ਚੋਣਾਂ ’ਚ ‘ਆਪ’ ਨੇ ਸਰਕਾਰੀ ਤੰਤਰ ਦੀ ਦੁਰਵਰਤੋਂ ਕੀਤੀ: ਚੰਦੂਮਾਜਰਾ
ਖੇਤਰੀ ਪ੍ਰਤੀਨਿਧ
ਪਟਿਆਲਾ, 23 ਦਸੰਬਰ
ਨਗਰ ਨਿਗਮ ਚੋਣਾਂ ’ਚ ‘ਆਪ’ ਉੱਤੇ ਸਰਕਾਰੀ ਤੰਤਰ ਦੀ ਵਰਤੋਂ ਦੇ ਦੋਸ਼ ਲਾਉਂਦੇੇ ਹੋਏ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਸਰਕਾਰੀ ਤੰਤਰ ਦੀ ਜਿੱਤ ਹੈ। ਪਟਿਆਲਾ ਚੋਣ ਦਾ ਜ਼ਿਕਰ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਹਾਈ ਕੋਰਟ ਨੇ ਇਸ ’ਤੇ ਵੱਡੀ ਪ੍ਰਤੀਕਿਰਿਆ ਵੀ ਦਿਖਾਈ ਪਰ ਇਸ ਦੇ ਬਾਵਜੂਦ ਧੱਕੇਸ਼ਾਹੀ ਨਹੀਂ ਰੁਕੀ। ਉਨ੍ਹਾਂ ਵਾਰਡ ਨੰਬਰ 59 ਤੋਂ ਅਕਾਲੀ ਦਲ ਆਗੂ ਸੁਖਬੀਰ ਸਿੰਘ ਅਬਲੋਵਾਲ ਦੀ ਪਤਨੀ ਸੁਰਜੀਤ ਕੌਰ ਦੀ ਵੱਡੇ ਫਰਕ ਨਾਲ ਨਾਲ ਹੋਈ ਜਿੱਤ ’ਤੇ ਤਸੱਲੀ ਜ਼ਾਹਿਰ ਕਰਦਿਆਂ ਕਿਹਾ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਖੜ੍ਹੇ ਹਨ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸੰਧੂ ਤੇ ਰਣਧੀਰ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਘਨੌਰ ਦੇ ਇੰਚਾਰਜ ਭੁਪਿੰਦਰ ਸ਼ੇਖੂਪੁਰ ਆਦਿ ਹਾਜ਼ਰ ਸਨ।
‘ਕਿਸਾਨੀ ਮਸਲੇ ਦੇ ਹੱਲ ਲਈ ਕੇਂਦਰ ਨਾਲ ਰਾਬਤਾ ਕਰੇ ਪੰਜਾਬ ਸਰਕਾਰ’
ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਚਿੰਤਾ ਜ਼ਾਹਿਰ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਰੀਆਂ ਰਾਜਨੀਤਕ ਧਿਰਾਂ ਨੂੰ ਇਕੱਠਾ ਕਰਕੇ ਕੇਂਦਰ ਨਾਲ ਤਾਲਮੇਲ ਕਰੇ ਅਤੇ ਕਿਸਾਨੀ ਮਸਲਿਆਂ ਦਾ ਹੱਲ ਕਰਵਾਏ।