ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀ ਦਾ ਦੌਰਾ
ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 21 ਅਕਤੂਬਰ
ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਵੱਲੋਂ ਸਕੱਤਰ ਮੰਡੀ ਬੋਰਡ ਰਾਮਬੀਰ ਸਿੰਘ, ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐੱਸਐੱਸਪੀ ਡਾ. ਨਾਨਕ ਸਿੰਘ ਨਾਲ ਰਾਜਪੁਰਾ ਅਨਾਜ ਮੰਡੀ ਵਿੱਚ ਚੱਲ ਰਹੀ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਝੋਨੇ ਦੀ ਸਟੋਰੇਜ ਲਈ ਲੋੜ ਅਨੁਸਾਰ ਥਾਂ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਸਟੋਰੇਜ ਸਬੰਧੀ ਕੇਂਦਰ ਸਰਕਾਰ ਕੋਲ ਮਾਮਲਾ ਚੁੱਕਿਆ ਸੀ ਤੇ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰ ਕੇ ਵਾਧੂ ਸਟੋਰੇਜ ਸਮਰੱਥਾ ਵਧਾਉਣ ਲਈ ਦਬਾਅ ਪਾਇਆ ਸੀ, ਜਿਸ 'ਤੇ ਕੇਂਦਰ ਸਰਕਾਰ ਵੱਲੋਂ ਹਾਮੀ ਭਰੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਚੁਕਾਈ ਆਦਿ ਲਈ ਸਾਰੇ ਟੈਂਡਰ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਜੋ ਮਿੱਲ ਮਾਲਕਾਂ ਵੱਲੋਂ ਆਪਣੀਆਂ ਮੰਗਾਂ ਮੁੱਖ ਮੰਤਰੀ ਕੋਲ ਰੱਖੀਆਂ ਗਈ ਸਨ, ਉਨ੍ਹਾਂ ਦਾ ਹੱਲ ਕੀਤਾ ਗਿਆ ਹੈ ਤੇ ਸਾਰੀਆਂ ਮੰਗਾਂ ਕੇਂਦਰ ਸਰਕਾਰ ਦੇ ਧਿਆਨ ਵਿੱਚ ਵੀ ਲਿਆਂਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਥਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਏਡੀਸੀ ਅਨੁਪ੍ਰਿਤਾ ਜੌਹਲ, ਐਸਡੀਐਮ ਅਵਿਕੇਸ਼ ਗੁਪਤਾ, ਖ਼ੁਰਾਕ ਤੇ ਸਿਵਲ ਸਪਲਾਈ ਦੇ ਸੰਯੁਕਤ ਡਾਇਰੈਕਟਰ ਅਨਜ਼ੁਮਨ ਭਾਸਕਰ, ਡਿਪਟੀ ਡਾਇਰੈਕਟਰ ਤਰਵਿੰਦਰ ਸਿੰਘ ਚੋਪੜਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।