‘ਆਪ’ ਨੇ ਲੋਕਤੰਤਰ ਦਾ ਸੱਤਿਆਨਾਸ਼ ਕੀਤਾ: ਲੰਗਾਹ
ਪੱਤਰ ਪ੍ਰੇਰਕ
ਧਾਰੀਵਾਲ, 6 ਅਕਤੂਬਰ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਣ ਮਗਰੋਂ ਇੱਥੋਂ ਨਜ਼ਦੀਕ ਪੈਂਦੇ ਇਤਿਹਾਸਕ ਗੁਰਦੁਆਰਾ ਗੜ੍ਹੀ ਬਾਬਾ ਬੰਦਾ ਬਹਾਦਰ ਗੁਰਦਾਸ ਨੰਗਲ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰੇ ਦੇ ਸੇਵਾਦਾਰਾਂ ਅਤੇ ਪਾਰਟੀ ਵਰਕਰਾਂ ਨੇ ਸ੍ਰੀ ਲੰਗਾਹ ਦਾ ਸਨਮਾਨ ਕੀਤਾ। ਸ੍ਰੀ ਲੰਗਾਹ ਨੇ ਪੰਚਾਇਤੀ ਚੋਣਾਂ ਬਾਰੇ ਗੱਲ ਕਰਦਿਆਂ ਕਿਹਾ ਬਦਲਾਅ ਦੇ ਨਾਂ ’ਤੇ ਸੱਤਾ ਵਿੱਚ ਆਈ ‘ਆਪ’ ਦੀ ਸਰਕਾਰ ਨੇ ਲੋਕਤੰਤਰ ਦਾ ਸੱਤਿਆਨਾਸ਼ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਸ੍ਰੀ ਲੰਗਾਹ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਅੱਠ ਸਾਲ ਬਾਅਦ ਲਿਆ ਗਿਆ ਹੈ। ਸ੍ਰੀ ਲੰਗਾਹ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਉਹ ਪਾਰਟੀ ਦੀ ਮਜ਼ਬੂਤੀ ਲਈ ਸੁਖਦੇਵ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ, ਪ੍ਰੇਮ ਸਿੰਘ ਚੰਦੂਮਾਜਰਾ ਆਦਿ ਨੂੰ ਹਰ ਹੀਲੇ ਮਨਾਉਣਗੇ।
ਇਸ ਮੌਕੇ ਸਾਬਕਾ ਚੇਅਰਮੈਨ ਅਮਰੀਕ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਬਾਜੇਚੱਕ, ਤੇਜਬੀਰ ਸਿੰਘ ਪੱਡਾ, ਬਾਬਾ ਨੱਥਾ ਸਿੰਘ ਸੰਧਵਾਂ, ਕੁਲਬੀਰ ਸਿੰਘ ਰਿਆੜ ਆਦਿ ਹਾਜ਼ਰ ਸਨ।