‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ: ਕੰਗ
ਮਿਹਰ ਸਿੰਘ
ਕੁਰਾਲੀ, 22 ਜੁਲਾਈ
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਪਿੰਡ ਖਿਜ਼ਰਾਬਾਦ ਵਿੱਚ ਪਤਵੰਤਿਆਂ ਦੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸੰਸਦੀ ਚੋਣਾਂ ਵਿੱਚ ਕਾਂਰਗਸ ਦਾ ਸਾਥ ਦੇਣ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਮੀਟਿੰਗ ਵਿੱਚ ਸਾਬਕਾ ਚੇਅਰਮੈਨ ਕ੍ਰਿਪਾਲ ਸਿੰਘ, ਪਰਮਜੀਤ ਸਿੰਘ ਅਤੇ ਹੋਰਨਾਂ ਪਤਵੰਤਿਆਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿੱਛਲੇ ਦੋ ਸਾਲ ਵਿੱਚ ਇਲਾਕੇ ਦੇ ਪਿੰਡਾਂ ਨੂੰ ਕੋਈ ਗਰਾਂਟ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਪਾਸ ਹੋਏ ਵਿਕਾਸ ਦੇ ਕੰਮ ਵੀ ਅਧੂਰੇ ਪਏ ਹਨ। ਉਨ੍ਹਾਂ ਕਿਹਾ ਕਿ ਹੁਣ ਵਿਕਾਸ ਦੇ ਕੰਮ ਠੱਪ ਪਏ ਹਨ ਜਿਸ ਕਾਰਨ ‘ਆਪ’ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ।
ਸ੍ਰੀ ਕੰਗ ਨੇ ਹਲਕੇ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਰਹਿਣ ਦਾ ਵਾਅਦਾ ਕਰਦਿਆਂ ਕਿਹਾ ਕਿ ਇਲਾਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜ਼ੀਹ ਹੈ। ਉਨ੍ਹਾਂ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਜਸਵਿੰਦਰ ਸਿੰਘ ਕਾਲਾ, ਮਾਸਟਰ ਪਰਮਜੀਤ ਸਿੰਘ, ਹਰਮਨਜੀਤ ਸਿੰਘ, ਜੁਝਾਰ ਸਿੰਘ, ਅਮਰਜੀਤ ਸਿੰਘ ਪੰਚ, ਚਰਨ ਸਿੰਘ, ਕੇਸ਼ੀ ਵਰਮਾ ਆਦਿ ਹਾਜ਼ਰ ਸਨ।