ਚੰਡੀਗੜ੍ਹ ਦੇ ਮੁੱਦੇ ’ਤੇ ਰਾਜਪਾਲ ਨੂੰ ਮਿਲੇਗਾ ‘ਆਪ’ ਦਾ ਵਫ਼ਦ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜਨਵਰੀ
ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚੋਂ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਕੇ ਮੁੱਖ ਸਕੱਤਰ ਦੇ ਅਹੁਦੇ ਵਿੱਚ ਤਬਦੀਲ ਕਰਨ ਨਾਲ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਇਸ ਦੌਰਾਨ ਪੰਜਾਬ ਦੀ ਸੱਤਾਧਾਰੀ ਧਿਰ ‘ਆਪ’, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ‘ਆਪ’ ਪੰਜਾਬ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਚੰਡੀਗੜ੍ਹ ਦੇ ਮੁੱਦੇ ’ਤੇ ਗੱਲਬਾਤ ਕਰਨ ਲਈ ਮੁਲਾਕਾਤ ਕਰਨ ਦਾ ਫ਼ੈਸਲਾ ਕੀਤਾ ਹੈ। ‘ਆਪ’ ਪੰਜਾਬ ਦੇ ਆਗੂਆਂ ਨੇ ਰਾਜਪਾਲ ਤੋਂ ਮੁਲਾਕਾਤ ਲਈ ਸਮਾਂ ਵੀ ਮੰਗ ਲਿਆ ਹੈ। ‘ਆਪ’ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਚੰਡੀਗੜ੍ਹ ਵਿੱਚੋਂ ਯੂਟੀ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਕੇ ਮੁੱਖ ਸਕੱਤਰ ਦੇ ਅਹੁਦੇ ਵਿੱਚ ਤਬਦੀਲ ਕਰਨ ਦੀ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਪੁੱਛੇ ਬਿਨਾਂ ਕੋਈ ਵੀ ਫ਼ੈਸਲਾ ਲੈਣ ਦਾ ਅਧਿਕਾਰ ਨਹੀਂ ਹੈ। ਸ੍ਰੀ ਗਰਗ ਨੇ ਕਿਹਾ ਕਿ ਚੰਡੀਗੜ੍ਹ ’ਤੇ ਪੰਜਾਬ ਦਾ ਅਧਿਕਾਰ ਹੈ। 1966 ਵਿਚ ਹਰਿਆਣਾ ਦੀ ਵੰਡ ਵੇਲੇ ਇਹ ਸਪੱਸ਼ਟ ਕਿਹਾ ਗਿਆ ਸੀ ਕਿ ਚੰਡੀਗੜ੍ਹ ਉਦੋਂ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ ਰਹੇਗਾ ਜਦੋਂ ਤੱਕ ਹਰਿਆਣਾ ਆਪਣੀ ਨਵੀਂ ਰਾਜਧਾਨੀ ਨਹੀਂ ਬਣਾ ਲੈਂਦਾ, ਇਸ ਤੋਂ ਬਾਅਦ ਇਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ। ਹਰਿਆਣਾ ਨੂੰ ਆਪਣੀ ਰਾਜਧਾਨੀ ਬਣਾਉਣ ਲਈ 1970 ਵਿੱਚ 10 ਕਰੋੜ ਰੁਪਏ ਦਿੱਤੇ ਗਏ ਸਨ। ਭਾਰਤ ਵਿੱਚ ਕਈ ਸੂਬਿਆਂ ਦੀ ਵੰਡ ਹੋਈ ਅਤੇ ਉਨ੍ਹਾਂ ਨੇ ਆਪਣੀਆਂ ਰਾਜਧਾਨੀਆਂ ਬਣਾਈਆਂ ਪਰ ਪੰਜਾਬ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ।