ਖੁਰਾਕ ਕਮਿਸ਼ਨ ਦੇ ਮੈਂਬਰ ਵੱਲੋਂ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ
ਜਸਬੀਰ ਸਿੰਘ ਚਾਨਾ
ਫਗਵਾੜਾ, 24 ਅਕਤੂਬਰ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਅੱਜ ਫਗਵਾੜਾ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਤੇ ਕਈ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ’ਚ ਕਮਿਸ਼ਨ ਦਾ ਸ਼ਿਕਾਇਤ ਨੰਬਰ ਉਪਲੱਬਧ ਨਾ ਹੋਣ ’ਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਅਫ਼ਸਰ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਬਲਾਕ ਫਗਵਾੜਾ ਦੇ ਪਿੰਡ ਵਜੀਦੋਵਾਲ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੇ ਆਂਗਣਵਾੜੀ ਕੇਂਦਰ, ਪਿੰਡ ਬੀੜ ਪੁਆਧ ਦੇ ਸਰਕਾਰੀ ਐਲੀਮੈਂਟਰੀ ਸਕੂਲ ਤੇ ਆਂਗਣਵਾੜੀ ਕੇਂਦਰ, ਸਰਕਾਰੀ ਮਿਡਲ ਸਕੂਲ, ਪਿੰਡ ਖਲਵਾੜਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਤੇ ਪਿੰਡ ਸਪਰੋੜ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਦੌਰਾ ਕੀਤਾ। ਉਨ੍ਹਾਂ ਸਕੂਲਾਂ ’ਚ ਮਿੱਡ-ਡੇਅ-ਮੀਲ ਫੂਡ ਟੈਸਟ ਰਜਿਸਟਰ ਨੂੰ ਦਰੁਸਤ ਰੱਖਣ, ਬੱਚਿਆਂ ਨੂੰ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਉਣ ਤੇ ਖਾਣਾ ਬਣਾਉਣ ਤੇ ਪਰੋਸਣ ਸਮੇਂ ਸਾਫ਼-ਸਫ਼ਾਈ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਕਮਿਸ਼ਨ ਦੇ ਮੈਂਬਰ ਨੇ ਸਕੂਲੀ ਵਿਦਿਆਰਥੀਆਂ ਨਾਲ ਮਿੱਡ-ਡੇਅ-ਮੀਲ ਬਾਰੇ ਗੱਲਬਾਤ ਕੀਤੀ ਤੇ ਬੱਚਿਆਂ ਨਾਲ ਮਿੱਡ-ਡੇਅ ਮੀਲ ਦਾ ਖਾਣਾ ਵੀ ਖਾਧਾ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲ ’ਚ ਟੀਡੀਐੱਸ ਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਸਮੇਂ-ਸਮੇਂ ’ਤੇ ਕੀਤੀ ਜਾਵੇ। ਉਨ੍ਹਾਂ ਸਾਰੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ’ਚ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਲਾਭਪਾਤਰੀ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੀਆਂ ਸਕੀਮਾਂ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ’ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।