ਵੜਿੰਗ ਦੇ ਵੋਟਾਂ ਬਦਲੇ ਪੈਸੇ ਦੇਣ ਬਾਰੇ ਬਿਆਨ ਦੀ ‘ਆਪ’ ਵੱਲੋਂ ਨਿਖੇਧੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਨਵੰਬਰ
ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸੀ ਆਗੂ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੋਟ ਬਦਲੇ ਪੈਸੇ ਦੇਣ ਸਬੰਧੀ ਬਿਆਨ ਦੀ ਨਿਖੇਧੀ ਕੀਤੀ ਹੈ। ਇਸ ਬਾਰੇ ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਵੜਿੰਗ ਦੀਆਂ ਕਾਰਵਾਈਆਂ ਉਹ ਸਭ ਕੁਝ ਦਰਸਾਉਂਦੀਆਂ ਹਨ, ਜੋ ਰਵਾਇਤੀ ਸਿਆਸੀ ਪ੍ਰਣਾਲੀ ਲਈ ਖ਼ਤਰਾ ਹੈ। ਵੋਟਰਾਂ ਨੂੰ ਪੈਸੇ ਦੀ ਪੇਸ਼ਕਸ਼ ਕਰਕੇ, ਉਹ ਉਨ੍ਹਾਂ ਦੀ ਵਫ਼ਾਦਾਰੀ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨਾਲ ਆਜ਼ਾਦ ਅਤੇ ਨਿਰਪੱਖ ਚੋਣਾਂ ਦੇ ਬੁਨਿਆਦੀ ਸਿਧਾਂਤਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਅਜਿਹਾ ਵਿਵਹਾਰ ਚੋਣ ਜ਼ਾਬਤੇ ਦੀ ਉਲੰਘਣਾ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਰਾਜਾ ਵੜਿੰਗ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ।
ਸ੍ਰੀ ਗਰਗ ਨੇ ਕਿਹਾ ਕਿ ਰਾਜਾ ਵੜਿੰਗ ਵਰਗੇ ਸਿਆਸਤਦਾਨ ਸਾਲਾਂ ਤੋਂ ਵੋਟਰਾਂ ਨੂੰ ਨੌਕਰੀਆਂ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਵਰਗੇ ਮੁੱਦਿਆਂ ਨੂੰ ਪੂਰਾ ਕਰਨ ਦੀ ਬਜਾਏ ਪੈਸੇ ਦਾ ਲਾਲਚ ਦੇ ਕੇ ਗੁਮਰਾਹ ਕਰ ਰਹੇ ਹਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਸਿਆਸਤਦਾਨ ਲੋਕਤੰਤਰ ਵਿੱਚ ਵਿਸ਼ਵਾਸ ਨਹੀਂ ਰੱਖਦੇ। ਉਹ ਸਿਰਫ ਆਪਣੇ ਫ਼ਾਇਦੇ ਲਈ ਵੋਟਰਾਂ ਦਾ ਸ਼ੋਸ਼ਣ ਕਰਦੇ ਹਨ। ਉਨ੍ਹਾਂ ਵੋਟਰਾਂ ਨੂੰ ਜ਼ਿਮਨੀ ਚੋਣਾਂ ਵਿੱਚ ਆਪਣੀ ਜ਼ਮੀਰ ਨਾਲ ਵੋਟ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਜਿਹੀਆਂ ਕੋਝੀਆਂ ਚਾਲਾਂ ਤੋਂ ਉੱਪਰ ਉੱਠ ਕੇ ਅਜਿਹੀ ਪਾਰਟੀ ਨੂੰ ਵੋਟ ਪਾਈ ਜਾਏ ਜੋ ਸੱਚਮੁੱਚ ਲੋਕਾਂ ਦੀ ਸ਼ਕਤੀ ਵਿੱਚ ਵਿਸ਼ਵਾਸ ਰੱਖਦੀ ਹੋਵੇ।