‘ਆਪ’ ਨੇ ਭਾਜਪਾ ਦੀ ਪਾਣੀਆਂ ਬਾਰੇ ਸਾਜ਼ਿਸ਼ ਖ਼ਿਲਾਫ਼ ਮੋਰਚਾ ਖੋਲ੍ਹਿਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਮਈ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾਂ ਹਰਿਆਣਾ ਨੂੰ ਜ਼ਬਰਦਸਤੀ ਵਾਧੂ ਪਾਣੀ ਦੇਣ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਦੇ ਨਾਲ ਹੀ ‘ਆਪ’ ਨੇ ਭਾਜਪਾ ਵੱਲੋਂ ਧੱਕੇ ਨਾਲ ਪਾਣੀ ਖੋਹੇ ਜਾਣ ਦੇ ਮਾਮਲੇ ’ਤੇ ਭਾਜਪਾ ਤੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਇਸੇ ਮੁੱਦੇ ਨੂੰ ਲੈ ਕੇ ਅੱਜ ‘ਆਪ’ ਆਗੂਆਂ ਤੇ ਵਰਕਰਾਂ ਨੇ ਨੰਗਲ ਵਿੱਚ ਬੀਬੀਐਮਬੀ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਦੇ ਮੰਤਰੀਆਂ ਨੇ ਟਵਿੱਟਰ ’ਤੇ ‘ਪੰਜਾਬ ਦਾ ਪਾਣੀ ਪੰਜਾਬ ਦਾ ਹੱਕ’ ਹੈਸ਼ਟੈਗ ਮੁਹਿੰਮ ਦੀ ਸ਼ੁਰੂਆਤ ਕੀਤੀ। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ ਨਫ਼ਰਤ ਇੱਕ ਵਾਰ ਫਿਰ ਪੰਜਾਬ ਨਾਲ ਦਿਖਾਈ ਦੇ ਰਹੀ ਹੈ। ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ਜ਼ਰੀਏ ਧੱਕੇ ਤੇ ਧੋਖੇ ਨਾਲ ਪੰਜਾਬ ਦਾ ਪਾਣੀ ਪਿਛਲੇ ਕਈ ਦਿਨਾਂ ਤੋਂ ਖੋਹ ਕੇ ਹਰਿਆਣਾ ਨੂੰ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪਾਣੀ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ‘ਪਾਣੀ ਸਾਡਾ, ਹੱਕ ਸਾਡਾ ਅਤੇ ਫੈਸਲਾ ਵੀ ਸਾਡਾ ਹੋਣਾ ਚਾਹੀਦਾ ਹੈ! ਬੀਬੀਐਮਬੀ ਕਿਸ ਹੱਕ ਨਾਲ ਪੰਜਾਬ ਦੀ ਇਜਾਜ਼ਤ ਤੋਂ ਬਿਨਾਂ ਫੈਸਲੇ ਕਰ ਰਹੀ ਹੈ। ਬਲਜੀਤ ਕੌਰ ਨੇ ਕਿਹਾ ਕਿ ਬੀਬੀਐਮਬੀ ਪੰਜਾਬ ਲਈ ਚਿੱਟੇ ਹਾਥੀ ਤੋਂ ਘੱਟ ਨਹੀਂ ਹੈ। ਪੰਜਾਬ ਬੀਬੀਐਮਬੀ ਦਾ ਸਾਰਾ ਖਰਚਾ ਚੁੱਕਦਾ ਹੈ, ਬਦਲੇ ਵਿੱਚ ਉਹ ਸਾਡਾ ਪਾਣੀ ਖੋਹ ਕੇ ਕਿਸੇ ਹੋਰ ਰਾਜ ਨੂੰ ਦੇ ਦਿੰਦੇ ਹਨ। ਇਸ ਧੱਕੇਸ਼ਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਬੀਬੀਐਮਬੀ ਨੂੰ ਪੰਜਾਬ ਨਾਲ ਧੱਕੇਸ਼ਾਹੀ ਕਰਨ ਵਾਲੀ ਕਾਰਵਾਈ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਕੇਂਦਰ ਵਿੱਚ ਬੈਠੀ ਭਾਜਪਾ ਸਰਕਾਰ ਬੀਬੀਐਮਬੀ ਦੇ ਅਧਿਕਾਰੀਆਂ ਰਾਹੀਂ ਇੱਕ ਵਾਰ ਫਿਰ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਜਾ ਰਹੀ ਹੈ। ਪੰਜਾਬ ਅਜਿਹਾ ਹਰਗਿਜ਼ ਨਹੀਂ ਹੋਣ ਦੇਵੇਗਾ।