For the best experience, open
https://m.punjabitribuneonline.com
on your mobile browser.
Advertisement

‘ਆਪ’ ਨੇ ਜਲੰਧਰ ਜ਼ਿਮਨੀ ਚੋਣ ਦੀ ਜਿੱਤ ਦਾ ਜਸ਼ਨ ਮਨਾਇਆ

09:07 AM Jul 14, 2024 IST
‘ਆਪ’ ਨੇ ਜਲੰਧਰ ਜ਼ਿਮਨੀ ਚੋਣ ਦੀ ਜਿੱਤ ਦਾ ਜਸ਼ਨ ਮਨਾਇਆ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ ਤੇ ਹਰਭਜਨ ਸਿੰਘ ਈਟੀਓ ਅਤੇ ਹੋਰ ਆਗੂ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 13 ਜੁਲਾਈ
‘ਆਪ’ ਆਗੂਆਂ ਨੇ ਅੱਜ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ’ਚ ਵੱਡੀ ਜਿੱਤ ’ਤੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਢੋਲ ਵਜਾ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਲੱਡੂ ਵੰਡੇ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ ਤੇ ਹਰਭਜਨ ਸਿੰਘ ਈਟੀਓ ਨੇ ਪਾਰਟੀ ਦਫ਼ਤਰ ਪਹੁੰਚ ਕੇ ਵਰਕਰਾਂ ਨੂੰ ਜਿੱਤ ਦੀ ਵਧਾਈ ਦਿੱਤੀ।
ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ ਜਿਨ੍ਹਾਂ ਨੇ ‘ਆਪ’ ਉਮੀਦਵਾਰ ਮਹਿੰਦਰ ਭਗਤ ਨੂੰ 37,325 ਵੋਟਾਂ ਦੇ ਫ਼ਰਕ ਨਾਲ ਜਿਤਾ ਕੇ ਸੂਬਾ ਸਰਕਾਰ ਦੇ ਕੰਮਾਂ ’ਤੇ ਮੋਹਰ ਲਗਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਭਾਜਪਾ ਤੋਂ ਦੇਸ਼ ਦੇ ਸੰਵਿਧਾਨ ਨੂੰ ਖ਼ਤਰਾ ਹੈ। ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਬਦਲਣਾ ਚਾਹੁੰਦੀ ਹੈ। ਇਸੇ ਕਰ ਕੇ ਪੰਜਾਬ ਦੇ ਲੋਕਾਂ ਨੇ ਜਲੰਧਰ ਜ਼ਿਮਨੀ ਚੋਣ ਵਿੱਚੋਂ ਵੀ ਕਾਂਗਰਸ ਤੇ ਭਾਜਪਾ ਨੂੰ ਨਕਾਰਦਿਆਂ ‘ਆਪ’ ਉਮੀਦਵਾਰ ਨੂੰ ਵੋਟਾਂ ਪਾ ਕੇ ਕਾਮਯਾਬ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ‘ਆਪ’ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਖੁਸ਼ ਹਨ। ਭਵਿੱਖ ਦੀਆਂ ਚੋਣਾਂ ਵਿੱਚ ਵੀ ‘ਆਪ’ ਯਕੀਨੀ ਜਿੱਤ ਹਾਸਲ ਕਰੇਗੀ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ‘ਆਪ’ ਉਮੀਦਵਾਰ ਭਗਤ ਦੀ ਵੱਡੀ ਜਿੱਤ ਕਾਰਨ ਵਿਰੋਧੀ ਪਾਰਟੀਆਂ ਦੀਆਂ ਸਾਰੀਆਂ ਚਾਲਾਂ ਫੇਲ੍ਹ ਹੋ ਗਈਆਂ ਹਨ। ਸ੍ਰੀ ਭਗਤ ਦਾ ਪਰਿਵਾਰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਲੋਕਾਂ ਦੇ ਦਿਲਾਂ ਵਿੱਚ ਵਸਿਆ ਹੋਇਆ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਹ ਸਿਰਫ਼ ‘ਆਪ’ ਹੈ, ਜੋ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ। ਇਸੇ ਲਈ ਜਲੰਧਰ ਪੱਛਮੀ ਦੇ ਲੋਕਾਂ ਨੇ ਇੰਨੀ ਵੱਡੀ ਜਿੱਤ ਦਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ੀਤਲ ਅੰਗੁਰਾਲ ਪੈੱਨ ਡਰਾਈਵ ਲੈ ਕੇ ਇੱਧਰ-ਉੱਧਰ ਘੁੰਮਦਾ ਰਿਹਾ ਪਰ ਉਸ ਨੂੰ ਕੁਝ ਹਾਸਲ ਨਹੀਂ ਹੋਇਆ, ਕਿਉਂਕਿ ਲੋਕਾਂ ਨੂੰ ਪਤਾ ਸੀ ਕਿ ਉਹ ਡਰਾਮਾ ਕਰ ਰਿਹਾ ਹੈ। ਇਸ ਮੌਕੇ ਪਾਰਟੀ ਦੇ ਬੁਲਾਰੇ ਨੀਲ ਗਰਗ ਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ।

‘ਵੋਟਰਾਂ ਨੇ ‘ਆਪ’ ਦੇ ਕੰਮਾਂ ਦਾ ਮੁੱਲ ਮੋੜਿਆ’

ਚੰਡੀਗੜ੍ਹ (ਪੱਤਰ ਪ੍ਰੇਰਕ): ਜਲੰਧਰ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦੀ ਸ਼ਾਨਦਾਰ ਜਿੱਤ ਨੇ ਜਿੱਥੇ ਵਿਰੋਧੀ ਪਾਰਟੀਆਂ ਦੇ ਕਰਾਰੀ ਸੱਟ ਮਾਰੀ ਹੈ, ਉੱਥੇ ਹੀ ਦਲ ਬਦਲੂ ਅਤੇ ਸੱਤਾ ਦੀ ਲਾਲਸਾ ਰੱਖਣ ਵਾਲਿਆਂ ਨੂੰ ਵੀ ਸਬਕ ਸਿਖਾ ਦਿੱਤਾ ਹੈ। ਇਸ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਨੂੰ ਦਿਲੋਂ ਕਬੂਲਦੇ ਹਨ ਅਤੇ ਲੋਕਾਂ ਨੇ ‘ਆਪ’ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਮੁੱਲ ਮੋੜਿਆ ਹੈ। ਇਸ ਜਿੱਤ ਨਾਲ ਜਿੱਥੇ ਪਾਰਟੀ ਹੋਰ ਮਜ਼ਬੂਤ ਹੋਈ ਹੈ, ਉੱਥੇ ਹੀ ਲੋਕਾਂ ਦਾ ਵਿਸ਼ਵਾਸ ਅਤੇ ਪਾਰਟੀ ਦੇ ਵਰਕਰਾਂ ਦਾ ਮਨੋਬਲ ਹੋਰ ਉੱਚਾ ਹੋਇਆ ਹੈ। ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਜਨਰਲ ਸਕੱਤਰ ਹਰਮੰਦਰ ਸਿੰਘ ਬਰਾੜ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਸੰਯੁਕਤ ਸਕੱਤਰ ਬਚਿੱਤਰ ਸਿੰਘ, ਖੁਸ਼ਿਵੰਦਰ ਸਿੰਘ ਕਪਿਲਾ, ਜ਼ਿਲ੍ਹਾ ਪ੍ਰਧਾਨ ਮੋਹਾਲੀ ਰਣਜੀਤ ਸਿੰਘ ਢਿੱਲੋਂ, ਜ਼ਿਲ੍ਹਾ ਸਕੱਤਰ ਅਪਨਿੰਦਰ ਸਿੰਘ ਘੜੂੰਆਂ, ਜ਼ਿਲ੍ਹਾ ਪ੍ਰਧਾਨ ਮਾਨਸਾ ਸੁਭਾਸ਼ ਨਾਗਪਾਲ, ਜਨਰਲ ਸਕੱਤਰ ਗੁਰਦਰਸ਼ਨ ਸਿੰਘ ਅਤੇ ਹਰਪਾਲ ਸਿੰਘ ਖਾਲਸਾ ਅਤੇ ਦਲਬੀਰ ਸਿੰਘ ਬਾਜਵਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਦੀ ਜਿੱਤ ਭਗਵੰਤ ਮਾਨ ਦੀ ਕਾਰਗੁਜ਼ਾਰੀ ਅਤੇ ਵਰਕਰਾਂ ਦੀ ਸੱਚੀ-ਸੁੱਚੀ ਮਿਹਨਤ ’ਤੇ ਸਹੀ ਮੋਹਰ ਲਾਉਂਦੀ ਹੈ। ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਹਿੰਦਰ ਭਗਤ ਨੂੰ ਵਧਾਈ ਦਿੰਦਿਆਂ ਸੂਬੇ ਦੇ ਸਮੂਹ ਪੈਨਸ਼ਨਰਾਂ ਅਤੇ ਮੁਲਾਜ਼ਮ ਵਰਗ ਦੇ ਸਹਿਯੋਗ ਦਾ ਵੀ ਧੰਨਵਾਦ ਕੀਤਾ ਹੈ।

Advertisement

Advertisement
Author Image

sukhwinder singh

View all posts

Advertisement
×