ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂ ਹਿਰਾਸਤ ’ਚ ਲਏ

06:54 AM Jun 30, 2024 IST
ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਰੋਸ ਪ੍ਰਦਰਸ਼ਨ ਕਰਦੇ ਹੋਏ।

ਆਤਿਸ਼ ਗੁਪਤਾ
ਚੰਡੀਗੜ੍ਹ, 29 ਜੂਨ
ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਅੱਜ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਅੱਜ ਦੁਪਹਿਰ ਸਮੇਂ ਵੱਡੀ ਗਿਣਤੀ ਵਿੱਚ ‘ਆਪ’ ਆਗੂ ਸੈਕਟਰ-33/34 ਵਾਲੀਆਂ ਲਾਈਟਾਂ ’ਤੇ ਇਕੱਠੇ ਹੋ ਕੇ ਭਾਜਪਾ ਦੇ ਦਫ਼ਤਰ ਵੱਲ ਪ੍ਰਦਰਸ਼ਨ ਕਰਦੇ ਹੋਏ ਅੱਗੇ ਵਧਣ ਲੱਗੇ ਤਾਂ ਪੁਲੀਸ ਨੇ ਵੱਡੇ-ਵੱਡੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਭਾਜਪਾ, ਈਡੀ ਅਤੇ ਸੀਬੀਆਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ‘ਆਪ’ ਦੇ ਸੀਨੀਅਰ ਆਗੂ ਪ੍ਰੇਮ ਗਰਗ, ਵਿਜੈ ਪਾਲ, ਡਾ. ਹਰਮੀਤ ਸਿੰਘ, ਮੇਅਰ ਕੁਲਦੀਪ ਕੁਮਾਰ ਸਣੇ ਕੌਂਸਲਰਾਂ ਤੇ ਦਰਜਨਾਂ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਸੈਕਟਰ-39 ਵਿੱਚ ਬੰਦ ਕਰ ਦਿੱਤਾ।
ਇਸ ਦੌਰਾਨ ਮੇਅਰ ਕੁਲਦੀਪ ਕੁਮਾਰ ਨੇ ਕਿਹਾ ਕਿ ਭਾਜਵਾ ਵੱਲੋਂ ਦੇਸ਼ ਵਿੱਚ ਤਾਨਾਸ਼ਾਹੀ ਕੀਤੀ ਜਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਭਾਜਪਾ ਵਲੋਂ ਈਡੀ ਅਤੇ ਸੀਬੀਆਈ ਰਾਹੀਂ ਝੂਠੇ ਕੇਸ ਬਣਾ ਕੇ ਜੇਲ੍ਹ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਹੇਠਲੀ ਅਦਾਲਤ ਵਲੋਂ ਅਰਵਿੰਦ ਕੇਜਰੀਵਾਲ ਨੂੰ ਈਡੀ ਵਲੋਂ ਪਾਏ ਝੂਠੇ ਕੇਸ ਵਿੱਚ ਜ਼ਮਾਨਤ ਦੇ ਦਿੱਤੀ, ਪਰ ਦੂਜੇ ਪਾਸੇ ਸੀਬੀਆਈ ਵਲੋਂ ਇੱਕ ਹੋਰ ਝੂਠਾ ਕੇਸ ਪਾ ਕੇ ਕੇਜਰੀਵਾਲ ਨੂੰ ਜੇਲ੍ਹ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕੇਜਰੀਵਾਲ ਦਾ ਡਰ ਸਤਾ ਰਿਹਾ ਹੈ।
‘ਆਪ’ ਦੇ ਸੀਨੀਅਰ ਆਗੂ ਪ੍ਰੇਮ ਗਰਗ ਨੇ ਕਿਹਾ ਕਿ ਦੇਸ਼ ਵਿੱਚ ਭਾਜਪਾ ਦੁਆਰਾ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਭਾਜਪਾ ਵੱਲੋਂ ਦੇਸ਼ ਭਰ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੂੰ ਈਡੀ ਤੇ ਸੀਬੀਆਈ ਦੀ ਗ਼ਲਤ ਵਰਤੋਂ ਕਰ ਕੇ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੂਰੇ ਦੇਸ਼ ’ਚ ਲੋਕਤੰਤਰ ਦੀ ਹੱਤਿਆ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਵਿਚਾਰ ਹਨ ਅਤੇ ਵਿਚਾਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਰੋਕ ਨਹੀਂ ਸਕਦੀਆਂ। ਭਾਜਪਾ ਵੱਲੋਂ ਦੇਸ਼ ’ਚ ਜੋ ਤਾਨਾਸ਼ਾਹੀ ਕੀਤੀ ਜਾ ਰਹੀ ਹੈ, ਦੇਸ਼ ਦੀ ਜਨਤਾ ਉਸ ਦੇ ਲਈ ਭਾਜਪਾ ਨੂੰ ਕਦੇ ਮਾਫ਼ ਨਹੀਂ ਕਰੇਗੀ। ‘ਆਪ’ ਚੰਡੀਗੜ੍ਹ ਦੇ ਸਹਿ ਇੰਚਾਰਜ ਡਾ. ਐੱਸਐੱਸ ਆਹਲੂਵਾਲੀਆ ਨੇ ਕਿਹਾ ਕਿ ਭਾਜਪਾ ਵੱਲੋਂ ਪਿਛਲੇ ਸਮੇਂ ਦੌਰਾਨ ਦੇਸ਼ ਭਰ ਵਿੱਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਏਜੰਸੀਆਂ ਦਾ ਡਰ ਦਿਖਾ ਕੇ ਭਾਜਪਾ ’ਚ ਸ਼ਾਮਲ ਕਰਵਾਇਆ ਗਿਆ ਹੈ।

Advertisement

Advertisement
Advertisement