ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਹੱਕ ’ਚ ਨਿੱਤਰੀ ‘ਆਪ’
ਨਿੱਜੀ ਪੱਤਰ ਪ੍ਰੇਰਕ
ਮਾਨਸਾ, 18 ਅਗਸਤ
ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਖੁਦਕੁਸ਼ੀ ਕਰਨ ਵਾਲੇ ਕੋਟੜਾ ਪਿੰਡ ਦੇ ਕਿਸਾਨ ਬਲਵੀਰ ਸਿੰਘ ਬਿੱਲੂ ਦੇ ਹੱਕ ਵਿੱਚ ਨਿਤਰ ਆਈ ਹੈ। । ਆਪ ਆਗੂਆਂ ਨੇ ਵਿਧਾਇਕ ਬੁੱਧ ਰਾਮ ਅਤੇ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਰੋਸ ਪ੍ਰਗਟਾ ਰਹੇ ਕਿਸਾਨਾਂ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ । ਇਸ ਮੌਕੇ ਮੰਗ ਕੀਤੀ ਕਿ ਕਿਸਾਨ ਵੱਲੋਂ ਲਿਖੇ ਖੁਦਕੁਸ਼ੀ ਨੋਟ ਜੋ ਪਰਿਵਾਰ ਵੱਲੋਂ ਪੇਸ਼ ਕੀਤਾ ਗਿਆ ਹੈ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਹੋਰ ਜਮਹੂਰੀ ਜਥੇਬੰਦੀਆਂ ਵੱਲੋਂ ਅੱਜ ਮ੍ਰਿਤਕ ਕਿਸਾਨ ਦਾ ਸਸਕਾਰ ਨਾ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਧਰਨਾ ਲਗਾਇਆ ਅਤੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਵਿਧਾਇਕ ਬੁੱਧ ਰਾਮ ਨੇ ਕਿਸਾਨ ਦੇ ਹੱਕ `ਚ ਡਟਦਿਆਂ ਐਲਾਨ ਕੀਤਾ ਕਿ ਕਿ ਜਿੰਨਾ ਸਮਾਂ ਕਿਸਾਨ ਜਥੇਬੰਦੀਆਂ ਇਸ ਸੰਘਰਸ਼ ਨੂੰ ਚਲਾਉਂਦੀਆਂ ਹਨ, ਪਾਰਟੀ ਉਨ੍ਹਾਂ ਦਾ ਸਾਥ ਦੇਵੇਗੀ। ਇਸ ਮੌਕੇ ਵੱਡੀ ਗਿਣਤੀ ਆਮ ਆਦਮੀ ਪਾਰਟੀ ਦੇ ਵਰਕਰ ਵੀ ਹਾਜ਼ਰ ਰਹੇ।