‘ਆਪ’ ਸਰਕਾਰ ਨੇ ਪੰਜਾਬ ਨੂੰ ਆਰਥਿਕ ਕੰਗਾਲੀ ਦੇ ਰਾਹ ਪਾਇਆ: ਸੁਖਬੀਰ ਬਾਦਲ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਆਪ’ ਸਰਕਾਰ ’ਤੇ ਪੰਜਾਬ ਨੂੰ ਆਰਥਿਕ ਤੌਰ ’ਤੇ ਤਬਾਹ ਕਰਨ ਦੇ ਦੋਸ਼ ਲਾਏ ਹਨ। ਸਰਕਾਰ ਵੱਲੋਂ ਲਏ ਜਾ ਰਹੇ ਕਰਜ਼ੇ ’ਤੇ ਟਿੱਪਣੀ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਸਰਕਾਰ ਨੇ ਹਾਲ ਹੀ ਵਿੱਚ 941 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਹੈ ਜਿਸ ਮਗਰੋਂ ਨਵੰਬਰ ਦੇ ਮਹੀਨੇ ਵਿੱਚ ਲਿਆ ਗਿਆ ਕਰਜ਼ਾ 4,450 ਕਰੋੜ ਰੁਪਏ ’ਤੇ ਪਹੁੰਚ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ 20 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੁਣ ਤੱਕ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਸਰਕਾਰ ਦਾ ਕਾਰਜਕਾਲ ਖਤਮ ਹੋਣ ਤੱਕ ਪੰਜਾਬ ਆਰਥਿਕ ਤੌਰ ’ਤੇ ਕੰਗਾਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਲੋਕ ਪੱਖੀ ਸਕੀਮਾਂ ਬੰਦ ਕਰ ਦਿੱਤੀਆਂ ਹਨ ਜਦਕਿ ਇਹ ਸਰਕਾਰ ਹੁਣ ਤੱਕ ਸੂਬੇ ਵਿੱਚ ਕੋਈ ਨਵਾਂ ਪ੍ਰਾਜੈਕਟ ਨਹੀਂ ਲਿਆ ਸਕੀ ਹੈ। ਸ੍ਰੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਰੋਕਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਪੰਜ ਸੂਬਿਆਂ ਦੀਆਂ ਚੋਣਾਂ ਵਿੱਚ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਹੋਈ ਹੈ ਜਦਕਿ ਵੋਟਾਂ ਵਿੱਚ ਇਹ ਪਾਰਟੀ ‘ਨੋਟਾ’ ਤੋਂ ਵੀ ਪੱਛੜ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ‘ਆਪ’ ਵੱਲੋਂ ਕੀਤੇ ਫ਼ਜ਼ੂਲ ਖ਼ਰਚੇ ਦੀ ਵਸੂਲੀ ਕੀਤੀ ਜਾਵੇਗੀ।