‘ਆਪ’ ਨੇ ਭਾਜਪਾ ’ਤੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਲਾਏ ਦੋਸ਼
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੂਨ
ਆਮ ਆਦਮੀ ਪਾਰਟੀ ਪੰਜਾਬ ਨੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੰਗਲਵਾਰ ਰਾਤ ਨੂੰ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਨੇ ਭਾਜਪਾ ’ਤੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਦੇਸ਼ ਵਿੱਚ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਕੰਮ ਕਰਨ ਲੱਗੀ ਹੋਈ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
‘ਆਪ’ ਪੰਜਾਬ ਦੇ ਮੁੱਖ ਬੁਲਾਰੇ ਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਸਿਆਸੀ ਬਦਲਾਖੋਰੀ ਤਹਿਤ ‘ਆਪ’ ਖ਼ਿਲਾਫ਼ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸੇ ਵੀ ਤਰੀਕੇ ਨਾਲ ‘ਆਪ’ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਇਸ ਲਈ ਮੋਦੀ ਸਰਕਾਰ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂਆਂ ਖ਼ਿਲਾਫ਼ ਦੇਸ਼ ਦੀਆਂ ਜਾਂਚ ਏਜੰਸੀਆਂ ਦੀ ਗਲਤ ਢੰਗ ਨਾਲ ਵਰਤੋਂ ਕਰਨ ਲੱਗੀ ਹੋਈ ਹੈ।
ਸ੍ਰੀ ਕੰਗ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲਣ ਮਗਰੋਂ ਈਡੀ ਨੇ ਫ਼ੌਰੀ ਤੌਰ ’ਤੇ ਫ਼ੈਸਲੇ ਦੀ ਕਾਪੀ ਨਾ ਮਿਲਣ ’ਤੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਸਭ ਕੁਝ ਭਾਜਪਾ ਦੇ ਇਸ਼ਾਰੇ ’ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਰਾਘਵ ਰੈਡੀ ਤੇ ਸ਼ਰਦਚੰਦਰ ਰੈਡੀ ਨਾਲ ਭਾਜਪਾ ਦੇ ਸਬੰਧ ਹਨ। ਉਨ੍ਹਾਂ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ 60 ਕਰੋੜ ਰੁਪਏ ਦੇ ਚੋਣ ਫੰਡ ਦਿੱਤੇ ਹਨ। ਭਾਜਪਾ ਨੂੰ ਫੰਡ ਦੇਣ ਵਾਲੇ ਵਿਅਕਤੀ ਦੇ ਬਿਆਨ ਦੇ ਆਧਾਰ ’ਤੇ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ।