‘ਆਪ’ ਵੱਲੋਂ ਨਗਰ ਨਿਗਮ ਤੇ ਕੌਂਸਲ ਚੋਣਾਂ ਦੀ ਤਿਆਰੀ ਸ਼ੁਰੂ
ਆਤਿਸ਼ ਗੁਪਤਾ
ਚੰਡੀਗੜ੍ਹ, 28 ਨਵੰਬਰ
ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਵਿੱਚ ਹੋਣ ਵਾਲੀਆਂ 5 ਨਗਰ ਨਿਗਮ ਤੇ 43 ਨਗਰ ਕੌਂਸਲ ਚੋਣਾਂ ਲਈ ਤਿਆਰੀ ਖਿੱਚ ਲਈ ਹੈ। ਅੱਜ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ, ਵਿਧਾਇਕਾਂ, ਜ਼ਿਲ੍ਹਾ ਇੰਚਾਰਜਾਂ ਅਤੇ ਵੱਖ-ਵੱਖ ਵਿੰਗਾਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਪਟਿਆਲਾ, ਫਗਵਾੜਾ, ਜਲੰਧਰ ਤੇ ਲੁਧਿਆਣਾ ਡਿਵੀਜ਼ਨਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਸ੍ਰੀ ਅਰੋੜਾ ਨੇ ਪਾਰਟੀ ਆਗੂਆਂ ਨੂੰ ਸੂਬਾ ਸਰਕਾਰ ਵੱਲੋਂ ਢਾਈ ਸਾਲਾਂ ਵਿੱਚ ਕੀਤੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਬਾਰੇ ਜ਼ਿਲ੍ਹਾ ਪੱਧਰ ਦੇ ਆਗੂਆਂ ਤੋਂ ਫੀਡਬੈੱਕ ਮੰਗੀ ਹੈ।
ਸ੍ਰੀ ਅਰੋੜਾ ਨੇ ਕਿਹਾ ਕਿ ਪਾਰਟੀ ਵੱਲੋਂ ਜਲਦੀ ਹੀ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀਆਂ ਅਰਜ਼ੀਆਂ ਸਵੀਕਾਰ ਕਰਨੀਆਂ ਸ਼ੁਰੂ ਕੀਤੀਆਂ ਜਾਣਗੀਆਂ।
ਚੋਣਾਂ ਦੌਰਾਨ ਟਿਕਟਾਂ ਦੀ ਵੰਡ ਸਮੇਂ ਉਮੀਦਵਾਰ ਦੀ ਯੋਗਤਾ, ਇਮਾਨਦਾਰੀ ਅਤੇ ਲੋਕਾਂ ਦੀ ਸੇਵਾ ਕਰਨ ਦੀ ਯੋਗਤਾ ਨੂੰ ਵੀ ਵਿਚਾਰਿਆ ਜਾਵੇਗਾ। ਮੀਟਿੰਗ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਹਰਭਜਨ ਸਿੰਘ ਈਟੀਓ, ਡਾ. ਬਲਬੀਰ ਸਿੰਘ, ਮੋਹਿੰਦਰ ਭਗਤ, ਬਰਿੰਦਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਧ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਜਸਵੀਰ ਸਿੰਘ ਰਾਜਾ ਗਿੱਲ, ਸ਼ਮਿੰਦਰ ਸਿੰਘ ਖਿੰਡਾ, ਜਗਰੂਪ ਸਿੰਘ ਸੇਖਵਾਂ, ਅਮਨਦੀਪ ਸਿੰਘ ਮੋਹੀ, ਰਾਜਵਿੰਦਰ ਕੌਰ ਥਿਆੜਾ, ਗੁਰਦੇਵ ਸਿੰਘ ਲੱਖਾ, ਰਣਜੋਧ ਹਡਾਣਾ ਤੇ ਪਰਮਿੰਦਰ ਸਿੰਘ ਗੋਲਡੀ ਹਾਜ਼ਰ ਸਨ।