ਨਾਮਜ਼ਦਗੀਆਂ ਵੇਲੇ ‘ਆਪ’ ਨੇ ਧੱਕੇਸ਼ਾਹੀ ਦੇ ਰਿਕਾਰਡ ਤੋੜੇ: ਸੁਖਬੀਰ ਬਾਦਲ
ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ
ਪੰਚਾਇਤ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਦੇ ਰੋਸ ਵਜੋਂ ਅਕਾਲੀ ਦਲ ਵੱਲੋਂ ਗਿੱਦੜਬਾਹਾ ਵਿਚ ਮੁਜ਼ਾਹਰਾ ਕੀਤਾ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਘੱਟ ਗੱਲ ਕੀਤੀ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕੀਤੇ ਕੰਮਾਂ ਦੇ ਸੋਹਲੇ ਜ਼ਿਆਦਾ ਗਾਏ। ਉਨ੍ਹਾਂ ਵਾਰ-ਵਾਰ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਗਿੱਦੜਬਾਹਾ ਖੇਤਰ ਨੂੰ ਕੱਖਾਂ ਤੋਂ ਲੱਖਾਂ ਦਾ ਬਣਾਇਆ।
ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਰਾਜ ਵਿੱਚ ਕੋਈ ਗੁੰਡਾਗਰਦੀ ਨਹੀਂ ਸੀ ਹੁੰਦੀ ਹੁਣ ਤਾਂ ਗੈਂਗਸਟਰਾਂ ਦਾ ਰਾਜ ਹੈ। ਉਨ੍ਹਾਂ ਲੋਕਾਂ ਨੂੰ ਉਲਾਂਭਾ ਦਿੱਤਾ ਕਿ ਇਹ ਗਲਤ ਫੈਸਲਾ ਉਨ੍ਹਾਂ ਖੁਦ ਕੀਤਾ ਹੈ। ਉਨ੍ਹਾਂ ‘ਵੱਡੇ ਬਾਦਲ’ ਦੇ ਗੁਣ ਗਾਉਂਦੇ ਕਿਹਾ ਕਿ ‘ਬਾਦਲ ਸਾਹਿਬ’ ਨੇ ਹਰ ਘਰ ਟਿਊਬਵੈਲ ਕੁਨੈਕਸ਼ਨ ਦਿੱਤੇ, ਕੱਸੀਆਂ, ਮੋਘੇ ਲਾਏ, ਸੇਮ ਖਤਮ ਕੀਤੀ। ਗਿੱਦੜਬਾਹਾ ਹਲਕੇ ’ਚ ਸੜਕਾਂ, ਸਕੂਲ, ਧਰਮਸ਼ਾਲਾ, ਮੰਡੀਆਂ ਸਭ ਕੁੱਝ ਬਾਦਲ ਸਰਕਾਰ ਦੀ ਦੇਣ ਹੈ। ਉਨ੍ਹਾਂ ਵਾਰ-ਵਾਰ ਅਕਾਲੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਉਨ੍ਹਾਂ ਤੀਹ ਸਾਲ ਦੀ ਸਿਆਸਤ ’ਚ ਬਹੁਤ ਧੱਕੇ ਵੇਖੇ ਹਨ ਪਰ ਜਿੰਨਾ ਧੱਕਾ ਗਿੱਦੜਬਾਹਾ ਹਲਕੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤਾ ਉਹ ਸਾਰੇ ਹੱਦਾਂ ਬੰਨ੍ਹੇ ਟੱਪ ਗਿਆ ਹੈ।
ਉਨ੍ਹਾਂ ਕਿਹਾ ਕਿ ਜਿਸ ਦੇ ਵੀ ਕਾਗਜ਼ ਰੱਦ ਹੋਏ ਹਨ ਉਹ ਗਿੱਦੜਬਾਹਾ ਦਫਤਰ ਵਿੱਚ ਜਮ੍ਹਾਂ ਕਰਵਾ ਦੇਣ, ਉਨ੍ਹਾਂ ਦਾ ਬਿਨਾਂ ਖਰਚਾ ਅਕਾਲੀ ਦਲ ਰਿੱਟ ਦਾਖਲ ਕਰੇਗਾ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਚਾਇਤੀ ਚੋਣਾਂ ਨਵੇਂ ਸਿਰੇ ਤੋਂ ਕਰਵਾਉਣ ਦੀ ਮੰਗ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ’ਤੇ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਤੋਂ ਲੈ ਕੇ ਪੂਰੀ ਚੋਣ ਪ੍ਰਕਿਰਿਆ ਦੌਰਾਨ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਪੰਚਾਇਤੀ ਚੋਣਾਂ ਨਵੇਂ ਸਿਰੇ ਤੋਂ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਕਿ ਸਾਰਿਆਂ ਨੂੰ ਬਰਾਬਰ ਮੌਕਾ ਦਿੱਤਾ ਜਾ ਸਕੇ। ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਲੀਗਲ ਸੈਲ ਦੇ ਮੁਖੀ ਅਰਸ਼ਦੀਪ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਡਾ.ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬਾਈ ਚੋਣ ਕਮਿਸ਼ਨ ਪੰਚਾਇਤੀ ਚੋਣਾਂ ਨੂੰ ਆਜ਼ਾਦ, ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਵਿਚ ਫੇਲ੍ਹ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਉਮੀਦਵਾਰਾਂ ਨੂੰ ਧੱਕੇ ਨਾਲ ਪੰਚਾਇਤ ਚੋਣ ਪ੍ਰਕਿਰਿਆ ਤੋਂ ਬਾਹਰ ਕੀਤਾ ਗਿਆ ਪਰ ਉਨ੍ਹਾਂ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਨ ਵਾਲੇ 48 ਉਮੀਦਵਾਰਾਂ ਨੂੰ ਰਾਹਤ ਦਿੱਤੀ ਗਈ ਜਿਸ ’ਤੇ ਉਨ੍ਹਾਂ ਅਦਾਲਤ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਲਕੇ 300 ਤੋਂ ਜ਼ਿਆਦਾ ਹੋਰ ਪਟੀਸ਼ਨਾਂ ਹਾਈਕੋਰਟ ਵਿੱਚ ਦਾਇਰ ਕੀਤੀਆਂ ਜਾਣਗੀਆਂ। ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਈ ਵਾਰ ਸੂਬਾਈ ਚੋਣ ਕਮਿਸ਼ਨ ਤੱਕ ਪਹੁੰਚ ਕਰ ਕੇ ਸ਼ਿਕਾਇਤਾਂ ਦਿੱਤੀਆਂ ਸਨ ਪਰ ਚੋਣ ਕਮਿਸ਼ਨਰ ਨੇ ਉਨ੍ਹਾਂ ਵੱਲੋਂ ਸੌਂਪੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੀ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਜਦੋਂ ਹਾਈ ਕੋਰਟ ਨੇ ਚੋਣ ਪ੍ਰਕਿਰਿਆ ਦੌਰਾਨ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਚੋਣਾਂ ’ਤੇ ਰੋਕੀ ਲਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਸੂਬੇ ਦੇ ਡੀਜੀਪੀ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਵਿਚ ਨਾਕਾਮ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਅਪੀਲ ਕੀਤੀ ਕਿ ਸਾਰੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ।