ਕੇਂਦਰੀ ਮੰਤਰਾਲੇ ਵੱਲੋਂ ਮੋਗਾ ’ਚ ਤਿੰਨ ਰੋਜ਼ਾ ਫੋਟੋ ਪ੍ਰਦਰਸ਼ਨੀ
ਨਿੱਜੀ ਪੱਤਰ ਪ੍ਰੇਰਕ
ਮੋਗਾ, 23 ਅਗਸਤ
ਇੱਥੇ ਕੇਂਦਰੀ ਸੰਚਾਰ ਬਿਊਰੋ, ਸੂਚਨਾ ਤੇ ਪ੍ਰਸਾਰਨ ਮੰਤਰਾਲੇ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਦੇਸ਼ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀ 25 ਅਗਸਤ ਤੱਕ ਚੱਲਣ ਵਾਲੀ ਤਿੰਨ ਰੋਜ਼ਾ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ ਡਿਪਟੀ ਕਮਿਸਨਰ ਕੁਲਵੰਤ ਸਿੰਘ ਨੇ ਕੀਤਾ। ਇਸ ਮੌਕੇ ਸਵੈ-ਸਹਾਇਤਾ ਗਰੁੱਪਾਂ ਵੱਲੋਂ ਫੁਲਕਾਰੀ ਤੇ ਹੋਰ ਲੋਪ ਹੋ ਪੰਜਾਬੀ ਵਿਰਸੇ ਨਾਲ ਸਬੰਧਤ ਵਸਤਾਂ ਦੀ ਨੁਮਾਇਸ਼ ਖਿੱਚ ਦਾ ਕੇਂਦਰ ਬਣੀ ਰਹੀ।
ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਲਾਈ ਸਕੀਮਾਂ ਸਬੰਧੀ ਪਿਛਲੇ 9 ਸਾਲਾਂ ਵਿੱਚ ਦਰਜ ਕੀਤੀਆਂ ਪ੍ਰਾਪਤੀਆਂ ਨੂੰ ਇਨਫੋਗ੍ਰਾਫਿਕ ਫੋਟੋਆਂ ਰਾਹੀਂ ਦਿਖਾਇਆ ਗਿਆ ਹੈ। ਉਨ੍ਹਾਂ ਕੌਮੀ ਦਿਹਾਤੀ ਆਜੀਵਿਕਾ ਮਿਸਨ ਤਹਿਤ ਸਵੈ-ਸਹਾਇਤਾ ਗਰੁੱਪਾਂ ਅਤੇ ਜ਼ਿਲ੍ਹਾ ਰੁਜ਼ਗਾਰ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ ਅਤੇ ਕੁਝ ਹੋਰਨਾਂ ਵਿਭਾਗਾਂ ਵੱਲੋਂ ਸਟਾਲ ਵੀ ਲਗਾਏ ਗਏ ਹਨ। ਕੇਂਦਰੀ ਮੰਤਰਾਲੇ ਵੱਲੋਂ ਪ੍ਰਦਰਸ਼ਨੀ ਦੇ ਨੋਡਲ ਅਫ਼ਸਰ ਰਾਜੇਸ਼ ਬਾਲੀ ਨੇ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਪੰਜਾਬ ਸਣੇ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਭਲਕੇ ਇਸ ਪ੍ਰਦਰਸ਼ਨੀ ਦੌਰਾਨ ਟਰੈਫਿਕ ਪੁਲੀਸ ਦੇ ਅਧਿਕਾਰੀਆਂ ਵੱਲੋਂ ਆਵਾਜਾਈ ਨਿਯਮਾਂ ਦੀ ਪਾਲਣਾ ਸਬੰਧੀ ਵਿਸ਼ੇਸ਼ ਸੰਬੋਧਨ ਕੀਤਾ ਜਾਵੇਗਾ।