ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਨੇ ਹਰਿਆਣਾ ’ਚ ਡੇਰਾ ਮੁਖੀ ਨਾਲ ਵੋਟਾਂ ਦਾ ਸੌਦਾ ਕੀਤਾ: ਬੀਬੀ ਜਗੀਰ ਕੌਰ

08:39 AM Jul 23, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਜਗੀਰ ਕੌਰ ਤੇ ਗੁਰਪ੍ਰਤਾਪ ਸਿੰਘ ਵਡਾਲਾ। -ਫੋਟੋ: ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ
ਜਲੰਧਰ, 22 ਜੁਲਾਈ
ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਧੜੇ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਬਾਗੀਆਂ ਦੀ ਮੋਹਰੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਮਾਮਲੇ ਦੇ ਮੁਲਜ਼ਮ ਡੇਰਾ ਸਿਰਸਾ ਦੇ ਮੁਖੀ ਨਾਲ ‘ਵੋਟਾਂ ਦਾ ਸੌਦਾ’ ਕਰ ਲਿਆ ਹੈ। ਇਸੇ ਕਰਕੇ ਬੇਅਦਬੀ ਮਾਮਲੇ ’ਚ ਪੰਜਾਬ ਸਰਕਾਰ ਨੇ ਉਸੇ ਤਰ੍ਹਾਂ ਚੁੱਪ ਧਾਰ ਲਈ ਹੈ ਜਿਵੇਂ ਅਕਤੂਬਰ 2015 ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਚੁੱਪ ਵੱਟੀ ਸੀ। ਅੱਜ ਇੱਥੇ ਪ੍ਰੈੱਸ ਕਾਨਫਰੰਸ ’ਚ ਬੀਬੀ ਜਗੀਰ ਕੌਰ ਤੇ ਬਾਗੀ ਧੜੇ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਬੇਅਦਬੀ ਮਾਮਲਿਆਂ ’ਚ ਸਿੱਖ ਸੰਗਤ ਨੂੰ ਇਨਸਾਫ਼ ਨਾ ਦੇਣ ਦੇ ਮਾਮਲੇ ’ਚ ਲੋਕ ਆਮ ਆਦਮੀ ਪਾਰਟੀ ਨੂੰ ਵੀ ਉਸ ਦੇ ਸਜ਼ਾ ਦੇਣਗੇ ਜਿਸ ਤਰ੍ਹਾਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਸਜ਼ਾ ਦਿੱਤੀ ਸੀ। ਬੀਬੀ ਜਗੀਰ ਕੌਰ ਨੇ ਦਾਅਵਾ ਕੀਤਾ ਕਿ ਹਰਿਆਣਾ ਦੀਆਂ 90 ਸੀਟਾਂ ’ਤੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਸੂਬੇ ਵਿੱਚ ਕਈ ਥਾਵਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਕਾਰਨ ਮੁੱਖ ਮੰਤਰੀ ਨੇ ਡੇਰਾ ਮੁਖੀ ਪ੍ਰਤੀ ਨਰਮ ਰਵੱਈਆ ਅਪਣਾਇਆ ਹੈ, ਕਿਉਂਕਿ ਹਰਿਆਣਾ ਤੋਂ ਇਲਾਵਾ ਪੰਜਾਬ ਦੇ ਮਾਲਵਾ ਖੇਤਰ ’ਚ ਵੀ ਡੇਰਾ ਸਿਰਸਾ ਦੇ ਵੱਡੀ ਗਿਣਤੀ ਪੈਰੋਕਾਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਸਿਆਸੀ ਲਾਹਾ ਲੈਣ ਲਈ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਜਦੋਂਕਿ ਸਾਬਕਾ ਆਈਜੀ ਰਣਵੀਰ ਸਿੰਘ ਖਟੜਾ ’ਤੇ ਆਧਾਰਿਤ ਸਿਟ ਨੇ ਜਾਂਚ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੀ ਕਥਿਤ ਸ਼ਮੂਲੀਅਤ ਦਾ ਸਪੱਸ਼ਟ ਖੁਲਾਸਾ ਕੀਤਾ ਹੈ। ਇਸ ਦੇ ਬਾਵਜੂਦ ਕੇਸ ਨੂੰ ਅੱਗੇ ਲਿਜਾਣ ਲਈ ਗ੍ਰਹਿ ਮੰਤਰਾਲੇ ਕੋਲ ਭੇਜ ਦਿੱਤਾ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ‘ਆਪ’ ਬੇਅਦਬੀ ਦੇ ਮਾਮਲੇ ਹੱਲ ਕਰਵਾਉਣ ਦਾ ਵਾਅਦਾ ਕਰਕੇ ਆਏ ਸਨ ਪਰ ਸੱਤਾ ਹਾਸਲ ਕਰਨ ਤੋਂ ਬਾਅਦ ਹੁਣ ਉਹ ਵੀ ਸ਼੍ਰੋਮਣੀ ਅਕਾਲੀ ਦਲ ਵਾਲੇ ਰਾਹ ਪੈ ਗਈ ਹੈ।

Advertisement

ਸਰਕਾਰ ਨੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਵਿਸਾਰਿਆ: ਵਡਾਲਾ

ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ‘ਆਪ’ ਨੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਵਿਸਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੀ ‘ਆਪ’ ਸਰਕਾਰ ਨਾ ਤਾਂ ਅਪਰਾਧ ’ਤੇ ਕਾਬੂ ਪਾ ਸਕੀ ਹੈ ਅਤੇ ਨਾ ਹੀ ਨਸ਼ਿਆਂ ਨੂੰ ਠੱਲ੍ਹ ਪਾ ਸਕੀ ਹੈ। ਵੇਰਕਾ ਮਿਲਕ ਪਲਾਂਟਾਂ ਨੂੰ ਤਬਾਹ ਕਰਕੇ ਸੂਬੇ ਦੀ ਸਹਿਕਾਰਤਾ ਲਹਿਰ ਨੂੰ ਪ੍ਰਭਾਵਿਤ ਕਰਨ ਦੀ ਕਥਿਤ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਠੰਢੇ ਬਸਤੇ ’ਚ ਹੈ।

Advertisement
Advertisement
Advertisement