‘ਆਪ’ ਵੱਲੋਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਤੇਜ਼
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਮਾਰਚ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਲਈ ‘ਆਪ’ ਨੇ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਹੈ। ‘ਆਪ’ ਵਰਕਰਾਂ ਤੇ ਵਾਲੰਟੀਅਰਾਂ ਵੱਲੋਂ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ’ਤੇ ਘਰ-ਘਰ ਜਾ ਕੇ ‘ਆਪ’ ਸਰਕਾਰ ਦੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਤੋਂ ਬਹੁਤ ਖੁਸ਼ ਹਨ, ਜੋ ਲੋਕ ਸਭਾ ਚੋਣਾਂ ਵਿੱਚ ਵੀ ਸਾਰੀਆਂ ਸੀਟਾਂ ’ਤੇ ‘ਆਪ’ ਉਮੀਦਵਾਰਾਂ ਨੂੰ ਯਕੀਨੀ ਜਿੱਤ ਦਿਵਾਉਣਗੇ।
ਸ੍ਰੀ ਬਰਸਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਕਦੇ ਵੀ ਪੂਰੇ ਨਹੀਂ ਕੀਤੇ ਹਨ। ਇਸੇ ਕਰਕੇ ਪੰਜਾਬ ਦੇ ਲੋਕਾਂ ਨੇ ਦੇਸ਼ ’ਤੇ 70 ਸਾਲ ਰਾਜ ਕਰਨ ਵਾਲੀਆਂ ਪਾਰਟੀਆਂ ਨੂੰ ਪਾਸੇ ਹਟਾ ਕੇ ਆਮ ਲੋਕਾਂ ਨੂੰ ਸੱਤਾ ਚਲਾਉਣ ਦਾ ਮੌਕਾ ਦਿੱਤਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਲਈ ਚੋਣਾਂ ਲੜ ਰਹੇ ਹਨ, ਜਿਨ੍ਹਾਂ ਵੱਲੋਂ ਲੋਕਾਂ ਨੂੰ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹਿੱਤਾਂ ਨੂੰ ਛੱਡ ਕੇ ਆਪਣੇ ਨਿੱਜੀ ਸਵਾਰਥ ਨੂੰ ਉੱਪਰ ਰੱਖਿਆ ਹੋਇਆ ਹੈ ਜਿਸ ਕਰ ਕੇ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਜ਼ਬਤ ਹੋਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
ਕੁਲਦੀਪ ਧਾਲੀਵਾਲ ਵਲੋਂ ਚੋਣ ਪ੍ਰਚਾਰ ਸ਼ੁਰੂ
ਅੰਮ੍ਰਿਤਸਰ, (ਟ੍ਰਬਿਿਉੂਨ ਨਿਉੂਜ਼ ਸਰਵਿਸ): ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਰਾਜਾਸਾਂਸੀ ਵਿੱਚ ਇੱਕ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਪੰਜਾਬ ਦੇ ਵਿਕਾਸ ਵਿੱਚ ਰੋੜਾ ਅਟਕਾਉਣ ਲਈ ਕੇਂਦਰ ਸਰਕਾਰ ਨੇ ਆਰ ਡੀ ਐਫ਼ ਫੰਡ ਰੋਕੇ ਹਨ। ਜਿਹੜੀ ਭਾਜਪਾ ਸਰਕਾਰ ਪੰਜਾਬ ਦੀ ਝਾਕੀ ਤੱਕ ਤੇ ਰੋਕ ਲੱਗਾ ਸਕਦੀ ਹੈ ਉਹ ਪੰਜਾਬ ਦੇ ਪੱਖ ਵਿੱਚ ਕਿਵੇਂ ਹੋ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਝੂਠੇ ਕੇਸ ਦਰਜ ਕਰਕੇ ਵਰਕਰਾਂ ਦਾ ਮਨੋਬਲ ਡੇਗਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਆਮ ਆਦਮੀ ਪਾਰਟੀ ਵਰਕਰਾਂ ਦੇ ਹੌਂਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਦਾ 13-0 ਦਾ ਸੁਪਨਾ ਵੀ ਸਾਕਾਰ ਹੋਵੇਗਾ। ਉਹ ਲੋਕ ਸਭਾ ਵਿੱਚ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ। ਇਸ ਮੌਕੇ ਸਹਿ ਪ੍ਰਧਾਨ ਮਹਿਲਾ ਵਿੰਗ ਸੀਮਾ ਸੋਢੀ, ਦਲਜੀਤ ਸਿੰਘ ਮੀਆਦੀਆਂ ਸਮੇਤ ਆਮ ਆਦਮੀ ਪਾਰਟੀ ਲੀਡਸ਼ਿਪ ਤੇ ਵਰਕਰ ਹਾਜ਼ਰ ਸਨ।