For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭੁੱਖ ਹੜਤਾਲ ’ਤੇ ਬੈਠੇ ‘ਆਪ’ ਆਗੂ

11:08 AM Apr 08, 2024 IST
ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭੁੱਖ ਹੜਤਾਲ ’ਤੇ ਬੈਠੇ ‘ਆਪ’ ਆਗੂ
ਪਠਾਨਕੋਟ ਵਿੱਚ ਭੁੱਖ ਹੜਤਾਲ ’ਤੇ ਬੈਠੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕਾਰਕੁਨ।
Advertisement

ਐੱਨ ਪੀ ਧਵਨ
ਪਠਾਨਕੋਟ, 7 ਅਪਰੈਲ
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਇੱਥੇ ਵਾਲਮੀਕਿ ਚੌਕ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ਕੀਤੀ ਗਈ। ਇਸ ਵਿੱਚ ਪੈਸਕੋ ਦੇ ਚੇਅਰਮੈਨ ਕੈਪਟਨ ਸੁਨੀਲ ਗੁਪਤਾ, ਸੌਰਭ ਬਹਿਲ, ਐਡਵੋਕੇਟ ਰਮੇਸ਼ ਚੌਧਰੀ, ਸੂਬੇਦਾਰ ਕੁਲਵੰਤ ਸਿੰਘ, ਵਿਕਾਸ ਕੁਮਾਰ, ਨਰੇਸ਼ ਸੈਣੀ, ਰਾਜੇਸ਼ ਸ਼ਰਮਾ, ਡਾ. ਕੇ ਡੀ ਸਿੰਘ, ਸਮੀਰ ਸ਼ਾਰਦਾ, ਸੰਦੀਪ ਕੁਮਾਰ, ਐਡਵੋਕੇਟ ਕਮਲਜੀਤ ਕੌਰ, ਮੈਡਮ ਸ਼ੈਲੀ ਸ਼ਰਮਾ, ਰਾਹੁਲ, ਦਵਿੰਦਰ ਸਿੰਘ, ਕੁਲਦੀਪ ਪਟਵਾਂ, ਪ੍ਰਬੋਧ ਕਾਟਲ, ਰੇਖਾ ਮਨੀ ਸ਼ਰਮਾ ਆਦਿ ਮੁੱਖ ਰੂਪ ਵਿੱਚ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਲੋਕਪ੍ਰਿਯਤਾ ਤੋਂ ਮੋਦੀ ਸਰਕਾਰ ਘਬਰਾ ਗਈ ਹੈ ਅਤੇ ਬੁਖਲਾਹਟ ਵਿੱਚ ਆ ਕੇ ਉਸ ਨੂੰ ਇੱਕ ਸਾਜਿਸ਼ ਤਹਿਤ ਗ੍ਰਿਫਤਾਰ ਕੀਤਾ ਗਿਆ ਤਾਂ ਕਿ ਉਹ ਲੋਕ ਸਭਾ ਚੋਣਾਂ ਵਿੱਚ ਚੋਣ ਪ੍ਰਚਾਰ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅਰਵਿੰਦ ਕੇਜਰੀਵਾਲ ਉਪਰ ਸ਼ਰਾਬ ਨੀਤੀ ਤਹਿਤ ਭ੍ਰਿਸ਼ਟਾਚਾਰ ਕਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ ਜਦਕਿ ਇਸ ਮਾਮਲੇ ਵਿੱਚ ਵਾਅਦਾ ਮੁਆਫ ਗਵਾਹ ਬਣਾਏ ਗਏ ਵਿਅਕਤੀ ਤੋਂ ਖੁਦ ਮੋਦੀ ਦੀ ਸਰਕਾਰ ਨੇ 30 ਕਰੋੜ ਰੁਪਏ ਚੰਦੇ ਦੇ ਰੂਪ ਵਿੱਚ ਲਏ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਦਾ ਮਨੋਬਲ ਕਦੇ ਵੀ ਨਹੀਂ ਟੁੱਟੇਗਾ।
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ’ਚ ਦੇਸ਼ ਵਿਆਪੀ ਰੋਸ ਵਜੋਂ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ‘ਆਪ’ ਆਗੂਆਂ ਨੇ ਅੰਮ੍ਰਿਤਸਰ ’ਚ ਭੁੱਖ ਹੜਤਾਲ ਕੀਤੀ ਗਈ ਅਤੇ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟਾਇਆ ਗਿਆ। ‘ਆਪ’ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਸ੍ਰੀ ਕੇਜਰੀਵਾਲ, ਮਨੀਸ਼ ਸਸੋਦੀਆ, ਸੰਜੇ ਸਿੰਘ ਅਤੇ ਸਤਿੰਦਰ ਜੈਨ ਦੇ ਖਿਲਾਫ ਦਰਜ ਕੇਸ ਵਾਪਸ ਲਏ ਜਾਣ ਜੋ ਕਿ ਝੂਠੇ ਆਧਾਰ ‘ਤੇ ਦਰਜ ਕੀਤੇ ਗਏ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਅੱਜ ਉਨ੍ਹਾਂ ਆਪਣਾ ਰੋਸ ਪ੍ਰਗਟਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ‘ਆਪ’ ਆਗੂਆਂ ’ਤੇ ਦਰਜ ਸਾਰੇ ਝੂਠੇ ਕੇਸ ਵਾਪਸ ਲੈ ਕੇ ਉਨ੍ਹਾਂ ਨੂੰ ਜੇਲ੍ਹ ’ਚੋਂ ਰਿਹਾਅ ਕਰੇ। ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਆਗੂ ਤੇ ਕਾਰਕੁਨ ਧਰਨੇ ਵਿੱਚ ਸ਼ਾਮਲ ਸਨ ਜਦਕਿ ਬਾਕੀ ਵਿਧਾਇਕ ਮੁੱਖ ਮੰਤਰੀ ਵੱਲੋਂ ਦਿੱਤੇ ਧਰਨੇ ਵਿੱਚ ਸ਼ਾਮਲ ਹੋਣ ਵਾਸਤੇ ਗਏ ਸਨ।
ਤਰਨ ਤਾਰਨ (ਗੁਰਬਖਸ਼ਪੁਰੀ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕੇਂਦਰ ਸਰਕਾਰ ਵੱਲੋਂ ਜੇਲ੍ਹ ਅੰਦਰ ਬੰਦ ਕਰਨ ਖਿਲਾਫ਼ ਪਾਰਟੀ ਦੇ ਵਰਕਰਾਂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਦਿਨ ਭਰ ਦੀ ਭੁੱਖ ਹੜਤਾਲ ਕੀਤੀ ਅਤੇ ਕੇਂਦਰ ਸਰਕਾਰ ਖਿਲਾਫ਼ ਖੂਬ ਨਾਅਰੇਬਾਜ਼ੀ ਕੀਤੀ| ਇਸ ਦੌਰਾਨ ਭੁੱਖ ਹੜਤਾਲ ’ਤੇ ਬੈਠੇ ਵਰਕਰਾਂ ਨੂੰ ਪਾਰਟੀ ਦੇ ਸੂਬਾ ਸਕੱਤਰ ਗੁਰਦੇਵ ਸਿੰਘ ਲਾਖਨਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਰਜਿੰਦਰ ਸਿੰਘ ਉਸਮਾ, ਬਲਜੀਤ ਸਿੰਘ ਖਹਿਰਾ, ਦਿਲਬਾਗ ਸਿੰਘ ਸੰਧੂ, ਗੁਰਦੇਵ ਸਿੰਘ ਸੰਧੂ ਆਦਿ ਨੇ ਸੰਬੋਧਨ ਕਰਦਿਆਂ ਕੇਂਦਰ ਦੀ ਨਿਖੇਧੀ ਕੀਤੀ| ਉਨ੍ਹਾਂ ਕੇਂਦਰ ਸਰਕਾਰ ਵੱਲੋਂ ਆਪਣੇ ਵਿਰੋਧੀਆਂ ਨੂੰ ਦਬਾਉਣ ਈਡੀ ਦੀ ਵਰਤੋਂ ਕਰਨ ਦੀ ਵੀ ਨਿਖੇਧੀ ਕੀਤੀ|

Advertisement

ਜਲੰਧਰ ਵਿੱਚ ‘ਆਪ’ ਵਾਲੰਟੀਅਰਾਂ ਨੇ ਸਮੂਹਿਕ ਵਰਤ ਰੱਖਿਆ

ਜਲੰਧਰ ਵਿੱਚ ਭੁੱਖ ਹੜਤਾਲ ਕਰ ਕੇ ਵਿਰੋਧ ਪ੍ਰਗਟਾਉਂਦੇ ਹੋਏ ‘ਆਪ’ ਵਾਲੰਟੀਅਰ। - ਫੋਟੋ: ਪੰਜਾਬੀ ਟ੍ਰਿਬਿਊਨ

ਜਲੰਧਰ (ਪਾਲ ਸਿੰਘ ਨੌਲੀ): ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੱਕ ’ਚ ਸਮੂਹਿਕ ਵਰਤ ਰੱਖਿਆ ਗਿਆ। ਇਸ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਵਰਤ ਸਵੇਰੇ 10 ਵਜੇ ਤੋਂ ਸ਼ੁਰੂ ਕੀਤਾ ਗਿਆ ਸੀ ਤੇ ਸ਼ਾਮ 4:00 ਵਜੇ ਸਮਾਪਤ ਹੋਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤ ਪਾਲ ਨੇ ਕਿਹਾ ਕਿ ਮੋਦੀ ਸਰਕਾਰ ਦੀ ਤਾਨਾਸ਼ਾਹੀ ਖਿਲਾਫ਼ ਆਮ ਆਦਮੀ ਪਾਰਟੀ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 13 ਸੀਟਾਂ ਜਿੱਤ ਕੇ ਦੇਸ਼ ਦਾ ਸੰਵਿਧਾਨ ਬਚਾਉਣ ਵਿੱਚ ਮੋਹਰੀ ਭੂਮਿਕਾ ਨਿਭਾਏਗੀ। ਇਸ ਮੌਕੇ ਸਥਾਨਕ ਸਰਕਰਾਂ ਬਾਰੇ ਕੈਬਨਿਟ ਮੰਤਰੀ ਬਲਕਾਰ ਸਿੰਘ, ਸਫਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ, ਵਿਧਾਇਕ ਰਮਨ ਅਰੋੜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤ ਪਾਲ ਸਿੰਘ, ਜਿਲ੍ਹਾ ਸ਼ਹਿਰੀ ਦੇ ਪ੍ਰਧਾਨ ਸਟੀਫਨ ਕਲੇਰ, ਸੀਮਾ ਬੰਡਾਲਾ ਤੇ ਹੋਰ ਅਹੁਦੇਦਾਰ ਤੇ ਵਾਲੰਟੀਅਰ ਹਾਜ਼ਰ ਸਨ।

Advertisement
Author Image

Advertisement
Advertisement
×