‘ਆਪ’ ਉੱਤੇ ਕਾਂਗਰਸੀ ਕੌਂਸਲਰਾਂ ਨੂੰ ਧਮਕਾਉਣ ਦਾ ਦੋਸ਼
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਜਨਵਰੀ
ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਅੱਜ ਪੁਲੀਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਗੂਆਂ ਦੋਸ਼ ਲਾਇਆ ਕਿ ਹਾਕਮ ਧਿਰ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਦੇ ਜਿੱਤੇ ਹੋਏ ਕੌਂਸਲਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਜਿਸ ਨੂੰ ਰੋਕਿਆ ਜਾਵੇ। ਪੁਲੀਸ ਅਧਿਕਾਰੀ ਨੂੰ ਮਿਲਣ ਤੋਂ ਬਾਅਦ ਓਪੀ ਸੋਨੀ ਨੇ ਆਖਿਆ ਕਿ ਕਾਂਗਰਸ ਦੇ ਕੁਝ ਕੌਂਸਲਰਾਂ ਦੇ ਘਰਾਂ ਵਿੱਚ ਪੁਲੀਸ ਕਰਮਚਾਰੀ ਗਏ ਸਨ। ਉਨ੍ਹਾਂ ਨੂੰ ‘ਆਪ’ ਦੇ ਹੱਕ ਵਿੱਚ ਭੁਗਤਣ ਲਈ ਡਰਾਇਆ ਧਮਕਾਇਆ ਗਿਆ, ਜੋ ਕਿਸੇ ਵੀ ਤਰ੍ਹਾਂ ਉਚਿਤ ਨਹੀਂ ਹੈ। ਉਨ੍ਹਾਂ ਪੁਲੀਸ ਅਧਿਕਾਰੀ ਨੂੰ ਆਖਿਆ ਕਿ ਇਸ ਮਾਮਲੇ ਨੂੰ ਤੁਰੰਤ ਰੋਕਿਆ ਜਾਵੇ ਨਹੀਂ ਤਾਂ ਕਾਂਗਰਸ ਵੱਲੋਂ ਇਸ ਖ਼ਿਲਾਫ਼ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਸੋਨੀ ਨੇ ਦੱਸਿਆ ਕਿ ਪੁਲੀਸ ਕਮਿਸ਼ਨਰ ਨੇ ਇਸ ਮਾਮਲੇ ਵਿੱਚ ਨਿਆਂ ਦਾ ਭਰੋਸਾ ਦਿੱਤਾ। ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਖਿਆ ਕਿ ਨਗਰ ਨਿਗਮ ਦੀਆਂ ਚੋਣਾਂ ਵਿੱਚ ਕਾਂਗਰਸ 41 ਕੌਂਸਲਰਾਂ ਨਾਲ ਵੱਡੀ ਪਾਰਟੀ ਵਜੋਂ ਉੱਭਰੀ ਹੈ ਜਦੋਂ ਕਿ ਹਾਕਮ ਧਿਰ ਆਮ ਆਦਮੀ ਪਾਰਟੀ ਨੂੰ ਸਿਰਫ 24 ਸੀਟਾਂ ਮਿਲੀਆਂ ਸਨ ਅਤੇ ਹੁਣ ਉਸ ਵੱਲੋਂ ਆਪਣਾ ਮੇਅਰ ਬਣਾਉਣ ਵਾਸਤੇ ਕੌਂਸਲਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਅਤੇ ਆਪਣੇ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਸਾਰੇ ਕੌਂਸਲਰ ਕਾਂਗਰਸ ਦੇ ਨਾਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਆਪਣਾ ਮੇਅਰ ਬਣਾਏਗੀ। ਉਨ੍ਹਾਂ ਦੋਸ਼ ਲਾਇਆ ਕਿ ਹਾਕਮ ਧਿਰ ਵੱਲੋਂ ਆਪਣਾ ਮੇਅਰ ਬਣਾਉਣ ਵਾਸਤੇ ਹੋਰ ਕੌਂਸਲਰਾਂ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਲਈ ਹਰ ਹਰਬਾ ਵਰਤਿਆ ਜਾ ਰਿਹਾ ਹੈ ਜੋ ਲੋਕਤੰਤਰ ਦੀ ਹੱਤਿਆ ਹੈ। ਦੱਸਣ ਯੋਗ ਹੈ ਕਿ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਇਹ ਮਾਮਲਾ ਉਭਾਰਿਆ ਸੀ।