‘ਆਪ’ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਬਣਾਂਵਾਲੀ
ਬਲਜੀਤ ਸਿੰਘ
ਸਰਦੂਲਗੜ੍ਹ, 26 ਨਵੰਬਰ
ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ ਮੁਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਅਤੇ ਬਜ਼ੁਰਗਾਂ ਨੂੰ ਸਹਾਇਕ ਉਪਕਰਨ ਵੰਡਣ ਸਬੰਧੀ ਪ੍ਰੋਗਰਾਮ ਲਾਲਾ ਚਰੰਜੀ ਲਾਲ ਅਗਰਵਾਲ ਧਰਮਸ਼ਾਲਾ ਸਰਦੂਲਗੜ੍ਹ ਵਿੱਚ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਵੱਲੋਂ ਲੋੜਵੰਦਾਂ ਨੂੰ ਸਹਾਇਕ ਉਪਕਰਨ ਵੰਡੇ ਗਏ। ਇਸ ਮੌਕੇ ਐੱਸਡੀਐੱਮ ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ। ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਹਾਇਕ ਉਪਕਰਨਾਂ ਨਾਲ ਦਿਵਿਆਂਗਜਨਾਂ ਨੂੰ ਕਾਫ਼ੀ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹਾਇਕ ਉਪਕਰਨਾਂ ਨਾਲ ਦਿਵਿਆਂਗਜਨ ਸਵੈ-ਨਿਰਭਰ ਹੋ ਸਕਦੇ ਹਨ। ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੇ ਕਿਹਾ ਕਿ ਇਨ੍ਹਾਂ ਉਪਕਰਨਾਂ ਦੀ ਸਹਾਇਤਾ ਨਾਲ ਦਿਵਿਆਂਗ ਜਾਂ ਬਜ਼ੁਰਗ ਵਿਅਕਤੀ ਦਾ ਜੀਵਨ ਕੁਝ ਸੁਖਾਲਾ ਹੋਵੇਗਾ ਕਿਉਂਕਿ ਪਹਿਲਾਂ ਇਨ੍ਹਾਂ ਸਹਾਇਕ ਉਪਕਰਨਾਂ ਦੀ ਕਮੀ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਵੜਿੰਗ ਨੇ ਦੱਸਿਆ ਕਿ ਕੈਂਪ ਦੌਰਾਨ ਕਰੀਬ 20 ਲੱਖ ਰੁਪਏ ਦੀ ਰਾਸ਼ੀ ਖਰਚ ਕਰ ਕੇ ਕੁੱਲ 136 ਵਿਅਕਤੀਆਂ ਨੂੰ 436 ਸਹਾਇਕ ਉਪਰਕਰਨ ਵੰਡੇ ਗਏ। ਇਸ ਕੈਂਪ ਵਿੱਚ ਨੇਕੀ ਫਾਊਂਡੇਸ਼ਨ ਬੁਢਲਾਡਾ ਵੱਲੋ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਅਸ਼ੋਕ ਸਾਹੂ, ਜੂਨੀਅਰ ਮੈਨੇਜਰ ਮਾਰਕਿਟਿੰਗ ਮਿਸ ਕਨਿਕਾ ਮਹਿਤਾ ਤੇ ਹੋਰ ਸਖ਼ਸ਼ੀਅਤਾਂ ਮੌਜੂਦ ਸਨ।