‘ਆਪ’ ਕੰਢੀ ਖੇਤਰ ਦੇ ਵਿਕਾਸ ਲਈ ਵਚਨਬੱਧ: ਮਾਨ
ਹੁਸ਼ਿਆਰਪੁਰ ਵਿੱਚ 867 ਕਰੋੜ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 18 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਹੁਸ਼ਿਆਰਪੁਰ ’ਚ 867 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਤੋਂ ਬਾਅਦ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ ਜਦੋਂ ਸਮੁੱਚੇ ਕੰਢੀ ਖੇਤਰ ਦੀ ਕਿਸਮਤ ਬਦਲ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਸ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣਗੇ ਤੇ ਲੋਕਾਂ ਦੇ ਜੀਵਨ ਵਿਚ ਖੁਸ਼ਹਾਲੀ ਲਿਆਉਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਇਸ ਖੇਤਰ ਨੂੰ ਅੱਖੋਂ-ਪਰੋਖੇ ਕੀਤਾ ਪਰ ਉਨ੍ਹਾਂ ਦੀ ਸਰਕਾਰ ਇਸ ਖੇਤਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ, ਸਕੂਲਾਂ ਵਿਚ ਮੁਕੰਮਲ ਤੌਰ ’ਤੇ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ ਅਤੇ ਲੋਕਾਂ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਲੋਕਾਂ ਨੇ ਮਹਿਲਾਂ ਜਾਂ ਵੱਡੇ ਘਰਾਂ ’ਚ ਰਹਿਣ ਵਾਲੇ ਅਤੇ ‘ਕਾਕਾ ਜੀ’ ਅਤੇ ‘ਬੀਬਾ ਜੀ’ ਦੇ ਨਾਵਾਂ ਨਾਲ ਜਾਣੇ ਜਾਂਦੇ ਆਗੂਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਕਾਂਗਰਸ ਦੋਵਾਂ ਨੇ ਹਮੇਸ਼ਾ ਜਨਤਾ ਨੂੰ ਮੂਰਖ ਹੀ ਬਣਾਇਆ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਲਈ ਪੂਰਨ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਕਾਸ ਤੇ ਖੁਸ਼ਹਾਲੀ ਦੀ ਰਫ਼ਤਾਰ ਨੂੰ ਬਰਕਰਾਰ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਮਿਸਾਲੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 18 ਮਹੀਨਿਆਂ ਦੌਰਾਨ ਮਾਨ ਸਰਕਾਰ ਨੇ ਸੂਬੇ ਦੇ ਹਰ ਖੇਤਰ ’ਚ ਵੱਡੀ ਕ੍ਰਾਂਤੀ ਲਿਆਂਦੀ ਜਦਕਿ ਪਿਛਲੀਆਂ ਸਰਕਾਰਾਂ ਨੇ ਇਸ ਬਾਰੇ ਕਦੇ ਨਹੀਂ ਸੋਚਿਆ।
ਨਵੇਂ ਪ੍ਰਾਜੈਕਟਾਂ ’ਚ ਸਰਕਾਰੀ ਮੈਡੀਕਲ ਕਾਲਜ ਵੀ ਸ਼ਾਮਲ
ਹੁਸ਼ਿਆਰਪੁਰ: ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ 867 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਵਿੱਚ 550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਸਮੇਤ ਕਈ ਹੋਰ ਪ੍ਰਾਜੈਕਟ ਸ਼ਾਮਲ ਹਨ। ਸ਼ਹੀਦ ਊਧਮ ਸਿੰਘ ਦੇ ਨਾਮ ’ਤੇ ਬਣਨ ਵਾਲੇ ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਉਨ੍ਹਾਂ ਸ੍ਰੀ ਖੁਰਾਲਗੜ੍ਹ ਵਿਚ ਗੁਰੂ ਰਵਿਦਾਸ ਜੀ ਮੈਮੋਰੀਅਲ ਅਤੇ ਆਡੀਟੋਰੀਅਮ ਤੇ ਓਪਨ ਥੀਏਟਰ ਵੀ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ 148 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਪ੍ਰਾਜੈਕਟ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਬਾਰੇ ਜਾਣੂ ਕਰਵਾਉਣ ’ਚ ਸਹਾਈ ਹੋਵੇਗਾ। ਉਨ੍ਹਾਂ 30.82 ਕਰੋੜ ਦੀ ਲਾਗਤ ਨਾਲ ਪਿੰਡ ਬਜਵਾੜਾ ਦੇ ਕਿਲਾ ਬੈਰੋਂ ਵਿਚ ਬਣਨ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ।