‘ਆਪ’ ਤੇ ਕਾਂਗਰਸ ਨੇ ਰਲ਼ ਕੇ ਖੜ੍ਹੇ ਕੀਤੇ ਉਮੀਦਵਾਰ: ਹਰਸਿਮਰਤ
ਮਨੋਜ ਸ਼ਰਮਾ
ਬਠਿੰਡਾ, 24 ਮਈ
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ-ਆਮ ਆਦਮੀ ਪਾਰਟੀ (ਆਪ) ਦੀ ਯੋਜਨਾ ਸਮਝਣ ਕਿਉਂਕਿ ਜਿਸ ਸੀਟ ’ਤੇ ਇੱਕ ਪਾਰਟੀ ਮਜ਼ਬੂਤ ਹੈ, ਉਥੇ ਹੀ ਦੂਜੀ ਨੇ ਕਮਜ਼ੋਰ ਉਮੀਦਵਾਰ ਖੜ੍ਹੇ ਕੀਤੇ ਹਨ ਤੇ ਇਸ ਤਰੀਕੇ ਲੋਕ ਸਭਾ ਸੀਟਾਂ ਆਪਸ ਵਿੱਚ ਵੰਡ ਲਈਆਂ ਹਨ। ਉਹ ਅੱਜ ਬਠਿੰਡਾ ਦਿਹਾਤੀ ਦੇ ਪਿੰਡ ਦਿਉਣ, ਬੁਰਜ ਮਹਿਮਾ, ਕਿਲੀ, ਭੀਸੀਆਣਾ, ਵਿਰਕ ਕਲਾਂ, ਵਿਰਕ ਖੁਰਦ ਆਦਿ ਦੌਰਾ ਕੀਤਾ। ਉਨ੍ਹਾਂ ਪਿੰਡਾਂ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਆਪ ਅਤੇ ਕਾਂਗਰਸ ਵੱਲੋਂ ਦੋਵੇਂ ਪਾਰਟੀਆਂ ਨੇ ਇਕ-ਦੂਜੇ ਨਾਲ ਸਲਾਹ ਮਸ਼ਵਰਾ ਕਰ ਕੇ ਉਮੀਦਵਾਰ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਪੰਜਾਬੀ ਇਸ ਯੋਜਨਾ ਨੂੰ ਸਮਝਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਪ ਸੂਬੇ ਨੂੰ ਦਰਪੇਸ਼ ਮੁਸ਼ਕਲਾਂ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸੱਤ ਸਾਲਾਂ ਦੌਰਾਨ ਹਲਕੇ ਵਿਚ ਕੋਈ ਵਿਕਾਸ ਕਾਰਜ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਥੇ ਹੁਣ ਬੁਨਿਆਦੀ ਨਾਗਰਿਕ ਸਹੂਲਤਾਂ ਵੀ ਨਹੀਂ ਮਿਲ ਰਹੀਆਂ।