ਲੁਧਿਆਣਾ ਨੇੜੇ ਬਣੇਗੀ ਅਤਿ-ਆਧੁਨਿਕ ਸੁਰੱਖਿਆ ਜੇਲ੍ਹ: ਭੁੱਲਰ
ਜਸਬੀਰ ਸਿੰਘ ਚਾਨਾ/ਧਿਆਨ ਸਿੰਘ ਭਗਤ
ਕਪੂਰਥਲਾ, 14 ਨਵੰਬਰ
ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਕਿਹਾ ਕਿ 100 ਕਰੋੜ ਰੁਪਏ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿੱਚ ਅਤਿ-ਆਧੁਨਿਕ ਸੁਰੱਖਿਆ ਜੇਲ੍ਹ ਬਣਾਈ ਜਾ ਰਹੀ ਹੈ, ਜੋ ਅਗਲੇ ਸਾਲ ਤੱਕ ਮੁਕੰਮਲ ਹੋ ਜਾਵੇਗੀ। ਅੱਜ ਇਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਵਿੱਚ ਪੰਜਾਬ ਜੇਲ੍ਹ ਵਿਭਾਗ ਦੇ 173 ਵਾਰਡਨਾਂ ਤੇ 6 ਮੈਟਰਨਾਂ ਦੀ ਪਾਸਿੰਗ ਆਊਟ ਪਰੇਡ ਮੌਕੇ ਸੰਬੋਧਨ ਕਰਦਿਆਂ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਦੀ ਸੁਰੱਖਿਆ ਦੇ ਨਾਲ ਨਾਲ ਬੰਦੀਆਂ ਨੂੰ ਜੇਲ੍ਹਾਂ ’ਚ ਰੁਜ਼ਗਾਰ ਦੇ ਕੇ ਉਨ੍ਹਾਂ ਨੂੰ ਸਮਾਜ ਦੀ ਆਰਥਿਕ ਤਰੱਕੀ ’ਚ ਭਾਗੀਦਾਰ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 13 ਜੇਲ੍ਹਾਂ ’ਚ ਮੋਬਾਈਲ ਫੋਨਾਂ ਦੀ ਵਰਤੋਂ ਰੋਕਣ ਲਈ ਜੈਮਰ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ’ਚ ਬੰਦੀਆਂ ਨੂੰ ਨਵੇਂ ਕਿੱਤਾਮੁਖੀ ਕੋਰਸ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਪਰੇਡ ਦਾ ਨਿਰੀਖਣ ਵੀ ਕੀਤਾ ਗਿਆ ਹੈ। ਉਨ੍ਹਾਂ ਸਿਖਲਾਈ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡੇਟਾਂ ਦਾ ਸਨਮਾਨ ਕੀਤਾ।
ਇਸ ਮੌਕੇ ਵਧੀਕ ਡੀਜੀਪੀ (ਜੇਲ੍ਹਾਂ) ਅਰੁਨਪਾਲ ਸਿੰਘ, ਆਈਜੀ ਸੁਖਮਿੰਦਰ ਸਿੰਘ ਮਾਨ, ਆਈਜੀ ਆਰਕੇ ਅਰੋੜਾ, ਕਮਾਂਡੈਂਟ ਪਰਮਿੰਦਰ ਸਿੰਘ ਭੰਡਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਕੰਵਰਇਕਬਾਲ ਸਿੰਘ (ਮੈਂਬਰ ਪੰਜਾਬ ਸਟੇਟ ਕਾਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ) ਸ਼ਾਮਲ ਸਨ।