ਰਮੋਦ ਸਿੰਗਲਾ, ਵਿੱਤ ਮੰਤਰੀ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ, ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ, ਪਦਮ ਸ੍ਰੀ ਸਵਰਗੀ ਕੌਰ ਸਿੰਘ ਦੀ ਪਤਨੀ ਬਲਜੀਤ ਕੌਰ, ਅੰਤਰਰਾਸ਼ਟਰੀ ਕਬੱਡੀ ਕੋਚ ਸਵਰਗੀ ਗੁਰਮੇਲ ਸਿੰਘ ਦੇ ਪਤਨੀ ਪਰਮਜੀਤ ਕੌਰ, ਅਜੇ ਕੁਮਾਰ ਸਿੰਗਲਾ, ਕਬੱਡੀ ਕੋਚ ਕਸਮੀਰ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਕੇਬਾਜ਼ ਪਦਮ ਸ੍ਰੀ ਸਵਰਗੀ ਕੌਰ ਸਿੰਘ ਖਨਾਲਖੁਰਦ ਦੀ ਪਤਨੀ ਬਲਜੀਤ ਕੌਰ ਅਤੇ ਅੰਤਰਰਾਸ਼ਟਰੀ ਕਬੱਡੀ ਕੋਚ ਸਵਰਗੀ ਗੁਰਮੇਲ ਸਿੰਘ ਦੀ ਪਤਨੀ ਪਰਮਜੀਤ ਕੌਰ ਦਾ ਵਿਸ਼ੇਸ ਤੌਰ ’ਤੇ ਸਨਮਾਨ ਕੀਤਾ ਗਿਆ। ਕਬੱਡੀ ਦੇ ਇਸ ਖੇਡ ਮਹਾਕੁੰਭ ਤਹਿਤ ਮਹਿਲਾ ਖਿਡਾਰੀਆਂ ਦੇ ਮੁਕਾਬਲੇ 18 ਨਵੰਬਰ ਤੱਕ ਚੱਲਣਗੇ ਜਦਕਿ ਮਰਦ ਖਿਡਾਰੀਆਂ ਦੇ ਮੁਕਾਬਲੇ 19 ਤੋਂ 21 ਨਵੰਬਰ ਤੱਕ ਕਰਵਾਏ ਜਾਣਗੇ। ਇਸ ਮੌਕੇ ਵੱਖ-ਵੱਖ ਖੇਡਾਂ ਦੇ ਕੋਚ, ਹੋਰ ਪਤਵੰਤੇ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਆਏ ਖ਼ਿਡਾਰੀ ਹਾਜ਼ਰ ਸਨ।

Advertisement

Advertisement
Advertisement
Author Image

Advertisement