ਚੰਡੀਗੜ੍ਹ ’ਚ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਫ਼ੈਸਲੇ ਦਾ ‘ਆਪ’ ਵੱਲੋਂ ਵਿਰੋਧ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 15 ਨਵੰਬਰ
ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਵਿਰੁੱਧ ਆਪਣੀ ਆਵਾਜ਼ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਚੰਡੀਗੜ੍ਹ ਸਿਰਫ਼ ਇੱਕ ਜ਼ਮੀਨ ਦਾ ਟੁਕੜਾ ਨਹੀਂ, ਇਹ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ। ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਇੱਥੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਤੇ ਹਰ ਪੱਖੋਂ ਪੰਜਾਬ ਦਾ ਅਧਿਕਾਰ ਹੈ। ਇਸ ਨੂੰ ਖਰੜ ਦੇ 22 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ ਅਤੇ ਚੰਡੀਗੜ੍ਹ ਸਿਆਸੀ, ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਪੱਖੋਂ ਪੰਜਾਬ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਜਾਣਬੁੱਝ ਕੇ ਵਿਵਾਦ ਪੈਦਾ ਕਰਨ ਲਈ ਲਿਆ ਗਿਆ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਗਰਗ ਨੇ ਕਿਹਾ ਕਿ ਜਦੋਂ ਹਰਿਆਣਾ ਨੂੰ ਪੰਜਾਬ ਤੋਂ ਵੱਖ ਕਰਕੇ ਵੱਖਰਾ ਸੂਬਾ ਬਣਾਇਆ ਗਿਆ ਸੀ ਤਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਕੁਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ ਅਤੇ ਜਦੋਂ ਤੱਕ ਹਰਿਆਣਾ ਆਪਣੀ ਰਾਜਧਾਨੀ ਨਹੀਂ ਬਣਾਉਂਦਾ, ਉਦੋਂ ਤੱਕ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੀ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਵਾਅਦੇ ਨੂੰ ਪੂਰਾ ਕਰੇ ਅਤੇ ਚੰਡੀਗੜ੍ਹ ਪੰਜਾਬ ਨੂੰ ਵਾਪਸ ਕਰੇ। ਉਨ੍ਹਾਂ ਸਵਾਲ ਕੀਤਾ ਕਿ ਜੇ ਹਰਿਆਣਾ ਸਰਕਾਰ ਇਸ ਦੇ ਬਦਲੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇ ਰਹੀ ਹੈ, ਤਾਂ ਫੇਰ ਵਿਧਾਨ ਸਭਾ ਪੰਚਕੂਲਾ ਵਿੱਚ ਕਿਉਂ ਨਹੀਂ ਬਣ ਰਹੀ?