‘ਆਪ’ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਬਲਕਾਰ ਸਿੰਘ
ਹਤਿੰਦਰ ਮਹਿਤਾ
ਜਲੰਧਰ, 5 ਅਗਸਤ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 76 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਵਿੱਚ ਪਿੰਡ ਕਲਿਆਣਪੁਰ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਨਵਾਂ ਹੈਲਥ ਅਤੇ ਵੈੱਲਨੈੱਸ ਸੈਂਟਰ, ਪਿੰਡ ਗੋਬਿੰਦਪੁਰ ਵਿੱਚ 20 ਲੱਖ ਰੁਪਏ ਨਾਲ ਤਿਆਰ ਹੋਣ ਵਾਲਾ ਕਮਿਊਨਿਟੀ ਹਾਲ, ਪਿੰਡ ਗਿੱਲ ਵਿੱਚ 6 ਲੱਖ ਰੁਪਏ ਨਾਲ ਬਣਨ ਵਾਲੀਆਂ ਗਲੀਆਂ-ਨਾਲੀਆਂ ਅਤੇ ਪਿੰਡ ਨਾਹਲ ਵਿੱਚ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਨਵਾਂ ਪੰਚਾਇਤ ਘਰ ਸ਼ਾਮਲ ਹੈ।
ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ’ਤੇ ਮਹੱਤਵਪੂਰਨ ਅਸਰ ਛੱਡਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਨਵੇਂ ਵਿਕਾਸ ਕਾਰਜਾਂ ਸਬੰਧੀ ਤਜਵੀਜ਼ਾਂ ਭੇਜੀਆਂ ਜਾਣ। ਇਸ ਮੌਕੇ ਪੰਚਾਇਤਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਹੋਰ ਮੋਹਤਵਰ ਹਾਜ਼ਰ ਸਨ।