ਮੁਹਾਲੀ ਹਵਾਈ ਅੱਡੇ ’ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ ਬੁੱਤ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ 12 ਸਤੰਬਰ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਵਿੱਚ ਦੇਸ਼ਭਗਤੀ ਦੀ ਅਲਖ ਜਗਾਉਣ ਲਈ ਕੌਮਾਂਤਰੀ ਹਵਾਈ ਅੱਡਾ ਮੁਹਾਲੀ ’ਤੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲਗਾਇਆ ਜਾਵੇਗਾ। ਇਸ ਬੁੱਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਮਰਪਿਤ ਕਰਨਗੇ। ਇਸ ਸਬੰਧੀ ਮੁੱਖ ਮੰਤਰੀ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਮਹਾਨ ਸ਼ਹੀਦ ਦਾ 30 ਫੁੱਟ ਉੱਚਾ ਬੁੱਤ ਗੰਨਮੈਟਲ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ’ਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਬੁੱਤ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਢੁੱਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਸਦਾ ਕਾਇਮ ਰੱਖਣ ’ਚ ਸਹਾਈ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦਾਂ ਦੇ ਨਾਂ ’ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦਾ ਨਾਂ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ।
ਸ੍ਰੀ ਮਾਨ ਨੇ ਦਾਅਵਾ ਕੀਤਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਬੁੱਤ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਮੁਸਾਫ਼ਰਾਂ ਦੇ ਨਾਲ ਨਾਲ ਵਿਦੇਸ਼ੀਆਂ ਨੂੰ ਵੀ ਇਸ ਕੌਮੀ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਰਹੇਗਾ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।