‘ਆਪ’ ਨੇ ਨਾਮਜ਼ਦਗੀਆਂ ’ਚ ਵਾਧਾ ਹੋਣ ਦਾ ਕੀਤਾ ਦਾਅਵਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਕਤੂਬਰ
ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਸੱਤਾਧਾਰੀ ਧਿਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ (ਆਪ) ਆਗੂ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਇਸ ਵਾਰ ਵੱਡੀ ਗਿਣਤੀ ਲੋਕ ਪੰਚਾਇਤੀ ਚੋਣਾਂ ਵਿੱਚ ਸ਼ਮੂਲੀਅਤ ਕਰ ਰਹੇ ਹਨ, ਜਦੋਂ ਕਿ ਵਿਰੋਧੀ ਧਿਰ ਚੋਣਾਂ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਦੌਰਾਨ ਸਾਲ 2018 ਦੇ ਮੁਕਾਬਲੇ 2024 ਵਿੱਚ ਵਾਧੂ ਨਾਮਜ਼ਦਗੀਆਂ ਦਾਖਲ ਹੋਈਆਂ।
ਸ੍ਰੀ ਕੰਗ ਨੇ ਕਿਹਾ ਕਿ ਸਾਲ 2018 ਵਿੱਚ ਕਾਂਗਰਸ ਦੀ ਸਰਕਾਰ ਸਮੇਂ ਸਰਪੰਚ ਦੇ ਅਹੁਦੇ ਲਈ 48,111 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ, ਜਦਕਿ ਮੌਜੂਦਾ ਵਰ੍ਹੇ ‘ਆਪ’ ਦੇ ਸ਼ਾਸਨ ’ਚ ਇਹ ਗਿਣਤੀ ਵਧ ਕੇ 52,825 ਹੋ ਗਈ ਹੈ। ਇਸੇ ਤਰ੍ਹਾਂ ਪੰਚ ਦੇ ਅਹੁਦੇ ਲਈ ਸਾਲ 2018 ਵਿੱਚ 162,383 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ। ਇਹ ਅੰਕੜਾ ਵਧ ਕੇ 166,338 ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਮਾਹੌਲ ਖਰਾਬ ਕਰਨ ਲੱਗੀਆਂ ਹੋਈਆਂ ਹਨ। ਪਿਛਲੇ ਦੋ ਦਹਾਕਿਆਂ ਤੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੇਰਾਫੇਰੀ ਤੇ ਹਿੰਸਾ ਨਾਲ ਪ੍ਰਭਾਵਿਤ ਹੋਈਆਂ ਹਨ। ਇਸ ਵਾਰ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਸੰਸਦ ਮੈਂਬਰ ਨੇ ਕਿਹਾ ਕਿ ਲੰਘੇ ਦਿਨ ਜਲਾਲਾਬਾਦ ਵਿੱਚ ਮਨਦੀਪ ਬਰਾੜ ਨਾਮੀ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਸਨ ਤਾਂ ਕੁਝ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਕਾਲੀ ਦਲ, ਕਾਂਗਰਸ ਤੇ ਭਾਜਪਾ ਸਮੇਤ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਹਿੰਸਾ ਦਾ ਡਟ ਕੇ ਸਾਹਮਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਦੌਰਾਨ ਕਿਸੇ ਨੂੰ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ‘ਆਪ’ ਸਰਕਾਰ ਇਨ੍ਹਾਂ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹੇਗੀ।