‘ਆਪ’ ਕੌਂਸਲਰ ਵਿਕਾਸ ਕ੍ਰਿਸ਼ਨ ਸ਼ਰਮਾ ਚੁਣੇ ਨਗਰ ਕੌਂਸਲ ਮੰਡੀ ਅਹਿਮਦਗੜ੍ਹ ਦੇ ਪ੍ਰਧਾਨ
ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 12 ਸਤੰਬਰ
ਇੱਥੇ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਗਰ ਕੌਂਸਲ ਮੰਡੀ ਅਹਿਮਦਗੜ੍ਹ ਦੇ ਪ੍ਰਧਾਨ ਦੀ ਚੋਣ ਹੋਈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਂਸਲਰ ਵਿਕਾਸ ਕ੍ਰਿਸ਼ਨ ਸ਼ਰਮਾ ਨੂੰ ਪ੍ਰਧਾਨ ਚੁਣਿਆ ਗਿਆ। ਇਹ ਕੁਰਸੀ ਪਿਛਲੇ 18 ਮਹੀਨਿਆਂ ਤੋਂ ਖਾਲੀ ਪਈ ਸੀ। ਉੱਧਰ, ਅੱਜ ਕੌਂਸਲ ਦੇ ਮੀਤ ਪ੍ਰਧਾਨ ਦੀ ਚੋਣ ਪ੍ਰਸ਼ਾਸਨ ਵੱਲੋਂ ਤਕਨੀਕੀ ਕਾਰਨਾਂ ਕਰ ਕੇ ਰੱਦ ਕਰ ਦਿੱਤੀ ਗਈ।
ਅਹਿਮਦਗੜ੍ਹ ਦੇ ਐੱਸਡੀਐੱਮ ਗੁਰਮੀਤ ਬਾਂਸਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਉਣ ਲਈ ਮੀਟਿੰਗ ਸੱਦੀ ਗਈ ਸੀ। ਇਸ ਦੌਰਾਨ ਅੱਜ ਸਿਰਫ਼ ਪ੍ਰਧਾਨ ਦੇ ਅਹੁਦੇ ਲਈ ਚੋਣ ਕਰਵਾਈ ਜਾ ਸਕੀ। ਸ੍ਰੀ ਬਾਂਸਲ ਨੇ ਦੱਸਿਆ ਕਿ ਪ੍ਰਧਾਨ ਦੇ ਅਹੁਦੇ ਲਈ ਸਿਰਫ਼ ਇੱਕ ਨਾਂ ਪੇਸ਼ ਕੀਤਾ ਗਿਆ ਸੀ, ਇਸ ਲਈ ਵਿਕਾਸ ਸ਼ਰਮਾ ਨੂੰ ਕੌਂਸਲ ਦੇ ਸਾਰੇ 17 ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਉਪਰੰਤ ਮੀਤ ਪ੍ਰਧਾਨ ਦੀ ਚੋਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਜੋ ਕਿ ਤਕਨੀਕੀ ਕਾਰਨਾਂ ਕਰ ਕੇ ਰੱਦ ਕਰਨੀ ਪਈ।
ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਵਿਕਾਸ ਟੰਡਨ ਨੂੰ ਕਾਂਗਰਸ ਸਰਕਾਰ ਵੇਲੇ ਤਤਕਾਲੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਸਮਰਥਨ ਨਾਲ ਸਰਬਸੰਮਤੀ ਨਾਲ ਕੌਂਸਲ ਪ੍ਰਧਾਨ ਚੁਣਿਆ ਗਿਆ ਸੀ। ਆਪਸੀ ਧੜੇਬੰਦੀ ਕਾਰਨ 16 ਫਰਵਰੀ 2023 ਨੂੰ ਵਿਕਾਸ ਟੰਡਨ ਵਿਰੁੱਧ ਬੇਭਰੋਸਗੀ ਮਤਾ ਪਾਸ ਕੀਤੇ ਜਾਣ ਦੇ ਬਾਅਦ ਤੋਂ ਪ੍ਰਧਾਨ ਦੀ ਕੁਰਸੀ ਖਾਲੀ ਚੱਲੀ ਆ ਰਹੀ ਸੀ।