ਪ੍ਰਚਾਰ ਲਈ ਜਾ ਰਹੇ ‘ਆਪ’ ਆਗੂ ਮਰਵਾਹਾ ਦੀ ਸੜਕ ਹਾਦਸੇ ਵਿੱਚ ਮੌਤ
ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 20 ਮਈ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਵਿੰਗ ਦੇ ਸੂਬਾ ਜਨਰਲ ਸਕੱਤਰ ਅਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਸਹਾਇਕ ਵਜੋਂ ਵਿਚਰ ਰਹੇ ਡਾਕਟਰ ਮਹਿੰਦਰਜੀਤ ਸਿੰਘ ਮਰਵਾਹਾ ਦੀ ਕਰਤਾਰਪੁਰ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਡਾਕਟਰ ਮਰਵਾਹਾ ਆਪਣੀ ਕਾਰ ਰਾਹੀਂ ਕਰਤਾਰਪੁਰ ਚੋਣ ਪ੍ਰਚਾਰ ਲਈ ਜਾ ਰਹੇ ਸਨ। ਲਿੱਦੜਾਂ ਨੇੜੇ ਨੈਸ਼ਨਲ ਹਾਈਵੇਅ ’ਤੇ ਸੜਕ ਵਿਚਕਾਰ ਖੜੇ ਟਿੱਪਰ ਵਿੱਚ ਅਚਾਨਕ ਉਨ੍ਹਾਂ ਦੀ ਕਾਰ ਪਿੱਛੋਂ ਟਕਰਾ ਗਈ ਸੀ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ।
ਡਾਕਟਰ ਮਰਵਾਹਾ ਦੀ ਐਕਸੀਡੈਂਟ ਦੀ ਖਬਰ ਸੁਣ ਕੈਬਨਟ ਮੰਤਰੀ ਬਲਕਾਰ ਸਿੰਘ ਅਤੇ ‘ਆਪ’ ਦੇ ਸੀਨੀਅਰ ਆਗੂ ਮੌਕੇ ’ਤੇ ਪਹੁੰਚ ਗਏ ਹਨ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਬੀਤੀ ਰਾਤ ਇਕ ਕਾਰ ਤੇ ਟਰੱਕ ਦੀ ਟੱਕਰ ਵਿੱਚ ਇਕ ਔਰਤ ਦੀ ਮੌਤ ਹੋ ਗਈ ਤੇ ਉਸ ਦਾ ਪਤੀ ਤੇ ਸਹੁਰਾ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ’ਚ ਭਰਤੀ ਕਰਾਇਆ ਗਿਆ। ਮ੍ਰਿਤਕਾ ਦੀ ਪਛਾਣ ਪ੍ਰਿਆ ਵਾਸੀ ਕਿਲ੍ਹਾ ਬਰੂਨ ਵਜੋਂ ਹੋਈ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਪ੍ਰਿਆ ਨੂੰ ਉਸ ਦੇ ਪਤੀ ਤੇ ਸਹੁਰੇ ਨੇ ਮਾਰਿਆ ਹੈ। ਲੜਕੀ ਦੇ ਪਿਤਾ ਸੰਦੀਪ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰੇ ਘਰ ’ਚ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੀ ਲੜਕੀ ਦੀ ਦੁਰਘਟਨਾ ’ਚ ਜਾਨ ਨਹੀਂ ਗਈ ਬਲਕਿ ਉਸ ਨੂੰ ਮਾਰਿਆ ਗਿਆ ਹੈ। ਗੁੱਸੇ ਵਿਚ ਆਏ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਸਿਟੀ ਤੇ ਸਿਵਲ ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ ਮ੍ਰਿਤਕਾ ਦੇ ਪਤੀ ਦੇ ਸਹੁਰੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਦੂਜੇ ਪਾਸੇ ਪੁਲੀਸ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਆਸ਼ੀਸ਼ ਦੇ ਬਿਆਨ ’ਤੇ ਟਰੱਕ ਚਾਲਕ ਨੂੰ ਗ੍ਰਿਫ਼ਤੀਰ ਕਰਕੇ ਉੁਸ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਜਲੰਧਰ ਵਿੱਚ ਵਾਪਰੇ ਹਾਦਸੇ ਦੌਰਾਨ ਵਿਦਿਆਰਥੀ ਹਲਾਕ
ਜਲੰਧਰ (ਹਤਿੰਦਰ ਮਹਿਤਾ): ਇਥੇ ਕਾਲਾ ਸੰਘਿਆ ਰੋਡ ’ਤੇ ਵਾਪਰੇ ਹਾਦਸੇ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਇੱਕ ਤੇਜ਼ ਰਫ਼ਤਾਰ ਟਰੱਕ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਤੇ ਟੱਕਰ ਮਾਰਨ ਤੋਂ ਬਾਅਦ ਟਰੱਕ ਚਾਲਕ ਫਰਾਰ ਹੋਣ ਦੀ ਅਸਫਲ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਦਾ ਪਿੱਛਾ ਕਰ ਕੇ ਉਸ ਨੂੰ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਮ੍ਰਿਤਕ ਦੀ ਪਛਾਣ ਰੋਨਿਤ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਉਹ ਆਪਣੇ ਚਾਚੇ ਨੂੰ ਖਾਣਾ ਦੇਣ ਜਾ ਰਿਹਾ ਸੀ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲੀਸ ਮੌਕੇ ’ਤੇ ਪਹੁੰਚ ਗਈ ਤੇ ਰੋਨਿਤ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਭੇਜ ਦਿੱਤਾ। ਮ੍ਰਿਤਕ ਦੇ ਭਰਾ ਤਜਿੰਦਰ ਕੁਮਾਰ ਨੇ ਦੱਸਿਆ ਉਸ ਦਾ ਭਰਾ ਰੋਨਿਤ ਅੱਜ ਸਵੇਰੇ ਐਕਟਿਵਾ ’ਤੇ ਚਾਚੇ ਨੂੰ ਰੋਟੀ ਦੇਣ ਲਈ ਘਰੋਂ ਨਿਕਲਿਆ ਸੀ। ਜਦੋਂ ਉਹ ਕਾਫੀ ਦੇਰ ਤੱਕ ਘਰ ਨਹੀਂ ਪਰਤਿਆ ਤਾਂ ਉਸ ਦੀ ਮਾਤਾ ਨੂੰ ਚਿੰਤਾ ਹੋਣ ਲੱਗੀ। ਇਸ ਤੋਂ ਬਾਅਦ ਉਸ ਨੇ ਆਪਣੇ ਭਰਾ ਨੂੰ ਫੋਨ ਕੀਤਾ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਕੁਝ ਦੇਰ ਬਾਅਦ ਕਿਸੇ ਵਿਅਕਤੀ ਨੇ ਫ਼ੋਨ ਚੁੱਕਿਆ। ਉਸ ਨੇ ਦੱਸਿਆ ਕਿ ਰੋਨਿਤ ਦਾ ਐਕਸੀਡੈਂਟ ਹੋ ਗਿਆ ਹੈ, ਉਹ ਜਲਦੀ ਮੌਕੇ ’ਤੇ ਪਹੁੰਚੋ। ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਭਰਾ ਦੀ ਮੌਤ ਹੋ ਚੁੱਕੀ ਸੀ। ਰੋਨਿਤ ਨੇ ਸਤਨਾਮ ਧਰਮ ਸਕੂਲ ਵਿੱਚ ਪੜ੍ਹਾਈ ਕਰਦਾ ਸੀ ਪਰਿਵਾਰਕ ਮੈਂਬਰ ਮੁਲਜ਼ਮ ਡਰਾਈਵਰ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਕਾਲਾ ਸਿੰਘਾ ਰੋਡ ਚੌਕ ਨੇੜੇ ਹੰਗਾਮਾ ਕੀਤਾ। ਹੰਗਾਮੇ ਦੌਰਾਨ ਮੌਕੇ ’ਤੇ ਪਹੁੰਚੇ ਥਾਣਾ ਡਵੀਜ਼ਨ ਨੰਬਰ 5 ਦੇ ਐੱਸਐੱਚਓ ਭਾਰਤ ਭੂਸ਼ਣ ਨੇ ਪਰਿਵਾਰ ਨੂੰ ਸਮਝਾ ਕੇ ਸ਼ਾਂਤ ਕੀਤਾ ਅਤੇ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।