‘ਆਪ’ ਸਰਕਾਰ ਨੇ ਕੇਂਦਰ ਨਾਲ ਮਿਲ ਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ: ਸਿੱਧੂ
ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 22 ਮਾਰਚ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਪੁਲੀਸ ਵੱਲੋਂ ਕਿਸਾਨਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਵਿੱਚ ਤਬਦੀਲ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਸ੍ਰੀ ਸਿੱਧੂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸਨ ਜਿਸ ਵਿੱਚ ਕਿਸਾਨਾਂ ਨੂੰ 22 ਫਸਲਾਂ ’ਤੇ ਐੱਮਐੱਸਪੀ ਦੇਣ ਦੀ ਗਾਰੰਟੀ ਵੀ ਸ਼ਾਮਲ ਸੀ ਪਰ ਇਹ ਸਰਕਾਰ ਆਪਣੇ ਵਾਅਦੇ ਪੂਰੇ ਕਰਨ ’ਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਉਨ੍ਹਾਂ ਦੇ ਸਾਂਤਮਈ ਧਰਨਿਆਂ ’ਤੇ ਬੁਲਡੋਜ਼ਰ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਜਿਤਾਇਆ ਉਨ੍ਹਾਂ ਦੀ ਹੀ ਪਿੱਠ ਤੇ ਛੁਰਾ ਮਾਰਕੇ ਮਾਨ ਸਰਕਾਰ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਨ੍ਹਾਂ ਲਈ ਕਿਸਾਨ ਗੈਰਜ਼ਰੂਰੀ ਹਨ। ਉਨ੍ਹਾਂ ਸਾਰੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।