For the best experience, open
https://m.punjabitribuneonline.com
on your mobile browser.
Advertisement

‘ਆਪ’ ਦੇ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ

07:59 AM Jun 28, 2024 IST
‘ਆਪ’ ਦੇ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ
ਸੰਸਦ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ‘ਆਪ’ ਸੰਸਦ ਮੈਂਬਰ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 27 ਜੂਨ
ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰਾਂ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਅੱਜ ਸੰਸਦ ਵਿਚ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਦੌਰਾਨ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ। ਸੀਬੀਆਈ ਨੇ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਦੀ ਜਾਂਚ ਨੂੰ ਲੈ ਕੇ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ‘ਆਪ’ ਦੇ ਸੰਸਦ ਮੈਂਬਰਾਂ ਨੇ ਕਿਹਾ ਕਿ ਉਹ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਭਾਸ਼ਣ ਦਾ ਬਾਈਕਾਟ ਕਰ ਰਹੇ ਹਨ, ਪਰ ਰਾਸ਼ਟਰਪਤੀ ਮੁਰਮੂ ਦਾ ਪੂਰਾ ਸਤਿਕਾਰ ਕਰਦੇ ਹਨ। ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਹੱਥਾਂ ਵਿਚ ਤਖ਼ਤੀਆਂ ਫੜੀਆਂ ਸਨ, ਜਿਨ੍ਹਾਂ ’ਤੇ ‘ਈਡੀ ਸੀਬੀਆਈ ਦੀ ਦੁਰਵਰਤੋਂ ਬੰਦ ਕਰੋ’, ‘ਤਾਨਾਸ਼ਾਹੀ ਨਹੀਂ ਚਲੇਗੀ’, ‘ਕੇਜਰੀਵਾਲ ਨੂੰ ਰਿਹਾਅ ਕਰੋ’ ਤੇ ‘ਪੀਐੱਮ ਜਵਾਬ ਦਿਓ’ ਦੇ ਨਾਅਰੇ ਲਿਖੇ ਹੋਏ ਸਨ।
‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ, ‘‘ਇਹ ਰੋਸ ਪ੍ਰਦਰਸ਼ਨ ਤਾਨਾਸ਼ਾਹੀ ਖਿਲਾਫ਼ ਹੈ। ਇਹ ਸੰਵਿਧਾਨ ਤੇ ਜਮਹੂਰੀਅਤ ਨੂੰ ਬਚਾਉਣ ਲਈ ਪ੍ਰਦਰਸ਼ਨ ਸੀ। ਅੱਜ ਇਕ ਚੁਣੇ ਹੋਏ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਅਸੀਂ ਪ੍ਰਧਾਨ ਮੰਤਰੀ ਨੂੰ ਕਹਿ ਰਹੇ ਹਾਂ ਕਿ ਉਹ ਜਾਂਚ ਏਜੰਸੀਆਂ ਦੀ ਦੁਰਵਰਤੋਂ ਨੂੰ ਰੋਕਣ ਤੇ ਕੇਜਰੀਵਾਲ ਨੂੰ ਰਿਹਾਅ ਕਰਨ।’’ ਸੰਗਰੂਰ ਤੋਂ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, ‘‘ਅਸੀਂ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰ ਰਹੇ ਹਾਂ ਕਿਉਂਕਿ ਇਹ ਭਾਸ਼ਣ ਸਰਕਾਰ ਵੱਲੋਂ ਲਿਖਿਆ ਹੈ। ਅਸੀਂ ਧੰਨਵਾਦ ਮਤੇ ’ਤੇ ਹੋਣ ਵਾਲੀ ਬਹਿਸ ਵਿਚ ਸ਼ਾਮਲ ਹੋਵਾਂਗੇ ਤੇ ਸਰਕਾਰ ਨੂੰ ਜਗਾਉਣ ਦਾ ਕੰਮ ਕਰਾਂਗੇ।’’ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸੰਵਿਧਾਨ ਤੇ ਜਮਹੂਰੀਅਤ ਨੂੰ ‘ਪੂਰੇ ਦੇਸ਼ ਵਿਚ ਦਰੜਿਆ’ ਜਾ ਰਿਹਾ ਹੈ। ਹੇਅਰ ਨੇ ਕਿਹਾ, ‘‘ਦਿੱਲੀ ਤੋਂ ਲੈ ਕੇ ਪੱਛਮੀ ਬੰਗਾਲ, ਝਾਰਖੰਡ ਤੇ ਮਹਾਰਾਸ਼ਟਰ ਵਿਚ ਤਫ਼ਤੀਸ਼ੀ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ।’’ ਉਨ੍ਹਾਂ ਕਿਹਾ, ‘‘ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਡੱਕਿਆ ਗਿਆ। ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਵੀ ਸਲਾਖਾਂ ਪਿੱਛੇ ਡੱਕ ਦਿੱਤਾ। ਸਾਡੇ (ਦਿੱਲੀ) ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਤੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਉਹ ਪਿਛਲੇ ਦੋ ਸਾਲਾਂ ਤੋਂ ਜੇਲ੍ਹ ਵਿਚ ਹਨ। ‘ਆਪ’ ਐੱਮਪੀ ਸੰਜੇ ਸਿੰਘ ਨੂੰ ਵੀ ਬੇਵਜ੍ਹਾ ਜੇਲ੍ਹ ਵਿਚ ਡੱਕਿਆ ਗਿਆ। ਇਹ ਦੇਸ਼ ਦੀ ਜਮਹੂਰੀਅਤ ਲਈ ਬਹੁਤ ਖ਼ਤਰਨਾਕ ਹੈ।’’ ਹੇਅਰ ਨੇ ਕਿਹਾ ਕਿ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਕਾਹਲੀ ਵਿਚ ਉਦੋਂ ਗ੍ਰਿਫ਼ਤਾਰ ਕੀਤਾ ਹੈ ਜਦੋਂ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦੀ ਪੂਰੀ ਸੰਭਾਵਨਾ ਸੀ, ਕਿਉਂਕਿ ਹੇਠਲੀ ਕੋਰਟ ਨੇ ਪਹਿਲਾਂ ਹੀ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਉਨ੍ਹਾਂ ਕਿਹਾ, ‘‘ਇਹ ਤਾਨਾਸ਼ਾਹੀ ਦੀ ਵੱਡੀ ਮਿਸਾਲ ਹੈ।’’ ਹੇਅਰ ਨੇ ਕਿਹਾ ਕਿ ‘ਆਪ’ ਇੰਡੀਆ ਗੱਠਜੋੜ ਵਿਚਲੇ ਆਪਣੇ ਭਾਈਵਾਲਾਂ ਨਾਲ ਵਿਚਾਰ ਚਰਚਾ ਕਰ ਰਹੀ ਹੈ ਤੇ ਉਨ੍ਹਾਂ ਦੀ ਹਮਾਇਤ ਨਾਲ ਸੰਸਦ ਵਿਚ ਆਪਣੀ ਗੱਲ ਜ਼ੋਰਦਾਰ ਢੰਗ ਨਾਲ ਰੱਖੇਗੀ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×